ਸਰਕਾਰ ਬਣਨ ’ਤੇ ਦੋਆਬਾ ’ਚ ਭਗਵਾਨ ਵਾਲਮੀਕਿ ਜੀ ਦੇ ਨਾਂ ’ਤੇ ਯੂਨੀਵਰਸਿਟੀ ਬਣਾਈ ਜਾਵੇਗੀ : ਸੁਖਬੀਰ ਬਾਦਲ

Monday, Oct 18, 2021 - 11:53 AM (IST)

ਸਰਕਾਰ ਬਣਨ ’ਤੇ ਦੋਆਬਾ ’ਚ ਭਗਵਾਨ ਵਾਲਮੀਕਿ ਜੀ ਦੇ ਨਾਂ ’ਤੇ ਯੂਨੀਵਰਸਿਟੀ ਬਣਾਈ ਜਾਵੇਗੀ : ਸੁਖਬੀਰ ਬਾਦਲ

ਅੰਮ੍ਰਿਤਸਰ/ਰਾਮਤੀਰਥ (ਛੀਨਾ, ਸੂਰੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਆਪਣੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਦੌਰਾਨ ਬਾਰਡਰ ਸਕਿਓਰਿਟੀ ਫੋਰਸ (ਬੀ. ਐੱਸ. ਐੱਫ.) ਦਾ ਅਧਿਕਾਰ ਖੇਤਰ ਅੱਧੇ ਪੰਜਾਬ ਤੱਕ ਵਧਾਉਣ ਦੀ ਤਜਵੀਜ਼ ਲਈ ਸਹਿਮਤੀ ਕਿਉਂ ਦਿੱਤੀ। ਸੁਖਬੀਰ ਬਾਦਲ ਨੇ ਇਥੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮਾਂ ਦੀ ਲੜੀ ਤਹਿਤ ਭਗਵਾਨ ਵਾਲਮੀਕਿ ਤੀਰਥ ਅਸਥਾਨ ’ਤੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਇਕ ਸੱਚਾਈ ਹੈ ਕਿ ਮੁੱਖ ਮੰਤਰੀ 5 ਅਕਤੂਬਰ ਨੂੰ ਗ੍ਰਹਿ ਮੰਤਰੀ ਨੂੰ ਮਿਲੇ, ਜਿਸ ਮਗਰੋਂ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਸੂਬੇ ਦੇ 10 ਤੋਂ ਜ਼ਿਆਦਾ ਜ਼ਿਲ੍ਹਿਆਂ ’ਚ ਵਧਾ ਕੇ ਉਸ ਨੂੰ ਤਲਾਸ਼ੀ ਲੈਣ, ਬਰਾਮਦੀ ਕਰਨ ਤੇ ਗ੍ਰਿਫਤਾਰੀਆਂ ਕਰਨ ਦਾ ਅਧਿਕਾਰ ਦਿੱਤਾ ਗਿਆ।

ਇਸ ਤੋਂ ਪਹਿਲਾਂ ਵਾਲਮੀਕਿ ਅਸਥਾਨ ਜਿਥੇ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ 250 ਕਰੋੜ ਰੁਪਏ ਨਾਲ ਨਵੀਨੀਕਰਨ ਕੀਤਾ ਗਿਆ, ਦੇ ਵੱਡੇ ਹਾਲ ’ਚ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਦੋਆਬਾ ਇਲਾਕੇ ’ਚ ਭਗਵਾਨ ਵਾਲਮੀਕਿ ਜੀ ਦੇ ਨਾਂ ’ਤੇ ਇਕ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਪਹਿਲਾਂ ਐਲਾਨੀ ਡਾ. ਬੀ. ਆਰ. ਅੰਬੇਡਕਰ ਦੇ ਨਾਂ ’ਤੇ ਯੂਨੀਵਰਸਿਟੀ ਤੋਂ ਵੱਖਰੀ ਹੋਵੇਗੀ। ਉਨ੍ਹਾਂ ਨੇ ਸਾਰੀਆਂ ਵਿਰਾਸਤੀ ਥਾਵਾਂ ਅਤੇ ਅਹਿਮ ਧਾਰਮਿਕ ਸਥਾਨਾਂ ਦੇ ਨਿਯਮਿਤ ਰੱਖ-ਰਖਾਅ ਵਾਸਤੇ ਵਿਸ਼ੇਸ਼ ਕਮੇਟੀ ਬਣਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਨਾਲ ਵਿਰਾਸਤੀ ਮਾਰਗ ਦੀ ਮਾਡ਼ੀ ਦਸ਼ਾ ਵੇਖ ਕੇ ਅਜਿਹਾ ਕਰਨਾ ਜ਼ਰੂਰੀ ਹੋ ਗਿਆ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਅਪਸ਼ਬਦ ਬੋਲਣ ਦੀ ਸੂਬਾ ਸਰਕਾਰ ਦੇ ਮਾਮਲਿਆਂ ’ਚ ਗੈਰ-ਲੋੜੀਂਦਾ ਦਖਲ ਦੇਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੂਰਖ ਬਣਾਉਣ ਦੀ ਥਾਂ ’ਤੇ ਨਵਜੋਤ ਸਿੱਧੂ ਦੇ ਨਾਲ ਮੁੱਖ ਮੰਤਰੀ ਵੀ ਲੋਕਾਂ ਸਾਹਮਣੇ ਉਹ ਬਲੂ ਪ੍ਰਿੰਟ ਰੱਖਣ ਕਿ 2017 ’ਚ ਕੀਤੇ ਵਾਅਦੇ ਕਿਵੇਂ ਪੂਰੇ ਕੀਤੇ ਜਾਣਗੇ।

ਇਸ ਸਮੇਂ ਜਥੇ. ਗੁਲਜ਼ਾਰ ਸਿੰਘ ਰਣੀਕੇ, ਅਨਿਲ ਜੋਸ਼ੀ, ਵੀਰ ਸਿੰਘ ਲੋਪੋਕੇ, ਵਿਰਸਾ ਸਿੰਘ ਵਲਟੋਹਾ, ਤਲਬੀਰ ਸਿੰਘ ਗਿੱਲ, ਮਨਜੀਤ ਸਿੰਘ ਮੰਨਾ ਮੀਆਂਵਿੰਡ, ਲਖਬੀਰ ਸਿੰਘ ਲੋਧੀਨੰਗਲ, ਅਮਰਪਾਲ ਸਿੰਘ ਅਜਨਾਲਾ, ਬਲਜੀਤ ਸਿੰਘ ਜਲਾਲਉਸਮਾ, ਪ੍ਰਕਾਸ਼ ਚੰਦ ਗਰਗ, ਪਵਨ ਟੀਨੂੰ, ਹਰੀਸ਼ ਰਾਏ ਢਾਂਚਾ, ਜਗਬੀਰ ਸਿੰਘ ਬਰਾਡ਼, ਗੁਰਪ੍ਰਤਾਪ ਸਿੰਘ ਟਿੱਕਾ, ਮੋਂਟੂ ਵੋਹਰਾ, ਚੰਦਨ ਗਰੇਵਾਲ, ਵਿਜੇ ਦਾਨਵ, ਮਲਕੀਅਤ ਸਿੰਘ ਏ. ਆਰ. ਤੇ ਹੋਰ ਵੀ ਆਗੂ ਹਾਜ਼ਰ ਸਨ।


author

Gurminder Singh

Content Editor

Related News