ਯੂ. ਐੱਨ. ਐੱਸ. ਸੀ. ਵੋਟਿੰਗ ਤੋਂ ਬਾਅਦ ਭਾਰਤੀ ਵਿਦਿਆਰਥੀਆਂ ਨੂੰ ਯੂਕ੍ਰੇਨ ’ਚ ਹੋ ਰਹੀ ਦੋਹਰੀ ਪ੍ਰੇਸ਼ਾਨੀ : ਮਾਨ
Wednesday, Mar 02, 2022 - 12:16 PM (IST)
ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਤੋਂ ਨੂੰ ਯੂਕ੍ਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਜਲਦੀ ਤੋਂ ਜਲਦੀ ਭਾਰਤ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਢਿੱਲੇ ਰਵੱਈਏ ਅਤੇ ਵਾਪਸ ਲਿਆਉਣ ਦੀ ਪ੍ਰਕਿਰਿਆ ਦੇਰੀ ਨਾਲ ਸ਼ੁਰੂ ਕਰਨ ਦੀ ਭਾਰੀ ਕੀਮਤ ਭਾਰਤੀ ਵਿਦਿਆਰਥੀਆਂ ਨੂੰ ਅਦਾ ਕਰਨੀ ਪੈ ਰਹੀ ਹੈ। ਹੁਣ ਭਾਰਤੀ ਵਿਦਿਆਰਥੀਆਂ ਦਾ ਜ਼ਿਆਦਾ ਦਿਨਾ ਤੱਕ ਯੂਕ੍ਰੇਨ ਵਿਚ ਰਹਿਣਾ ਬੇਹੱਦ ਜ਼ੋਖ਼ਮ ਭਰਿਆ ਹੋਵੇਗਾ, ਕਿਉਂਕਿ ਯੂ. ਐੱਨ. ਐੱਸ. ਸੀ. ਵਿਚ ਭਾਰਤ ਦੇ ਰੁਖ ਦਾ ਸਿੱਧਾ ਅਸਰ ਯੂਕ੍ਰੇਨ ਵਿਚ ਫ਼ਸੇ ਭਾਰਤੀ ਵਿਦਿਆਰਥੀਆਂ ’ਤੇ ਪੈ ਰਿਹਾ ਹੈ। ਮਾਨ ਨੇ ਕਿਹਾ ਕਿ ਜਾਰੀ ਕੀਤੀ ਗਈ ਐਡਵਾਇਜ਼ਰੀ ਵਿਚ ਭਾਰਤ ਸਰਕਾਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਜਿੰਨਾ ਜਲਦੀ ਹੋ ਸਕੇ ਕੀਵ ਛੱਡ ਦੇਣ ਪਰ ਸਰਹੱਦਾਂ ਤੱਕ ਵਿਦਿਆਰਥੀਆਂ ਨੂੰ ਪਹੁੰਚਾਉਣ ਲਈ ਨਾ ਸਾਧਨ ਪ੍ਰਦਾਨ ਕੀਤੇ ਗਏ ਅਤੇ ਨਾ ਹੀ ਕੋਈ ਉਪਾਅ ਦੱਸਿਆ ਗਿਆ ਹੈ।
ਇਹ ਵੀ ਪੜ੍ਹੋ : ਪਿੰਡ ਦੁਆਰੇਆਣਾ ਦੇ ਦੋ ਨੌਜਵਾਨ ਯੂਕ੍ਰੇਨ ’ਚ ਫਸੇ, ਸੰਪਰਕ ਟੁੱਟਣ ਨਾਲ ਚਿੰਤਾ ’ਚ ਮਾਪੇ
ਯੂਕ੍ਰੇਨ ਦੇ ਪੂਰਬੀ ਹਿੱਸਿਆਂ ਵਿਚ ਭਾਰੀ ਗੋਲੀਬਾਰੀ ਹੋ ਰਹੀ ਹੈ ਪਰ ਕੇਂਦਰ ਸਰਕਾਰ ਵਿਦਿਆਰਥੀਆਂ ਨੂੰ ਉਥੋਂ ਕੱਢਣ ਦਾ ਕੋਈ ਠੋਸ ਰਸਤਾ ਨਹੀਂ ਦੱਸ ਰਹੀ ਹੈ। ਜਿਵੇਂ ਜਿਵੇਂ ਸਮਾਂ ਬੀਤਦਾ ਜਾ ਰਿਹਾ ਹੈ, ਉਥੇ ਫਸੇ ਵਿਦਿਆਰਥੀਆਂ ਦੇ ਮਾਤਾ- ਪਿਤਾ ਦੀ ਚਿੰਤਾ ਵਧਦੀ ਜਾ ਰਹੀ ਹੈ। ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਯੁੱਧ ਕਾਰਣ ਮਜ਼ਬੂਰ ਹੋ ਕੇ ਡਿਗਰੀਆਂ ਪੂਰੀਆਂ ਕੀਤੇ ਬਿਨਾਂ ਵਾਪਸ ਆਉਣ ਵਾਲੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਇੱਕ ਕਮੇਟੀ ਬਣਾਈ ਜਾਵੇ ਅਤੇ ਉਨ੍ਹਾਂ ਲਈ ਭਾਰਤ ਵਿਚ ਹੀ ਡਿਗਰੀ ਪੂਰੀ ਕਰਨ ਦੀ ਉਚਿਤ ਵਿਵਸਥਾ ਕੀਤੀ ਜਾਵੇ।
ਇਹ ਵੀ ਪੜ੍ਹੋ : ਬੀ. ਬੀ. ਐੱਮ. ਬੀ. ਬੋਰਡ ਮੈਬਰਾਂ ਦੇ ਨੋਟੀਫਿਕੇਸ਼ਨ ਨੂੰ ਲੈ ਕੇ ਭਖਿਆ ਮੁੱਦਾ ; ਵਿਰੋਧੀ ਲਾ ਰਹੇ ਦੋਸ਼, ਭਾਜਪਾ ਚੁੱਪ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ