ਸਿੱਖਿਆ ਵਿਭਾਗ ਦੇ ਡਾਇਰੈਕਟਰ ਵੱਲੋਂ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ
Friday, Mar 02, 2018 - 06:09 AM (IST)

ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ, (ਸੁਖਪਾਲ, ਪਵਨ)- ਇਸ ਵਾਰ ਸਿੱਖਿਆ ਵਿਭਾਗ ਬੋਰਡ ਦੀਆਂ ਪ੍ਰੀਖਿਆਵਾਂ ਦੌਰਾਨ ਨਕਲ ਨੂੰ ਰੋਕਣ ਲਈ ਪੂਰਾ ਸਖਤ ਰੁੱਖ ਅਖਤਿਆਰ ਕਰ ਰਿਹਾ ਹੈ। ਜ਼ਿਲਾ ਸ੍ਰੀ ਮੁਕਤਸਰ ਸਾਹਿਬ ਅਧੀਨ 10+2 ਦੀ ਪ੍ਰੀਖਿਆ ਲੈਣ ਲਈ ਬਣਾਏ ਗਏ ਵੱਖ-ਵੱਖ ਸੈਂਟਰਾਂ ਵਿਚ ਜਿੱਥੇ ਵਿਸ਼ੇਸ਼ ਉਡਣ ਦਸਤਿਆਂ ਵੱਲੋਂ ਟੀਮਾਂ ਬਣਾ ਕੇ ਚੈਕਿੰਗ ਕੀਤੀ ਜਾ ਰਹੀ ਹੈ, ਉਥੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਅਤੇ ਐੱਸ. ਈ. ਆਰ. ਟੀ. ਦੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਖੁਦ ਆ ਕੇ ਪ੍ਰੀਖਿਆ ਕੇਂਦਰਾਂ ਨੂੰ ਚੈੱਕ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ।ਜਾਣਕਾਰੀ ਅਨੁਸਾਰ ਇੰਦਰਜੀਤ ਸਿੰਘ ਨੇ ਪਿੰਡ ਸਰਾਏਨਾਗਾ , ਮੰਡੀ ਬਰੀਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਸ੍ਰੀ ਮੁਕਤਸਰ ਸਾਹਿਬ ਅਤੇ ਲੜਕੀਆ ਦੇ ਸੀਨੀਅਰ ਸੈਕੰਡਰੀ ਸਕੂਲ ਵਿਚ ਜਾ ਕੇ ਚੈਕਿੰਗ ਕੀਤੀ ਪਰ ਉਕਤ ਸਾਰੇ ਥਾਵਾਂ 'ਤੇ ਸਭ ਕੁਝ ਠੀਕ ਪਾਇਆ ਗਿਆ।
ਬਾਅਦ ਵਿਚ ਜ਼ਿਲਾ ਸਿੱਖਿਆ ਦਫ਼ਤਰ ਵਿਖੇ ਪੁੱਜ ਕੇ ਡਾਇਰੈਕਟਰ ਨੇ ਜ਼ਿਲਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਗੋਨਿਆਣਾ ਨਾਲ ਮੀਟਿੰਗ ਕੀਤੀ ਅਤੇ ਜ਼ਿਲੇ ਵਿਚ ਚੱਲ ਰਹੇ ਸਿੱਖਿਆ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਸੈਂਟਰਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ।