ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ''ਤੇ ਪਾਬੰਦੀ
Wednesday, Feb 07, 2018 - 12:26 AM (IST)
ਫਾਜ਼ਿਲਕਾ(ਨਾਗਪਾਲ, ਲੀਲਾਧਰ)—ਜ਼ਿਲਾ ਮੈਜਿਸਟ੍ਰੇਟ ਫਾਜ਼ਿਲਕਾ ਈਸ਼ਾ ਕਾਲੀਆ ਨੇ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ 'ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ 'ਚ ਜ਼ਿਲੇ 'ਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਦੇ ਮੱਦੇਨਜ਼ਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਜਨਤਕ ਥਾਵਾਂ 'ਤੇ ਮੀਟਿੰਗਾਂ ਕਰਨ, ਨਾਅਰੇ ਲਾਉਣ, ਜਲੂਸ ਕੱਢਣ ਅਤੇ ਭੜਕਾਊ ਪ੍ਰਚਾਰ ਕਰਨ ਅਤੇ ਜਨਤਕ ਥਾਵਾਂ 'ਤੇ ਉਤੇਜਿਕ ਸ਼ਬਦ ਇਸਤੇਮਾਲ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨੇ ਅਤੇ ਹੜਤਾਲਾਂ ਕਰਨ ਨਾਲ ਆਵਾਜਾਈ 'ਚ ਵਿਘਨ ਪੈਂਦਾ ਹੈ ਅਤੇ ਆਮ ਜਨਜੀਵਨ ਅਸਤ-ਵਿਅਸਤ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ।
ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਸ, ਫੌਜ ਦੇ ਜਵਾਨਾਂ ਅਤੇ ਵਿਆਹ-ਸ਼ਾਦੀਆਂ ਅਤੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਜਲੂਸ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪੱਸ਼ਟ ਪ੍ਰਵਾਨਗੀ ਜ਼ਿਲਾ ਮੈਜਿਸਟ੍ਰੇਟ/ਉਪ ਮੰਡਲ ਮੈਜਿਸਟ੍ਰੇਟ ਤੋਂ ਲਈ ਹੋਵੇ, 'ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 4 ਮਾਰਚ 2018 (ਰਾਤ 12 ਵਜੇ) ਤੱਕ ਲਾਗੂ ਰਹਿਣਗੇ।
