ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੱਕ 200 ਲੋਕਾਂ ਨੂੰ ਸੁਰੱਖਿਅਤ ਕੱਢਿਆ : ਡਿਪਟੀ ਕਮਿਸ਼ਨਰ

07/12/2023 1:00:09 PM

ਜਲੰਧਰ (ਬਿਊਰੋ) :  ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੱਕ ਬਚਾਅ ਕਾਰਜਾਂ ਦੌਰਾਨ ਲਗਭਗ 200 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੈ ਅਤੇ ਇਨ੍ਹਾਂ ਸਾਰੇ ਲੋਕਾਂ ਨੂੰ ਰਾਹਤ ਕੈਂਪਾਂ ’ਚ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਸਮੂਹ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ, ਜਿਸ ਅਧੀਨ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੁਰੱਖਿਅਤ ਕੱਢੇ ਗਏ ਲੋਕਾਂ ਨੂੰ ਰਾਹਤ ਕੈਂਪਾਂ ’ਚ ਹਰ ਤਰ੍ਹਾਂ ਦੀਆਂ ਸਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਫਿਲਹਾਲ ਸਥਿਤੀ ਕਾਬੂ ਹੇਠ ਹੈ ਅਤੇ ਹੜ੍ਹ ਵਰਗੇ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰੀ ਕੀਤੀ ਜਾ ਰਹੀ ਹੈ।

PunjabKesari

ਉਨ੍ਹਾਂ ਦੱਸਿਆ ਕਿ ਨਕੋਦਰ, ਫਿਲੌਰ, ਸ਼ਾਹਕੋਟ ਅਤੇ ਲੋਹੀਆਂ ਬਲਾਕ ਵਿੱਚ ਹੜ੍ਹ-ਸੰਵੇਦਨਸ਼ੀਲ ਇਲਾਕਿਆਂ ’ਚ ਮਿੱਟੀ ਤੇ ਰੇਤ ਦੀਆਂ ਹਜ਼ਾਰਾਂ ਬੋਰੀਆਂ ਭਰਵਾ ਕੇ ਰੱਖੀਆਂ ਗਈਆਂ ਹਨ ਤਾਂ ਜੋ ਲੋੜ ਪੈਣ ’ਤੇ ਮਿੱਟੀ ਦੇ ਕਟਾਅ ਨੂੰ ਰੋਕਣ ਲਈ ਇਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਤਬਾਹੀ ਦਾ ਮੰਜ਼ਰ : ਟ੍ਰਾਈਸਿਟੀ ਵਿਚ ਹਾਹਾਕਾਰ, ਚਾਰੇ ਪਾਸੇ ਪਾਣੀ ਹੀ ਪਾਣੀ, ਸੜਕਾਂ ’ਤੇ ਟੁੱਟੇ ਦਰੱਖਤ

ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਮੈਡੀਕਲ ਟੀਮਾਂ ਵੱਲੋਂ ਵੀ ਪ੍ਰਭਾਵਿਤ ਇਲਾਕਿਆਂ ’ਚ ਲੋਕਾਂ ਨੂੰ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਾਰਾ ਪ੍ਰਸ਼ਾਸਨ ਮਿਲ ਕੇ ਰਾਹਤ ਕਾਰਜਾਂ ’ਚ ਡਟਿਆ ਹੋਇਆ ਅਤੇ ਸਥਿਤੀ ’ਤੇ ਦਿਨ-ਰਾਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾਲ ਨਿਪਟਣ ਲਈ ਐੱਨ. ਡੀ. ਆਰ. ਐੇੱਫ. ਦੀਆਂ ਟੀਮਾਂ ਤੋਂ ਇਲਾਵਾ ਆਰਮੀ ਅਤੇ ਐੱਸ. ਡੀ. ਆਰ. ਐੱਫ. ਦੀਆਂ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪਟਿਆਲਾ ’ਚ ਝੰਬੋ ਚੋਅ ਨੇ ਮਚਾਈ ਤਬਾਹੀ, ਹਜ਼ਾਰਾਂ ਏਕੜ ਝੋਨੇ ਦੀ ਫਸਲ ਡੁੱਬੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News