ਜ਼ਿਲਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
Tuesday, Feb 13, 2018 - 11:31 AM (IST)

ਫਿਰੋਜ਼ਪੁਰ (ਕੁਮਾਰ, ਮਨਦੀਪ, ਸੋਨੂੰ, ਪਰਮਜੀਤ, ਸ਼ੈਰੀ, ਮਲਹੋਤਰਾ, ਕੁਲਦੀਪ)—ਜ਼ਿਲਾ ਮੈਜਿਸਟ੍ਰੇਟ ਰਾਮਵੀਰ ਨੇ ਜ਼ਿਲੇ 'ਚ ਸੀਮਨ ਦਾ ਅਣ-ਅਧਿਕਾਰਤ ਤੌਰ 'ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਲਾਈ ਹੈ। ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਅਣ-ਅਧਿਕਾਰਤ ਤੌਰ 'ਤੇ ਵੇਚੇ ਜਾਂ ਖਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਸਹੀ ਨਹੀਂ ਹੈ ਤੇ ਪਸ਼ੂ ਧਨ ਦੀ ਨਸਲ ਖ਼ਰਾਬ ਹੋਣ ਦਾ ਖ਼ਦਸ਼ਾ ਹੈ। ਇਹ ਹੁਕਮ ਆਰਟੀਫ਼ੀਸ਼ਲ ਇਨਸੈਮੀਨੇਸ਼ਨ ਸੈਂਟਰਾਂ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇਨਪੋਰਟ ਕੀਤੇ ਜਾ ਰਹੇ ਬੋਵਾਇਨ ਸੀਮਨ ਨੂੰ ਵਰਤ ਰਹੇ ਹੋਣ, ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਸਿਰਫ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇਨਪੋਰਟ ਕੀਤਾ ਹੋਵੇ, ਆਦਿ 'ਤੇ ਲਾਗੂ ਨਹੀਂ ਹੋਵੇਗਾ।
ਜ਼ਿਲਾ ਮੈਜਿਸਟ੍ਰੇਟ ਨੇ ਬਾਰਡਰ ਇਲਾਕੇ ਵਿਚ ਪੈਂਦੇ ਦਰਿਆ 'ਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 7 ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ 'ਤੇ ਪੂਰਨ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਦੀ ਹਦੂਦ ਅੰਦਰ ਪੈਂਦੇ ਦਰਿਆਵਾਂ 'ਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਪਾਕਿਸਤਾਨ ਪਾਸੋਂ ਡਰੱਗ ਸਮੱਗਲਿੰਗ ਕਰਨ ਲਈ ਕਿਸ਼ਤੀਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ।