ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਲਾਗੂ

Tuesday, Jun 10, 2025 - 10:52 AM (IST)

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਲਾਗੂ

ਮਾਨਸਾ (ਜੱਸਲ) : ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਅਮਨ ਕਾਨੂੰਨ ਕਾਇਮ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਾਉਣ, ਭੜਕਾਊ ਪ੍ਰਚਾਰ ਕਰਨ, ਗੰਡਾਸੇ, ਤੇਜ਼ਧਾਰ ਟਕੁਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ/ਅਸਲਾ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮ 'ਚ ਕਿਹਾ ਗਿਆ ਹੈ ਕਿ ਵੇਖਣ 'ਚ ਆਇਆ ਹੈ ਕਿ ਵੱਖ-ਵੱਖ ਜੱਥੇਬੰਦੀਆਂ ਜਾਂ ਆਮ ਵਿਅਕਤੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਜਾਂਦਾ ਹੈ, ਤਾਂ ਇਸ ਨਾਲ ਆਵਾਜਾਈ ਵਿਚ ਵਿਘਨ ਪੈਣ ਅਤੇ ਆਮ ਜਨ ਜੀਵਨ ਅਸਤ ਵਿਅਸਤ ਹੋਣ ਦਾ ਡਰ ਰਹਿੰਦਾ ਹੈ। ਇਸ ਤਰ੍ਹਾਂ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈ। ਇਹ ਹੁਕਮ 31 ਜੁਲਾਈ 2025 ਤੱਕ ਲਾਗੂ ਰਹੇਗਾ।
ਜ਼ਿਲ੍ਹੇ 'ਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾਂ ਆਦਿ ’ਤੇ ਹੁੱਕਾ ਪੀਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਾਈ ਹੈ। ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਤੰਬਾਕੂ ਕੰਟਰੋਲ ਸੈੱਲ ਪੰਜਾਬ) ਦੇ ਪੱਤਰ ਰਾਹੀਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਆਮ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰਾਂ ’ਤੇ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਜ਼ਰੂਰੀ ਹੈ। ਇਹ ਹੁਕਮ 31 ਜੁਲਾਈ, 2025 ਤੱਕ ਲਾਗੂ ਰਹਿਣਗੇ।


author

Babita

Content Editor

Related News