ਜ਼ਿਲਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ

Wednesday, Oct 25, 2017 - 11:51 AM (IST)

ਜ਼ਿਲਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ(ਘੁੰਮਣ)— ਜ਼ਿਲਾ ਮੈਜਿਸਟਰੇਟ ਵਿਪੁਲ ਉੱਜਵਲ ਨੇ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਮ ਜਨਤਾ ਨੂੰ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ 'ਤੇ ਜਾਂ ਜਨਤਕ ਥਾਵਾਂ 'ਤੇ ਨਾ ਚਰਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਵਿਚ ਉਨ੍ਹਾਂ ਦੱਸਿਆ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ 'ਤੇ ਚਰਾਉਂਦੇ ਹਨ, ਅਜਿਹਾ ਕਰਨ ਨਾਲ ਸੜਕਾਂ ਉੱਤੇ ਹਾਦਸੇ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਜੋ ਜ਼ਿਲੇ ਵਿਚ ਬੂਟੇ ਲਾਏ ਜਾਂਦੇ ਹਨ, ਉਨ੍ਹਾਂ ਨੂੰ ਵੀ ਪਸ਼ੂ ਨੁਕਸਾਨ ਪਹੁੰਚਾਉਂਦੇ ਹਨ।
ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨੇ ਧਾਰਾ 144 ਸੀ. ਆਰ. ਪੀ. ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਕ ਹੋਰ ਹੁਕਮ ਜਾਰੀਕੀਤਾ ਹੈ, ਜਿਸ ਅਨੁਸਾਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਅਤੇ 18-ਅਸਲਾ ਡਿਪੂ, ਉੱਚੀ ਬੱਸੀ ਦੀ ਚਾਰਦੀਵਾਰੀ ਦੇ ਇਕ ਹਜ਼ਾਰ ਯਾਰਡ (914 ਮੀਟਰ) ਗਜ਼ ਦੇ ਘੇਰੇ ਅੰਦਰ ਆਮ ਲੋਕਾਂ ਦੇ ਕਿਸੇ ਵੀ ਤਰ੍ਹਾਂ ਦੀ ਉਸਾਰੀ (ਸਿਵਾਏ ਸਰਕਾਰੀ ਉਸਾਰੀ) ਕਰਨ 'ਤੇ ਪੂਰਨ ਤੌਰ 'ਤੇ ਰੋਕ ਲਾ ਦਿੱਤੀ ਗਈ ਹੈ। ਇਹ ਦੋਵੇਂ ਹੁਕਮ 16 ਦਸੰਬਰ 2017 ਤੱਕ ਸਖਤੀ ਨਾਲ ਲਾਗੂ ਰਹਿਣਗੇ।


Related News