ਕੋਵਿਡ ਦੀ ਦੂਜੀ ਖ਼ਤਰਨਾਕ ਲਹਿਰ ਨੂੰ ਹਰਾਉਣ ਲਈ ਹਰੇਕ ਵਰਗ ਆਪਣੀ ਜ਼ਿੰਮੇਵਾਰੀ ਨਿਭਾਵੇ : ਸਿੰਗਲਾ

Thursday, May 27, 2021 - 07:19 PM (IST)

ਭਵਾਨੀਗੜ੍ਹ (ਵਿਕਾਸ) : ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਕੋਵਿਡ-19 ਦੀ ਮਹਾਮਾਰੀ ਦੀ ਦੂਜੀ ਖ਼ਤਰਨਾਕ ਲਹਿਰ ਨੂੰ ਹਰਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਬਣਦੀ ਭੂਮਿਕਾ ਨਿਭਾਉਣੀ ਪਵੇਗੀ, ਜਿਸ ਵਿੱਚ ਨੌਜਵਾਨਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਵਿਜੇਇੰਦਰ ਸਿੰਗਲਾ ਅੱਜ ਮਾਰਕਿਟ ਕਮੇਟੀ ਦਫ਼ਤਰ ਭਵਾਨੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਫ਼ਤਿਹ 2.0 ਦੇ ਸਬੰਧ 'ਚ ਨੌਜਵਾਨਾਂ ਨਾਲ ਗੱਲਬਾਤ ਲਈ ਵਰਚੂਅਲ ਤਰੀਕੇ ਨਾਲ ਕਰਵਾਏ ਗਏ ਪ੍ਰੋਗਰਾਮ ’ਚ ਵੀਡਿਓ ਕਾਨਫ਼ਰੰਸਿੰਗ ਰਾਹੀਂ ਹਿੱਸਾ ਲੈਣ ਲਈ ਪਹੁੰਚੇ ਹੋਏ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਹਾਲਾਂਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾ ਰਿਹਾ ਹੈ ਪਰ ਫ਼ਿਰ ਵੀ ਕੋਵਿਡ ਦੇ ਸੰਪਰਕ ’ਚ ਆਉਣ ਤੋਂ ਬਚਣ ਲਈ ਹਰ ਵੇਲੇ ਸੁਚੇਤ ਰਹਿਣਾ ਚਾਹੀਦਾ ਹੈ, ਜਿਸ ਲਈ ਨੌਜਵਾਨਾਂ ਨੂੰ ਆਪਣੇ ਪਰਿਵਾਰ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਲੋੜੀਂਦੀਆਂ ਸਾਵਧਾਨੀਆਂ ਤੇ ਇਸਦੇ ਲੱਛਣਾਂ ਪ੍ਰਤੀ ਸੁਚੇਤ ਕਰਦੇ ਰਹਿਣਾ ਚਾਹੀਦਾ ਹੈ। ਸਿੰਗਲਾ ਨੇ ਦੱਸਿਆ ਕਿ ਹਲਕਾ ਸੰਗਰੂਰ ਦੇ ਵਾਸੀਆਂ ਨੂੰ ਕੋਵਿਡ-19 ਦੀ ਮਹਾਮਾਰੀ ਦੌਰਾਨ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣਾ ਉਨਾਂ ਦਾ ਮੁੱਢਲਾ ਫ਼ਰਜ਼ ਹੈ ਅਤੇ ਪਾਜ਼ੇਟਿਵ ਮਰੀਜ਼ਾਂ ਦੇ ਇਲਾਜ ਲਈ ਹਰ ਸੰਭਵ ਮੈਡੀਕਲ ਸਹੂਲਤ ਉਪਲੱਬਧ ਕਰਵਾਉਣੀ ਯਕੀਨੀ ਬਣਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਦਿੱਲੀ ’ਚ ਘੜਿਆ ਕਾਨੂੰਨ ਹਮੇਸ਼ਾ ਸਾਡੀ ਹੋਂਦ ਨੂੰ ਸੱਟ ਮਾਰਦਾ : ਦੀਪ ਸਿੱਧੂ

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ’ਚ ਆਕਸੀਜਨ ਉਪਲਬਧਤਾ ਵਾਲੇ ਬੈੱਡਾਂ ਦੀ ਗਿਣਤੀ ਵਧਾਉਣ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਕੋਵਿਡ ਦੇ ਇਲਾਜ ਲਈ ਲੋੜੀਂਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲਾਂ ’ਚ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਸੰਗਰੂਰ ਦੇ ਕਾਲੀ ਮਾਤਾ ਮੰਦਿਰ ਦੇ ਇੱਕ ਭਵਨ ’ਚ ਆਕਸੀਜਨ ਕੰਸਨਟਰੇਟਰਾਂ ਦੀ ਮਦਦ ਨਾਲ 100 ਬੈਡਾਂ ’ਤੇ ਬਣਾਉਟੀ ਆਕਸੀਜਨ ਮੁਹੱਈਆ ਕਰਵਾ ਜ਼ਿੰਮੇਵਾਰ ਸੰਗਰੂਰ ਮੁਹਿੰਮ ਅਧੀਨ‘ਕੋਵਿਡ ਵਾਰ ਰੂਮ’ ਤਿਆਰ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਹਸਪਤਾਲਾਂ ’ਚ ਉਪਲਬਧ ਬੈੱਡਾਂ ’ਤੇ ਮਰੀਜ਼ਾਂ ਦੀ ਗਿਣਤੀ ਪੂਰੀ ਹੋਣ ਤੋਂ ਬਾਅਦ ਇੱਥੇ ਦਾਖ਼ਲਾ ਸ਼ੁਰੂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਆਪਣੇ ਵੱਲੋਂ ਸੰਗਰੂਰ ਵਾਸੀਆਂ ਲਈ ਇੱਕ ਹੈਲਪਲਾਈਨ ਵੀ ਸ਼ੁਰੂ ਕਰਵਾਈ ਹੈ, ਜਿਸ ’ਤੇ ਕਾਲ ਜਾਂ ਮੈਸੇਜ ਕਰਕੇ ਕੋਵਿਡ ਦੇ ਮਰੀਜ਼ ਕੋਈ ਵੀ ਡਾਕਟਰੀ ਜਾਂ ਹੋਰ ਲੋੜੀਂਦੀ ਮਦਦ ਦੀ ਮੰਗ ਕਰ ਸਕਦੇ ਹਨ। ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਕੋਵਿਡ ਟੀਕਾਕਰਨ ਜ਼ਰੂਰ ਕਰਵਾਉਣ। ਇਸ ਮੌਕੇ ਐੱਸ. ਡੀ. ਐੱਮ. ਭਵਾਨੀਗੜ ਡਾ. ਕਰਮਜੀਤ ਸਿੰਘ, ਪ੍ਰਦੀਪ ਕੱਦ ਚੇਅਰਮੈਨ ਮਾਰਕਿਟ ਕਮੇਟੀ, ਫਕੀਰ ਚੰਦ ਸਿੰਗਲਾ ਸਾਬਕਾ ਕੌਂਸਲਰ ਹਾਜ਼ਰ ਸਨ।

ਇਹ ਵੀ ਪੜ੍ਹੋ : ਕੋਰੋਨਾ ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਪਾਲਣ-ਪੋਸ਼ਣ ’ਚ ਵੀ ਮਦਦ ਕਰੇਗੀ ਪੰਜਾਬ ਸਰਕਾਰ!

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


Anuradha

Content Editor

Related News