ਆਦਮਪੁਰ ਹਵਾਈ ਅੱਡੇ ਤੋਂ ਮੁੜ ਸ਼ੁਰੂ ਹੋਣਗੀਆਂ ਘਰੇਲੂ ਉਡਾਣਾਂ, CM ਮਾਨ ਨੇ ਦਿੱਤੇ ਨਿਰਦੇਸ਼
Saturday, Jan 14, 2023 - 10:34 PM (IST)
ਚੰਡੀਗੜ੍ਹ: ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਜਲਦੀ ਹੀ ਘਰੇਲੂ ਉਡਾਣਾਂ ਨੂੰ ਮੁੜ ਸ਼ੁਰੂ ਕਰ ਦਿੱਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਉਂਦੇ ਮਾਰਚ ਦੇ ਅੰਤ ਤਕ ਇਸ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ।
ਅੱਜ ਇੱਥੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਬੰਦ ਹੋਣ ਨਾਲ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਰਚ ਦੇ ਅੰਤ ਤਕ ਉਡਾਣਾਂ ਮੁੜ ਸ਼ੁਰੂ ਕਰਨ ਲਈ ਵਚਨਬੱਧ ਹੈ।
ਇਹ ਖ਼ਬਰ ਵੀ ਪੜ੍ਹੋ - ਅਚਾਨਕ ਕੁਰਾਲੀ ਦੇ ਸਿਹਤ ਕੇਂਦਰ ਪਹੁੰਚੇ CM ਮਾਨ, ਮਰੀਜ਼ਾਂ ਨਾਲ ਮੁਲਾਕਾਤ ਮਗਰੋਂ ਕਰ ਦਿੱਤਾ ਵੱਡਾ ਐਲਾਨ
ਮੁੱਖ ਮੰਤਰੀ ਨੇ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ ਹੋਣ ਨਾਲ ਇਸ ਖੇਤਰ ਨੂੰ ਦੁਨੀਆ ਦੇ ਬਾਕੀ ਦੇਸ਼ਾਂ ਨਾਲ ਸਿੱਧੇ ਹਵਾਈ ਸੰਪਰਕ ਦੀ ਸਹੂਲਤ ਹਾਸਲ ਹੋਵੇਗੀ। ਇਹ ਹਵਾਈ ਅੱਡਾ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨ ਦੇ ਨਾਲ-ਨਾਲ ਇਸ ਖੇਤਰ ਤੇ ਖਾਸ ਕਰਕੇ ਜਲੰਧਰ ਸ਼ਹਿਰ ਦੇ ਆਰਥਿਕ ਵਿਕਾਸ ਨੂੰ ਵੀ ਹੋਰ ਹੁਲਾਰਾ ਦੇਵੇਗਾ। ਪ੍ਰਵਾਸੀ ਭਾਰਤੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਦੀ ਸਹੂਲਤ ਦੇਣ ਦੇ ਨਾਲ-ਨਾਲ ਇਹ ਹਵਾਈ ਅੱਡਾ ਸੂਬੇ ਦੀ ਮੀਡੀਆ ਰਾਜਧਾਨੀ ਵਿੱਚ ਮੈਡੀਕਲ ਟੂਰਿਜ਼ਮ ਅਤੇ ਉਦਯੋਗਿਕ ਵਿਕਾਸ ਨੂੰ ਵੀ ਹੁਲਾਰਾ ਦੇਵੇਗਾ।
ਇਹ ਖ਼ਬਰ ਵੀ ਪੜ੍ਹੋ - ਮਕਰ ਸਕ੍ਰਾਂਤੀ ਦੇ ਮੇਲੇ 'ਚ ਮਚੀ ਹਫੜਾ-ਦਫੜੀ, 4 ਸ਼ਰਧਾਲੂਆਂ ਦੀ ਮੌਤ ਹੋਣ ਦਾ ਖਦਸ਼ਾ
ਹਲਵਾਰਾ ਹਵਾਈ ਅੱਡੇ ਦਾ ਕੰਮ ਤਿੰਨ ਮਹੀਨਿਆਂ ਵਿੱਚ ਪੂਰਾ ਕਰਨ ਦੇ ਹੁਕਮ
ਇਕ ਹੋਰ ਏਜੰਡੇ 'ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਲਵਾਰਾ ਵਿਖੇ ਸਿਵਲ ਏਅਰ ਟਰਮੀਨਲ ਦੀ ਉਸਾਰੀ ਲਈ ਚੱਲ ਰਹੇ ਕੰਮ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਨਿਬੇੜਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਵਲ ਏਅਰ ਟਰਮੀਨਲ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਲਈ ਪਹਿਲਾਂ ਹੀ 50 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ। ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਇਸ ਵੱਕਾਰੀ ਪ੍ਰਾਜੈਕਟ ਦਾ ਕੰਮ ਪਿਛਲੇ ਕੁਝ ਮਹੀਨਿਆਂ ਤੋਂ ਲਟਕ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਪ੍ਰਾਜੈਕਟ ਦੇ ਕੰਮ ਵਿਚ ਤੇਜ਼ੀ ਲਿਆਂਦੀ ਹੈ। ਇਸ ਕਾਰਜ ਵਿਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਗੈਰ-ਵਾਜਬ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਇਨ੍ਹਾਂ ਹਵਾਈ ਅੱਡਿਆਂ ਤੱਕ ਪਹੁੰਚ ਸੜਕਾਂ ਦੇ ਨਿਰਮਾਣ ਦਾ ਕੰਮ ਛੇਤੀ ਤੋਂ ਛੇਤੀ ਪੂਰਾ ਕਰਨ ਲਈ ਵੀ ਕਿਹਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਪ੍ਰਮੁੱਖ ਸਕੱਤਰ ਸ਼ਹਿਰੀ ਹਵਾਬਾਜ਼ੀ ਰਾਹੁਲ ਭੰਡਾਰੀ, ਸਕੱਤਰ ਲੋਕ ਨਿਰਮਾਣ ਵਿਭਾਗ ਰਜਤ ਅਗਰਵਾਲ, ਡਾਇਰੈਕਟਰ ਸ਼ਹਿਰੀ ਹਵਾਬਾਜ਼ੀ ਸੋਨਾਲੀ ਗਿਰਿ ਅਤੇ ਹੋਰ ਵੀ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।