ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
Monday, Feb 10, 2025 - 04:55 PM (IST)
![ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ](https://static.jagbani.com/multimedia/2025_2image_16_55_324692407ordersnew.jpg)
ਫਿਰੋਜ਼ਪੁਰ (ਕੁਮਾਰ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਨਿਧੀ ਕੁਮੁਦ ਬੰਬਾਹ ਪੀ. ਸੀ. ਐੱਸ. ਨੇ ਬਾਰਡਰ ਏਰੀਏ 'ਚ ਪੈਂਦੇ ਦਰਿਆ 'ਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ ਅਤੇ ਜੇਲ੍ਹ ਖੇਤਰ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਵਿੱਚ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਡਰੋਨ ਦੀ ਵਰਤੋਂ ਕਰਨ ਸਬੰਧੀ ਕਿਸੇ ਵਿਭਾਗ/ਆਮ ਵਿਅਕਤੀ ਵੱਲੋਂ ਯੋਗ ਪ੍ਰਣਾਲੀ ਰਾਹੀਂ ਮਨਜ਼ੂਰੀ ਪ੍ਰਾਪਤ ਕੀਤੀ ਜਾਵੇਗੀ।
ਉਨ੍ਹਾ ਨੇ ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ ਵਿੱਚ ਵੱਖ-ਵੱਖ ਸਥਾਨਾਂ 'ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ਕਰਨ ਅਤੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਉੱਪਰ ਅਤੇ ਜਨਤਕ ਥਾਵਾਂ ’ਤੇ ਛੱਡਣ ’ਤੇ ਵੀ ਪਾਬੰਦੀ ਲਗਾਈ ਹੈ। ਇਸੇ ਤਰ੍ਹਾਂ ਇੱਕ ਹੋਰ ਹੁਕਮ 'ਚ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਕੂੜਾ-ਕਰਕਟ ਆਦਿ ਖੁੱਲ੍ਹੇ 'ਚ ਅੱਗ ਲਗਾਉਣ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਦੇ ਨਾਲ ਲੱਗਦੇ ਬੀ. ਓ. ਪੀਜ਼ ਦੇ ਨੇੜਲੇ ਪਿੰਡਾਂ ਵਿੱਚ ਸ਼ਾਮ 05:00 ਵਜੇ ਤੋਂ ਬਾਅਦ 31 ਮਾਰਚ ਤੱਕ ਡੀ. ਜੇ. (ਮਿਊਜਿਕ ਸਿਸਟਮ), ਪਟਾਕੇ ਚਲਾਉਣ ਅਤੇ ਲੇਜਰ ਲਾਈਟਾਂ ਦਾ ਇਸਤੇਮਾਲ ਕਰਨ 'ਤੇ ਪੂਰਨ ਤੌਰ ’ਤੇ ਰੋਕ ਲਗਾਈ ਹੈ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।