ਫਿਰੋਜ਼ਪੁਰ ''ਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਾਈਆਂ ਸਖ਼ਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ

Tuesday, Oct 07, 2025 - 11:05 AM (IST)

ਫਿਰੋਜ਼ਪੁਰ ''ਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਾਈਆਂ ਸਖ਼ਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ

ਫਿਰੋਜ਼ਪੁਰ (ਕੁਮਾਰ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਸਰੀਨ ਨੇ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਨਿਰੋਈ ਸਿਹਤ ਵਾਲੇ ਵਿਅਕਤੀ ਰੂਰਲ ਅਤੇ ਗ੍ਰਾਮੀਣ ਬੈਂਕਾਂ, ਡਾਕਖਾਨੇ ਅਤੇ ਛੋਟੇ ਡਾਕਘਰਾਂ, ਰੇਲਵੇ ਸਟੇਸ਼ਨ, ਸਰਕਾਰੀ ਦਫ਼ਤਰਾਂ, ਇੰਸਟੀਚਿਊਟਾਂ, ਨਹਿਰਾਂ ਦੇ ਕੰਢੇ, ਸਤਲੁਜ ਦਰਿਆ ਦੇ ਪੁਲਾਂ ਅਤੇ ਖ਼ਾਸ ਤੌਰ 'ਤੇ ਬਿਜਲੀ ਬੋਰਡ ਦੇ ਗਰਿੱਡਾਂ, ਸਬ-ਸਟੇਸ਼ਨਾਂ, ਟਰਾਂਸਮਿਸ਼ਨ ਲਾਈਨਾਂ, ਟਰਾਂਸਫਾਰਮਰਾਂ ਅਤੇ ਬਿਜਲੀ ਦੇ ਖੰਭਿਆਂ ਨੂੰ ਤੋੜ-ਫੋੜ ਤੋਂ ਬਚਾਉਣ ਲਈ 24 ਘੰਟੇ ਗਸ਼ਤ/ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾ ਨੇ ਜ਼ਿਲ੍ਹੇ 'ਚ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਕਿਆਂ ਨੂੰ ਚਲਾਉਣ, ਢੋਲ, ਡਰੱਮ ਅਤੇ ਹੋਰ ਕਿਸੇ ਤਰ੍ਹਾਂ ਦੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ 'ਤੇ ਅਤੇ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ 'ਚ ਕਿਸੇ ਤਰ੍ਹਾਂ ਦੇ ਹਾਰਨ ਵਜਾਉਣ 'ਤੇ ਪਾਬੰਦੀ ਲਗਾਈ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 3 ਘੰਟੇ ਭਾਰੀ! ਤੂਫ਼ਾਨ ਨਾਲ ਭਾਰੀ ਮੀਂਹ ਦੀ ਚਿਤਾਵਨੀ, ਸਾਵਧਾਨ ਰਹਿਣ ਲੋਕ

ਉਨ੍ਹਾਂ ਦੱਸਿਆ ਕਿ ਕਿਸੇ ਵੀ ਥਾਂ 'ਤੇ ਚਲਾਏ ਜਾ ਰਹੇ ਲਾਊਡ ਸਪੀਕਰ, ਪਬਲਿਕ ਐਡਰੈੱਸ ਸਿਸਟਮ ਆਦਿ ਦੀ ਆਵਾਜ਼ ਸੀਮਾ 10 ਡੀ.ਬੀ. (ਏ) ਅਤੇ 75 ਡੀ.ਬੀ. (ਏ) (ਸਬੰਧਿਤ ਜਗ੍ਹਾ ਦੇ ਆਵਾਜ਼ੀ ਸਟੈਂਡਰਡ ਅਨੁਸਾਰ) ਤੋਂ ਵੱਧ ਨਹੀ ਹੋਵੇਗੀ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਫਿਰੋਜ਼ਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰ ਚਲਾਉਣ 'ਤੇ ਅਤੇ ਜਿੱਥੇ ਫ਼ੌਜ ਵੱਲੋਂ ਅਸਲਾ ਜਮ੍ਹਾਂ ਕੀਤਾ ਗਿਆ ਹੈ, ਉਸ ਦੇ 1000 ਮੀਟਰ ਦੇ ਦਾਇਰੇ ਅੰਦਰ ਫ਼ਸਲਾਂ ਦੇ ਨਾੜ ਨੂੰ ਅੱਗ ਲਾਉਣ ਅਤੇ ਉਸਾਰੀ ਕਰਨ 'ਤੇ ਰੋਕ ਲਗਾਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡਾਂ/ਸ਼ਹਿਰਾਂ ਵਿੱਚ ਚਲ ਰਹੇ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਅਤੇ ਸਿਨੇਮਾ ਆਦਿ ਨੂੰ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਦਸਤਾਵੇਜ਼ ਇਸ ਹੁਕਮ ਦੇ ਜਾਰੀ ਹੋਣ ਤੋਂ 15 ਦਿਨਾਂ ਦੇ ਅੰਦਰ-ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਜਿਹੜੇ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਅਤੇ ਸਿਨੇਮਾ ਆਦਿ ਨਵੇਂ ਬਣ ਰਹੇ ਹਨ, ਉਹ ਫੌਰੀ ਤੌਰ ਉਤੇ 15 ਦਿਨਾਂ ਦੇ ਅੰਦਰ-ਅੰਦਰ ਇਸ ਸਬੰਧੀ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਮਕਾਨ ਮਾਲਕਾਂ ਨੂੰ ਆਪਣੇ ਘਰਾਂ ਵਿੱਚ ਬਿਠਾਏ ਕਿਰਾਏਦਾਰ ਦੇ ਨਾਂ ਅਤੇ ਪਤੇ ਦੀ ਸੂਚਨਾ ਆਪਣੇ ਨਜ਼ਦੀਕੀ ਥਾਣੇ/ਪੁਲਸ ਚੌਂਕੀ ਵਿੱਚ ਤੁਰੰਤ ਦਰਜ ਕਰਾਉਣ ਦੇ ਹੁਕਮ ਦਿੱਤੇ ਹਨ ਤੇ ਇਸਦੇ ਨਾਲ ਹੀ ਕਾਰਖਾਨੇਦਾਰ, ਵਪਾਰੀ ਜਾਂ ਕਿਸਾਨ ਜਿਹੜੇ ਆਪਣੇ ਕਾਰੋਬਾਰ ਨੂੰ ਚਲਾਉਣ ਲਈ ਪ੍ਰਵਾਸੀ ਮਜ਼ਦੂਰਾਂ ਨੂੰ ਰੋਜਗਾਰ ਦਿੰਦੇ ਹਨ ਜਾਂ ਆਪਣੇ ਘਰੇਲੂ ਕੰਮਾਂ ਵਿੱਚ ਨੌਕਰੀ ਦਿੰਦੇ ਹਨ, ਪਿੰਡ ਦੇ ਸਰਪੰਚ ਇਸ ਸਬੰਧੀ ਪਹਿਲਾਂ ਤੋਂ ਭੇਜੇ ਪ੍ਰਫਾਰਮੇ ਵਿੱਚ ਪ੍ਰਵਾਸੀ ਮਜ਼ਦੂਰਾਂ ਬਾਰੇ ਸੂਚਨਾ ਇਕੱਤਰ ਕਰਕੇ, ਸਮੇਤ ਫੋਟੋਗ੍ਰਾਫਰ ਸਬੰਧਿਤ ਪੁਲਸ ਸਟੇਸ਼ਨਾਂ ਵਿੱਚ ਦੇਣਗੇ ਅਤੇ ਇਹ ਵੀ ਯਕੀਨੀ ਬਣਾਉਣਗੇ ਕਿ ਪ੍ਰਵਾਸੀ ਮਜ਼ਦੂਰਾਂ ਦੇ ਘਰ ਦੇ ਪਤੇ ਤੇ ਉਨ੍ਹਾਂ ਦੀ ਤਨਖ਼ਾਹ ਵਿੱਚੋਂ ਕੁੱਝ ਰਕਮ ਮਨੀਆਰਡਰ ਰਾਹੀਂ ਭੇਜੀ ਜਾਵੇ ਤਾਂ ਜੋ ਉਨ੍ਹਾਂ ਦੇ ਘਰ ਦੇ ਪਤੇ ਬਾਰੇ ਤਸੱਲੀ ਹੋ ਸਕੇ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 

 


author

Babita

Content Editor

Related News