ਜ਼ਿਲਾ ਮੈਜਿਸਟਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

12/05/2017 2:27:41 PM

ਹੁਸ਼ਿਆਰਪੁਰ (ਘੁੰਮਣ)— ਜ਼ਿਲਾ ਮੈਜਿਸਟਰੇਟ ਹੁਸ਼ਿਆਰਪੁਰ ਵੱਲੋਂ ਦੋ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਪਹਿਲੇ ਹੁਕਮ ਸਬੰਧੀ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ ਪਿੰਡਾਂ ਵਿਚ ਗਲੀਆਂ/ਰਸਤਿਆਂ ਵਿਚ ਨਾਜਾਇਜ਼ ਬੋਰ ਕਰਨ 'ਤੇ ਪਾਬੰਦੀ ਹੋਵੇਗੀ। ਨਾਜਾਇਜ਼ ਬੋਰ ਕਰਨ 'ਤੇ ਲੱਖਾਂ ਰੁਪਏ ਖਰਚ ਕੇ ਜੋ ਗਲੀਆਂ-ਨਾਲੀਆਂ ਬਣਾਈਆਂ ਜਾਂਦੀਆਂ ਹਨ, ਨੂੰ ਨੁਕਸਾਨ ਪਹੁੰਚਦਾ ਹੈ, ਜੋ ਕਿ ਜਨਤਕ ਹਿੱਤ ਦੇ ਵਿਰੁੱਧ ਹੈ। ਇਸ ਨਾਲ ਅਮਨ-ਸ਼ਾਂਤੀ ਭੰਗ ਹੋਣ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਵਿਅਕਤੀ ਆਪਣੀ ਹੀ ਮਾਲਕੀ ਵਾਲੀ ਜ਼ਮੀਨ ਵਿਚ ਬੋਰ ਕਰਵਾ ਸਕਦੇ ਹਨ। 
ਦੂਜੇ ਹੁਕਮ ਵਿਚ ਜ਼ਿਲਾ ਮੈਜਿਸਟਰੇਟ ਵੱਲੋਂ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ 'ਤੇ ਜਨਤਕ ਹਿੱਤ ਵਿਚ ਪਾਬੰਦੀ ਲਾ ਦਿੱਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਹੁੱਕਾ ਬਾਰਾਂ ਰਾਹੀਂ ਤੰਬਾਕੂ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਨਾਲ ਮਨੁੱਖੀ ਸਰੀਰ ਨੂੰ ਘਾਤਕ ਬੀਮਾਰੀਆਂ ਲੱਗਦੀਆਂ ਹਨ ਅਤੇ ਸਮਾਜ 'ਤੇ ਵੀ ਮਾੜਾ ਅਸਰ ਪੈਂਦਾ ਹੈ, ਇਸ ਲਈ ਇਸ 'ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ। ਇਹ ਦੋਵੇਂ ਹੁਕਮ 1 ਫਰਵਰੀ 2018 ਤੱਕ ਲਾਗੂ ਰਹਿਣਗੇ।


Related News