ਪੰਜਾਬ ਦੇ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਦੀਵਾਲੀ ਦਾ ਤੋਹਫ਼ਾ, CM ਚੰਨੀ ਨੇ ਕੀਤਾ ਇਹ ਐਲਾਨ
Wednesday, Nov 03, 2021 - 03:26 PM (IST)
ਚੰਡੀਗੜ੍ਹ : ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਉਸਾਰੀ ਕਿਰਤੀਆਂ ਦੀ ਰੋਜ਼ੀ-ਰੋਟੀ ਨੂੰ ਪਹੁੰਚੇ ਨੁਕਸਾਨ ਨਾਲ ਪੈਦਾ ਹੋਈਆਂ ਦੁਸ਼ਵਾਰੀਆਂ ਘਟਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਿਰਮਾਣ ਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਿਰਤੀਆਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹਰੇਕ ਉਸਾਰੀ ਕਿਰਤੀ ਨੂੰ 3100 ਰੁਪਏ ਦੀ ਅੰਤਰਿਮ ਵਿੱਤੀ ਰਾਹਤ ਦੀ ਇਕ ਹੋਰ ਕਿਸ਼ਤ ਦਿੱਤੀ ਜਾਵੇਗੀ। ਦੀਵਾਲੀ ਦੀ ਪੂਰਵ ਸੰਧਿਆ 'ਤੇ ਆਪਣੇ ਐਲਾਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ 3100 ਰੁਪਏ ਦੀ ਇਹ ਵਿੱਤੀ ਗ੍ਰਾਂਟ ਰੌਸ਼ਨੀਆਂ ਦੇ ਤਿਉਹਾਰਾਂ ਦੇ ਮੌਕੇ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸ਼ਗਨ ਰਾਸ਼ੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਰਾਸ਼ੀ ਸਿੱਧੀ ਉਸਾਰੀ ਕਿਰਤੀਆਂ ਦੇ ਬੈਂਕ ਖ਼ਾਤਿਆਂ ਵਿਚ ਅਦਾ ਕਰ ਦਿੱਤੀ ਜਾਵੇਗੀ। ਸੂਬਾ ਭਰ ਵਿਚ ਲਗਭਗ 3.17 ਲੱਖ ਉਸਾਰੀ ਕਿਰਤੀ ਰਜਿਸਟਰਡ ਹਨ ਅਤੇ ਇਸ ਸਬੰਧੀ 90-100 ਕਰੋੜ ਰੁਪਏ ਦੀ ਰਾਸ਼ੀ ਵੰਡੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਚੰਨੀ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਸਰਪੰਚਾਂ ਅਤੇ ਕੌਂਸਲਰਾਂ ਨੂੰ ਵੱਧ ਤੋਂ ਵੱਧ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਵੀ ਕਿਹਾ ਤਾਂ ਜੋ ਉਹ ਬੋਰਡ ਵੱਲੋਂ ਸਮੇਂ-ਸਮੇਂ 'ਤੇ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ।
ਇਹ ਵੀ ਪੜ੍ਹੋ : ਮੁਹੰਮਦ ਮੁਸਤਫ਼ਾ ਨੇ ਟਵੀਟ ਕਰਕੇ ਕੀਤਾ ਖ਼ੁਲਾਸਾ, ਦੱਸਿਆ ਕਿਉਂ ਕੈਪਟਨ ਨੇ ਨਹੀਂ ਬਣਾਇਆ DGP
ਮੁੱਖ ਮੰਤਰੀ ਚੰਨੀ, ਜੋ ਬੋਰਡ ਦੇ ਚੇਅਰਮੈਨ ਵੀ ਹਨ, ਨੇ ਦੱਸਿਆ ਕਿ ਉਕਤ ਵਿੱਤੀ ਸਹਾਇਤਾ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਕਿਉਂਕਿ ਕੋਵਿਡ ਮਹਾਮਾਰੀ ਕਾਰਨ ਇਨ੍ਹਾਂ ਉਸਾਰੀ ਕਿਰਤੀਆਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋਈ। ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਯੋਗ ਅਤੇ ਕਮਜ਼ੋਰ ਵਰਗਾਂ ਦੀ ਮਦਦ ਕਰਨ ਲਈ ਵਚਨਬੱਧ ਹੈ, ਜਿਨ੍ਹਾਂ ਕੋਲ ਆਪਣਾ ਪਾਲਣ-ਪੋਸ਼ਣ ਕਰਨ ਦੇ ਸਾਧਨ ਨਹੀਂ ਹਨ।
ਇਹ ਵੀ ਪੜ੍ਹੋ : ਇਸ਼ਕ 'ਚ ਅੰਨ੍ਹੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੀਤਾ ਕਾਰਾ, ਪਤੀ 'ਤੇ ਕੁਹਾੜੀ ਨਾਲ ਕੀਤੇ ਵਾਰ
ਇਸ ਦੌਰਾਨ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਕੋਵਿਡ ਦੀ ਸਥਿਤੀ ਵਿਚ ਹੋਏ ਵਰਨਣਯੋਗ ਸੁਧਾਰ ਨਾਲ ਸੂਬਾ ਭਰ ਵਿਚ ਉਸਾਰੀ ਕਿਰਤੀਆਂ ਨੂੰ ਹੋਰ ਗਤੀ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਕਿ ਵੱਧ ਤੋਂ ਵੱਧ ਉਸਾਰੀ ਕਿਰਤੀਆਂ ਨੂੰ ਰੋਜ਼ੀ-ਰੋਟੀ ਮਿਲ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ