ਪਰਾਲੀ ਨੂੰ ਅੱਗ ਲਗਾਈ ਤਾਂ ਸਿੱਧੀ ਹੋਵੇਗੀ FIR, ਗੁਰਦਾਸਪੁਰ ਪ੍ਰਸ਼ਾਸਨ ਹੋਇਆ ਸਖ਼ਤ

Friday, Oct 09, 2026 - 03:08 AM (IST)

ਪਰਾਲੀ ਨੂੰ ਅੱਗ ਲਗਾਈ ਤਾਂ ਸਿੱਧੀ ਹੋਵੇਗੀ FIR, ਗੁਰਦਾਸਪੁਰ ਪ੍ਰਸ਼ਾਸਨ ਹੋਇਆ ਸਖ਼ਤ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਦੇ ਬਾਵਜੂਦ ਖੇਤਾਂ ਵਿੱਚ ਅੱਗ ਲਗਾਉਣ ਵਾਲੇ ਕਿਸਾਨਾਂ ਖ਼ਿਲਾਫ਼ ਹੁਣ ਪ੍ਰਸ਼ਾਸਨ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕਰਨ, ਸਿਖਲਾਈ ਦੇਣ ਅਤੇ ਪਰਾਲੀ ਦੇ ਪ੍ਰਬੰਧਨ ਲਈ ਸਬਸਿਡੀ ’ਤੇ ਆਧੁਨਿਕ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਬਾਵਜੂਦ ਜੇਕਰ ਕੋਈ ਕਿਸਾਨ ਖੇਤਾਂ ਵਿੱਚ ਅੱਗ ਲਗਾਉਂਦਾ ਹੈ ਤਾਂ ਉਸ ਖ਼ਿਲਾਫ਼ ਸਬੰਧਿਤ ਧਾਰਾਵਾਂ ਅਤੇ ਨਿਯਮਾਂ ਤਹਿਤ ਐੱਫਆਈਆਰ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਡਾ. ਆਦਿੱਤਿਆ ਉੱਪਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਦਾ ਗਠਨ ਕਰਕੇ ਉਨ੍ਹਾਂ ਨੂੰ ਫੀਲਡ ਵਿੱਚ ਕਿਸਾਨਾਂ ਨਾਲ ਸੰਪਰਕ ਕਰਨ ਅਤੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਸਿਖਲਾਈ ਦਿੱਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਸਰਕਾਰ ਵੱਲੋਂ ਸਬਸਿਡੀ ’ਤੇ ਆਧੁਨਿਕ ਖੇਤੀ ਮਸ਼ੀਨਰੀ ਵੀ ਮੁਹੱਈਆ ਕਰਵਾਈ ਗਈ ਹੈ। ਜ਼ਿਲ੍ਹੇ ਵਿੱਚ ਕਰੀਬ 10 ਹਜ਼ਾਰ ਮਸ਼ੀਨਾਂ 80 ਫੀਸਦੀ ਸਬਸਿਡੀ ’ਤੇ ਮੁਹੱਈਆ ਕਰਵਾਏ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। ਇਨ੍ਹਾਂ ਮਸ਼ੀਨਾਂ ਦੀ ਮਦਦ ਨਾਲ ਕਿਸਾਨ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲਣ ਤੋਂ ਇਲਾਵਾ ਇਸ ਨੂੰ ਇਕੱਠਾ ਕਰਕੇ ਗੱਠਾਂ ਬਣਾਉਣ ਦਾ ਕੰਮ ਵੀ ਕਰ ਰਹੇ ਹਨ। ਕਈ ਕਿਸਾਨ ਆਪਣੇ ਖੇਤਾਂ ਦੇ ਨਾਲ-ਨਾਲ ਹੋਰਨਾਂ ਕਿਸਾਨਾਂ ਦੇ ਖੇਤਾਂ ਵਿੱਚੋਂ ਵੀ ਪਰਾਲੀ ਇਕੱਠੀ ਕਰਕੇ ਇਸ ਰਾਹੀਂ ਆਮਦਨ ਹਾਸਲ ਕਰ ਰਹੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਪੁਲਸ ਦੇ DIG ਦਫ਼ਤਰ ਮੂਹਰੇ ਫ਼ਾਇਰਿੰਗ! ਗੱਡੀ ਦੇ ਸ਼ੀਸ਼ੇ ਵੀ ਭੰਨ੍ਹੇ

ਸੁਪਰ ਸੀਡਰ ਵਰਗੀਆਂ ਮਸ਼ੀਨਾਂ ਦੀ ਵਰਤੋਂ ਨਾਲ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਸ ਤਰੀਕੇ ਨਾਲ ਇੱਕ ਪਾਸੇ ਪਰਾਲੀ ਨੂੰ ਅੱਗ ਲਗਾਉਣ ਦੀ ਲੋੜ ਨਹੀਂ ਰਹਿੰਦੀ, ਜਦਕਿ ਦੂਜੇ ਪਾਸੇ ਫਸਲ ਦੀ ਰਹਿੰਦ-ਖੂੰਹਦ ਖੇਤ ਦੀ ਮਿੱਟੀ ਵਿੱਚ ਮਿਲਣ ਨਾਲ ਮਿੱਟੀ ਦੀ ਗੁਣਵੱਤਾ ਅਤੇ ਬਣਤਰ ਨੂੰ ਸੁਧਾਰਨ ਵਿੱਚ ਵੀ ਮਦਦ ਮਿਲਦੀ ਹੈ। ਇਸ ਨਾਲ ਖੇਤੀ ਦੀ ਲਾਗਤ ਘਟਾਉਣ ਦੇ ਨਾਲ-ਨਾਲ ਖਾਦਾਂ ਅਤੇ ਹੋਰ ਖੇਤੀ ਲਾਗਤਾਂ ਵਿੱਚ ਵੀ ਬੱਚਤ ਹੋ ਸਕਦੀ ਹੈ। ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਰੋਕਣ ਲਈ ਜ਼ਿਲ੍ਹੇ ਦੇ ਲਗਭਗ ਹਰੇਕ ਪਿੰਡ ਵਿੱਚ ਨੋਡਲ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ। ਇਹ ਅਧਿਕਾਰੀ ਕਿਸਾਨਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਉਪਲਬਧ ਮਸ਼ੀਨਰੀ ਅਤੇ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦੇ ਰਹੇ ਹਨ। ਇਸ ਦੇ ਬਾਵਜੂਦ ਜੇਕਰ ਕੋਈ ਕਿਸਾਨ ਖੇਤ ਵਿੱਚ ਅੱਗ ਲਗਾਉਂਦਾ ਹੈ ਤਾਂ ਹੁਣ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਇਸ ਸਾਲ ਕਰੀਬ 1.70 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਹੋਈ ਹੈ, ਜਿਸ ਕਾਰਨ ਵੱਡੀ ਮਾਤਰਾ ਵਿੱਚ ਪਰਾਲੀ ਪੈਦਾ ਹੋਣੀ ਹੈ। ਪਿਛਲੇ ਸਾਲ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ 86 ਘਟਨਾਵਾਂ ਦਰਜ ਹੋਈਆਂ ਸਨ, ਜੋ 69 ਪਿੰਡਾਂ ਨਾਲ ਸਬੰਧਿਤ ਸਨ। ਇਨ੍ਹਾਂ ਤਜਰਬਿਆਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਇਸ ਵਾਰ ਪਹਿਲਾਂ ਹੀ ਵਿਆਪਕ ਪੱਧਰ ’ਤੇ ਜਾਗਰੂਕਤਾ ਅਤੇ ਨਿਗਰਾਨੀ ਦਾ ਪ੍ਰਬੰਧ ਕੀਤਾ ਗਿਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਮਿੱਟੀ ਦੀ ਸਿਹਤ ਪ੍ਰਭਾਵਿਤ ਹੁੰਦੀ ਹੈ, ਉੱਥੇ ਵਾਤਾਵਰਣ ਨੂੰ ਵੀ ਨੁਕਸਾਨ ਪਹੁੰਚਦਾ ਹੈ। ਖੇਤਾਂ ਵਿੱਚੋਂ ਉੱਠਦਾ ਧੂੰਆਂ ਸੜਕਾਂ ’ਤੇ ਵਿਜ਼ੀਬਿਲਟੀ ਘਟਾਉਣ ਕਾਰਨ ਸੜਕ ਹਾਦਸਿਆਂ ਦਾ ਕਾਰਨ ਬਣ ਸਕਦਾ ਹੈ ਅਤੇ ਅੱਗ ਨਾਲ ਹੋਰ ਜਾਨੀ-ਮਾਲੀ ਨੁਕਸਾਨ ਹੋਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਇਸ ਲਈ ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧਨ ਵਿਗਿਆਨਕ ਤਰੀਕੇ ਨਾਲ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : UPI Payment ਨੂੰ ਲੈ ਕੇ ਵਪਾਰੀਆਂ 'ਚ ਵਧਿਆ ਵਿਰੋਧ, ਕਿਹਾ-MDR ਲ਼ੱਗਾ ਤਾਂ...

ਡਿਪਟੀ ਕਮਿਸ਼ਨਰ ਡਾ. ਆਦਿੱਤਿਆ ਉੱਪਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸੂਰਤ ਵਿੱਚ ਖੇਤਾਂ ਵਿੱਚ ਪਰਾਲੀ ਜਾਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਈ ਸੂਝਵਾਨ ਕਿਸਾਨ ਪਹਿਲਾਂ ਹੀ ਪਰਾਲੀ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਕੇ ਮਿਸਾਲਾਂ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਅਜੇ ਤੱਕ ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਨਹੀਂ ਅਪਣਾ ਰਹੇ, ਉਹ ਵੀ ਉਪਲਬਧ ਮਸ਼ੀਨਰੀ ਦਾ ਲਾਭ ਲੈਣ ਅਤੇ ਪਰਾਲੀ ਨੂੰ ਖੇਤ ਵਿੱਚ ਹੀ ਨਿਪਟਾਉਣ ਜਾਂ ਇਕੱਠੀ ਕਰਕੇ ਇਸ ਦੀਆਂ ਗੱਠਾਂ ਬਣਾਉਣ ਨੂੰ ਤਰਜੀਹ ਦੇਣ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਬਾਅਦ ਹੁਣ ਖੇਤਾਂ ਵਿੱਚ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਪਰਚਾ ਦਰਜ ਕੀਤਾ ਜਾਏਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News