ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਲਾਜ਼ਮੀ : ਨਕੱਈ

Saturday, Jul 18, 2026 - 04:38 PM (IST)

ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਲਾਜ਼ਮੀ : ਨਕੱਈ

ਮਾਨਸਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਦੌਰੇ ਦੌਰਾਨ ਜਲੰਧਰ ਕੈਂਟ ਦੇ ਆਧੁਨਿਕ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਅਤੇ 5,470 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਲੋਕ ਅਰਪਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਅੰਮ੍ਰਿਤਸਰ ਦੇ ਛੇਹਰਟਾ ਤੋਂ ਵਾਰਾਣਸੀ ਤੱਕ ਚੱਲਣ ਵਾਲੀ ਗੋਵਰਧਨਪੁਰ–ਵਾਰਾਣਸੀ ਐਕਸਪ੍ਰੈੱਸ ਰੇਲਗੱਡੀ ਨੂੰ ਵੀ ਹਰੀ ਝੰਡੀ ਵਿਖਾਈ। ਪ੍ਰਧਾਨ ਮੰਤਰੀ ਦੇ ਜਲੰਧਰ ਦੌਰੇ ਦੌਰਾਨ ਸਾਬਕਾ ਸੰਸਦੀ ਸਕੱਤਰ ਅਤੇ ਭਾਜਪਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਥਾਪੜਾ ਮਿਲਣ ਤੋਂ ਬਾਅਦ ਬਾਗੋ ਬਾਗ ਹੁੰਦਿਆਂ ਨਕੱਈ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਲਈ ਲਗਾਤਾਰ ਵਚਨਬੱਧ ਹੈ ਅਤੇ ਸਮੇਂ-ਸਮੇਂ 'ਤੇ ਸੂਬੇ ਲਈ ਵੱਡੇ ਪੱਧਰ 'ਤੇ ਫੰਡ ਜਾਰੀ ਕਰ ਰਹੀ ਹੈ। ਨਕੱਈ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਹਾਲਤ ਚਿੰਤਾਜਨਕ ਹੈ ਅਤੇ ਵਿਕਾਸ ਦੀ ਰਫ਼ਤਾਰ ਠੱਪ ਹੋ ਚੁੱਕੀ ਹੈ। 

ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਭੇਜੇ ਜਾ ਰਹੇ ਫੰਡਾਂ ਦੀ ਸਹੀ ਵਰਤੋਂ ਨਹੀਂ ਹੋ ਰਹੀ, ਜਿਸ ਕਾਰਨ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਈ ਲੋਕ ਭਲਾਈ ਯੋਜਨਾਵਾਂ ਨੂੰ ਸੂਬਾ ਸਰਕਾਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿਚ ਅਸਫਲ ਰਹੀ ਹੈ। ਇਸ ਤੋਂ ਇਲਾਵਾ ਕੇਂਦਰ ਦੀਆਂ ਯੋਜਨਾਵਾਂ 'ਤੇ ਆਪਣਾ ਸਟਿੱਕਰ ਲਗਾ ਕੇ ਉਨ੍ਹਾਂ ਨੂੰ ਆਪਣੀਆਂ ਯੋਜਨਾਵਾਂ ਵਜੋਂ ਪੇਸ਼ ਕੀਤਾ ਜਾ ਰਿਹਾ ਹੈ, ਜੋ ਲੋਕਾਂ ਨੂੰ ਗੁੰਮਰਾਹ ਕਰਨ ਦੇ ਬਰਾਬਰ ਹੈ। ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੇਂਦਰ ਅਤੇ ਸੂਬੇ ਵਿਚ ਇੱਕੋ ਪਾਰਟੀ ਦੀ, ਅਰਥਾਤ ਡਬਲ ਇੰਜਣ ਸਰਕਾਰ ਹੋਣਾ ਸਮੇਂ ਦੀ ਲੋੜ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਅਜਿਹੀ ਸਰਕਾਰ ਹੀ ਪੰਜਾਬ ਨੂੰ ਮੁੜ ਵਿਕਾਸ ਦੀ ਰਾਹ 'ਤੇ ਲਿਆ ਸਕਦੀ ਹੈ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰ ਸਕਦੀ ਹੈ।


author

Gurminder Singh

Content Editor

Related News