ਜ਼ਿਲਾ ਕਾਂਗਰਸ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ
Sunday, Aug 06, 2017 - 07:24 AM (IST)
ਜਲੰਧਰ, (ਚੋਪੜਾ)- ਜ਼ਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਵਰਕਰਾਂ ਨੇ ਦਲਜੀਤ ਆਹਲੂਵਾਲੀਆ ਦੀ ਅਗਵਾਈ ਵਿਚ ਰਾਹੁਲ ਗਾਂਧੀ ਦੇ ਕਾਫਿਲੇ 'ਤੇ ਹੋਏ ਹਮਲੇ ਦੇ ਵਿਰੋਧ ਵਿਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਨਰਿੰਦਰ ਮੋਦੀ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਮੋਦੀ ਦਾ ਪੁਤਲਾ ਤੇ ਭਾਜਪਾ ਦਾ ਝੰਡਾ ਵੀ ਫੂਕਿਆ ਗਿਆ। ਆਹਲੂਵਾਲੀਆ ਨੇ ਕਿਹਾ ਕਿ ਗੁਜਰਾਤ ਵਿਚ ਹੜ੍ਹ-ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਪ੍ਰਭਾਵਿਤ ਲੋਕਾਂ ਨੂੰ ਮਿਲਣ ਜਾ ਰਹੇ ਰਾਹੁਲ ਗਾਂਧੀ 'ਤੇ ਹਮਲਾ ਕਰਕੇ ਭਾਜਪਾ ਆਗੂਆਂ ਨੇ ਲੋਕਤੰਤਰ ਦੀ ਹੱਤਿਆ ਕੀਤੀ ਹੈ। ਕਾਂਗਰਸ ਪਾਰਟੀ ਅਜਿਹੀ ਗੁੰਡਾਗਰਦੀ ਦਾ ਸਖਤ ਵਿਰੋਧ ਕਰਦੀ ਹੈ ਤੇ ਅਜਿਹੀਆਂ ਭੜਕਾਊ ਗਤੀਵਿਧੀਆਂ ਨੂੰ ਕਦੀ ਬਰਦਾਸ਼ਤ ਨਹੀਂ ਕਰੇਗੀ। ਸੂਬਾ ਕਾਂਗਰਸ ਦੇ ਜਨਰਲ ਸਕੱਤਰਾਂ ਰਾਜਿੰਦਰ ਪਾਲ ਸਿੰਘ ਰਾਣਾ ਰੰਧਾਵਾ ਤੇ ਸਤਨਾਮ ਬਿੱਟਾ ਨੇ ਕਿਹਾ ਕਿ ਗਾਂਧੀ ਪਰਿਵਾਰ ਦਾ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਹੋਇਆ ਹੈ। ਅਜਿਹੇ ਪਰਿਵਾਰ 'ਤੇ ਅਚਾਨਕ ਹਮਲਾ ਉਨ੍ਹਾਂ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਗੁਜਰਾਤ ਸਰਕਾਰ ਦੇ ਪ੍ਰਬੰਧਾਂ ਦੀ ਪੋਲ ਖੋਲ੍ਹਦਾ ਹੈ।
