ਰਿਸ਼ਵਤ ਲੈਂਦਿਆਂ ਵਿਜੀਲੈਂਸ ਦੇ ਅੜਿੱਕੇ ਚੜ੍ਹੇ SMO & BAMS ਡਾਕਟਰ

11/04/2023 1:22:06 AM

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਸਾਹਨੇਵਾਲ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) 'ਚ ਤਾਇਨਾਤ ਡਾ. ਪੂਨਮ ਗੋਇਲ ਐੱਸ.ਐੱਮ.ਓ. ਅਤੇ ਡਾ. ਗੌਰਵ ਜੈਨ ਬੀ.ਏ.ਐੱਮ.ਐੱਸ. ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਵੇਂ ਡਾਕਟਰਾਂ ਨੂੰ ਕੁਲਵਿੰਦਰ ਸਿੰਘ ਵਾਸੀ ਗੁਰੂ ਅਰਜਨ ਦੇਵ ਨਗਰ ਸਾਹਨੇਵਾਲ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਦਿੱਲੀ-NCR 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਯੂਪੀ, ਬਿਹਾਰ ਵੀ ਹਿੱਲਿਆ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਦਫ਼ਤਰ ਲੁਧਿਆਣਾ ਵਿਖੇ ਪਹੁੰਚ ਕੇ ਆਪਣੇ ਬਿਆਨ ਦਰਜ ਕਰਵਾਏ ਤੇ ਦੋਸ਼ ਲਾਇਆ ਕਿ ਉਕਤ ਦੋਵੇਂ ਡਾਕਟਰ ਉਸ ਤੋਂ ਰਿਸ਼ਵਤ ਦੀ ਮੰਗ ਕਰ ਰਹੇ ਹਨ ਕਿਉਂਕਿ ਉਹ ਸਾਹਨੇਵਾਲ ਵਿਖੇ ਡੱਬ ਮੈਡੀਕਲ ਸਟੋਰ ਨਾਂ ਦੀ ਕੈਮਿਸਟ ਦੀ ਦੁਕਾਨ ਚਲਾ ਰਿਹਾ ਹੈ। ਉਸ ਨੇ ਦੱਸਿਆ ਕਿ ਡਾ. ਗੌਰਵ ਜੈਨ 2 ਹੋਰਾਂ ਨਾਲ 26.10.2023 ਨੂੰ ਉਸ ਦੀ ਕੈਮਿਸਟ ਦੀ ਦੁਕਾਨ 'ਤੇ ਚੈਕਿੰਗ ਲਈ ਆਇਆ ਤੇ ਉਥੇ ਮੌਜੂਦ ਉਸ ਦੇ ਭਰਾ ਨੂੰ ਆਖਿਆ ਕਿ ਕੁਲਵਿੰਦਰ ਸਿੰਘ (ਸ਼ਿਕਾਇਤਕਰਤਾ) ਵਿਰੁੱਧ ਬਿਨਾਂ ਲਾਇਸੈਂਸ ਤੋਂ ਦਵਾਈਆਂ ਵੇਚਣ ਅਤੇ ਗੈਰ-ਕਾਨੂੰਨੀ ਪੈਥੋਲੋਜੀਕਲ ਲੈਬਾਰਟਰੀ ਚਲਾਉਣ ਦੀ ਸ਼ਿਕਾਇਤ ਹੈ। ਉਸ ਦੀ ਦੁਕਾਨ ਤੋਂ ਜਾਣ ਤੋਂ ਪਹਿਲਾਂ ਡਾ. ਗੌਰਵ ਜੈਨ ਨੇ ਉਸ ਦੇ ਭਰਾ ਨੂੰ ਐੱਸ.ਐੱਮ.ਓ. ਡਾ. ਪੂਨਮ ਗੋਇਲ ਨੂੰ ਮਿਲਣ ਲਈ ਕਿਹਾ।

ਇਹ ਵੀ ਪੜ੍ਹੋ : 'ਆਪ' ਨੇ ਬਾਲਾਸਰ ਫਾਰਮ ਤੇ ਗੁੜਗਾਓਂ ਦੇ ਪਲਾਟ ਨੂੰ ਲੈ ਕੇ ਸੁਖਬੀਰ ਬਾਦਲ 'ਤੇ ਵਿੰਨ੍ਹਿਆ ਨਿਸ਼ਾਨਾ

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਐੱਸ.ਐੱਮ.ਓ. ਪੂਨਮ ਗੋਇਲ ਨੂੰ ਮਿਲਿਆ ਤਾਂ ਉਸ ਨੇ ਉਸ ਦੀ ਮੈਡੀਕਲ ਦੁਕਾਨ ਨੂੰ ਸੀਲ ਕਰਨ ਅਤੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਧਮਕੀ ਦਿੱਤੀ। ਉਸ ਦੀ ਬੇਨਤੀ 'ਤੇ ਉਸ ਨੇ ਉਸ ਨੂੰ ਮਾਮਲਾ ਸੁਲਝਾਉਣ ਲਈ ਡਾ. ਗੌਰਵ ਜੈਨ ਨੂੰ ਮਿਲਣ ਲਈ ਕਿਹਾ। ਇਸ ਤੋਂ ਬਾਅਦ ਡਾ. ਗੌਰਵ ਜੈਨ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਐੱਸ.ਐੱਮ.ਓ. ਮੈਡਮ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਰਹੀ ਹੈ ਪਰ ਮਿੰਨਤਾਂ ਕਰਨ 'ਤੇ ਸੌਦਾ 20 ਹਜ਼ਾਰ ਰੁਪਏ ਵਿੱਚ ਹੋ ਗਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਡਾ. ਗੌਰਵ ਜੈਨ ਨੇ ਉਸੇ ਦਿਨ ਹੀ ਉਸ ਕੋਲੋਂ 5 ਹਜ਼ਾਰ ਰੁਪਏ ਲੈ ਲਏ ਸਨ ਅਤੇ ਹੁਣ ਬਾਕੀ ਰਕਮ ਦੇਣ ਦੀ ਮੰਗ ਕਰ ਰਿਹਾ ਹੈ। ਡਾ. ਗੋਰਵ ਜੈਨ ਨਾਲ ਫੋਨ ਕਾਲਾਂ ਦੌਰਾਨ ਸ਼ਿਕਾਇਤਕਰਤਾ ਨੇ ਗੱਲਬਾਤ ਦੀ ਰਿਕਾਰਡਿੰਗ ਕਰ ਲਈ, ਜੋ ਉਸ ਨੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪੀ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਕਈ ਦਿਨਾਂ ਤੋਂ ਲੋੜੀਂਦਾ ਅਪਰਾਧੀ ਸਈਪੁਰੀਆ ਚੜ੍ਹਿਆ ਅੜਿੱਕੇ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਵਿੱਚ ਦੋਸ਼ੀ ਡਾ. ਗੌਰਵ ਜੈਨ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਤੋਂ ਬਾਅਦ ਡਾ. ਪੂਨਮ ਗੋਇਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ 28 ਮਿਤੀ 03.11.2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤੇ ਆਈ.ਪੀ.ਸੀ. ਦੀ 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਐੱਫ.ਆਈ.ਆਰ. ਨੰਬਰ 28 ਦਰਜ ਕਰ ਲਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh