ਵੱਡੀ ਖ਼ਬਰ: DM ਰੰਧਾਵਾ ਦੇ ਘਰ ਦੀ ਬਿਜਲੀ ਕੱਟਣ ਵਾਲੇ ਨੌਜਵਾਨ ਦੀ ਪੁਲਸ ਹਿਰਾਸਤ ''ਚ ਮੌਤ
Wednesday, Apr 01, 2026 - 01:29 PM (IST)
ਅੰਮ੍ਰਿਤਸਰ (ਜ.ਬ.): ਪੰਜਾਬ ਪੁਲਸ ਦੀ ਹਿਰਾਸਤ ਵਿਚ ਇਕ ਮੁਲਜ਼ਮ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ ਹੈ। ਉਸ ਨੂੰ ਬੀਤੇ ਦਿਨੀਂ ਵੇਅਰਹਾਊਸ ਕਾਰਪੋਰੇਸ਼ਨ ਦੇ ਡੀ.ਐੱਮ. ਗਗਨਦੀਪ ਸਿੰਘ ਰੰਧਾਵਾ ਦੇ ਘਰ ਦੇ ਬਾਹਰੋਂ ਬਿਜਲੀ ਦੀਆਂ ਤਾਰਾਂ ਕੱਟਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।
ਜਾਣਕਾਰੀ ਮੁਤਾਬਕ, ਪਿਛਲੇ ਦਿਨੀਂ ਖ਼ੁਦਕੁਸ਼ੀ ਕਰਨ ਵਾਲੇ ਡੀ. ਐੱਮ. ਗਗਨਦੀਪ ਸਿੰਘ ਰੰਧਾਵਾ ਦੇ ਘਰ ਦੇ ਬਾਹਰ ਦੋ ਨੌਜਵਾਨਾਂ ਦੇ ਵੱਲੋਂ ਤਾਰਾਂ ਕੱਟ ਦਿੱਤੀਆਂ ਗਈਆਂ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਦੀ ਬਿਜਲੀ ਸਪਲਾਈ ਪੂਰੀ ਤਰ੍ਹਾਂ ਬੰਦ ਹੋ ਗਈ ਸੀ। ਇਸ ਮਾਮਲੇ ਵਿਚ ਰਣਜੀਤ ਐਵੇਨਿਊ ਪੁਲਸ ਨੇ ਮਾਮਲਾ ਦਰਜ ਕਰ ਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿਚੋਂ ਇਕ ਨੌਜਵਾਨ ਦੀ ਪੁਲਸ ਹਿਰਾਸਤ ਵਿਚ ਮੌਤ ਹੋ ਗਈ ਹੈ।
ਇਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵੱਲੋਂ ਪੰਜਾਬ ਪੁਲਸ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ ਹਨ ਕਿ ਆਖਿਰਕਾਰ ਇਸ ਨੌਜਵਾਨ ਨੂੰ ਇਸ ਤਰ੍ਹਾਂ ਮਾਰਿਆ ਕਿਉਂ ਗਿਆ ਹੈ। ਫ਼ਿਲਹਾਲ ਇਸ ਮਾਮਲੇ ਵਿਚ ਪੁਲਸ ਦੇ ਕਿਸੇ ਵੀ ਅਫ਼ਸਰ ਦਾ ਬਿਆਨ ਸਾਹਮਣੇ ਨਹੀਂ ਆਇਆ। ਮਾਮਲੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
