ਦਾਜ ਖਾਤਰ ਨੂੰਹ ਨੂੰ ਘਰੋਂ ਕੱਢਿਆ

Saturday, Jan 13, 2018 - 01:16 AM (IST)

ਮੋਗਾ, (ਆਜ਼ਾਦ)- ਬਾਘਾਪੁਰਾਣਾ ਨਿਵਾਸੀ ਔਰਤ ਨੇ ਆਪਣੇ ਐੱਨ. ਆਰ. ਆਈ. ਪਤੀ ਅਤੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ 'ਤੇ ਦਾਜ ਦੀ ਮੰਗ ਪੂਰੀ ਨਾ ਹੋਣ ਕਾਰਨ ਉਸ ਨੂੰ ਕੁੱਟਮਾਰ ਕਰ ਕੇ ਘਰੋਂ ਬਾਹਰ ਕੱਢਣ ਦਾ ਦੋਸ਼ ਲਾਇਆ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਕੀ ਹੈ ਸਾਰਾ ਮਾਮਲਾ
ਜ਼ਿਲਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਪੀੜਤਾ ਪਰਮਜੀਤ ਕੌਰ ਨੇ ਕਿਹਾ ਕਿ ਉਸ ਦਾ ਵਿਆਹ 14 ਅਪ੍ਰੈਲ 2013 ਨੂੰ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਮਲੇਸ਼ੀਆ ਰਹਿੰਦੇ ਗੁਰਸੇਵਕ ਸਿੰਘ ਨਿਵਾਸੀ ਪਿੰਡ ਚੰਨੂੰਵਾਲਾ ਨਾਲ ਹੋਇਆ ਸੀ। ਵਿਆਹ ਸਮੇਂ ਉਸ ਦੇ ਪੇਕੇ ਪਰਿਵਾਰ ਵਾਲਿਆਂ ਵੱਲੋਂ ਹੈਸੀਅਤ ਅਨੁਸਾਰ ਦਾਜ ਦਿੱਤਾ ਗਿਆ। ਵਿਆਹ ਸਮੇਂ ਉਸ ਨੂੰ ਕਿਹਾ ਗਿਆ ਕਿ ਉਸ ਦਾ ਪਤੀ ਉਸ ਨੂੰ ਮਲੇਸ਼ੀਆ ਲੈ ਜਾਵੇਗਾ ਪਰ ਵਿਆਹ ਤੋਂ ਬਾਅਦ ਉਸ ਦੇ ਪਤੀ ਨੇ ਉਸ ਨੂੰ ਪੱਕਾ ਵੀਜ਼ਾ ਦੁਆ ਕੇ ਮਲੇਸ਼ੀਆ ਲਿਜਾਣ ਦੀ ਬਜਾਏ ਧੋਖੇ ਨਾਲ ਟੂਰਿਸਟ ਵੀਜ਼ੇ 'ਤੇ ਮਲੇਸ਼ੀਆ ਬੁਲਾ ਲਿਆ, ਉਥੇ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾਣ ਲੱਗਾ, ਜਿਸ ਕਾਰਨ ਉਹ ਉਥੋਂ ਭਾਰਤ ਆ ਗਈ। ਉਸ ਨੇ ਕਿਹਾ ਕਿ ਮੇਰੇ ਸਹੁਰੇ ਵਾਲਿਆਂ ਵੱਲੋਂ ਦਾਜ ਦੀ ਮੰਗ ਕੀਤੀ ਜਾਣ ਲੱਗੀ ਅਤੇ ਮੈਨੂੰ ਇਸ ਗੱਲ ਨੂੰ ਲੈ ਕੇ ਤੰਗ-ਪ੍ਰੇਸ਼ਾਨ ਕਰਨ ਲੱਗੇ।
ਮੈਂ ਆਪਣੇ ਪੇਕੇ ਪਰਿਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਤਾਂ ਉਨ੍ਹਾਂ ਮੇਰੇ ਪਤੀ ਤੋਂ ਇਲਾਵਾ ਸਹੁਰਾ ਬਾਵਾ ਸਿੰਘ ਅਤੇ ਸੱਸ ਗੁਰਮੀਤ ਕੌਰ ਅਤੇ ਹੋਰ ਸਹੁਰੇ ਪਰਿਵਾਰ ਦੇ ਮੈਂਬਰਾਂ ਨੂੰ ਪੰਚਾਇਤੀ ਤੌਰ 'ਤੇ ਕਈ ਵਾਰ ਸਮਝਾਉਣ ਦਾ ਯਤਨ ਕੀਤਾ ਪਰ ਉਨ੍ਹਾਂ ਕੋਈ ਗੱਲ ਨਾ ਸੁਣੀ ਅਤੇ ਆਖਿਰ ਮੈਨੂੰ ਧੱਕੇ ਮਾਰ ਕੇ ਘਰੋਂ ਬਾਹਰ ਕੱਢ ਦਿੱਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀ ਅਤੇ ਮੇਰੇ ਦਾਜ ਦਾ ਸਾਰਾ ਸਾਮਾਨ ਵੀ ਹੜੱਪ ਕਰ ਲਿਆ ਤੇ ਮੇਰੇ ਨਾਲ ਧੋਖਾ ਕੀਤਾ।

ਕੀ ਹੋਈ ਪੁਲਸ ਕਾਰਵਾਈ
ਜ਼ਿਲਾ ਪੁਲਸ ਮੁਖੀ ਮੋਗਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਦੀ ਜਾਂਚ ਐੱਸ. ਪੀ. ਮੋਗਾ ਨੂੰ ਕਰਨ ਦਾ ਹੁਕਮ ਦਿੱਤਾ, ਜਿਨ੍ਹਾਂ ਨੇ ਜਾਂਚ ਤੋਂ ਬਾਅਦ ਸ਼ਿਕਾਇਤਕਰਤਾ ਦੇ ਦੋਸ਼ਾਂ ਨੂੰ ਸਹੀ ਪਾਇਆ ਅਤੇ ਕਾਨੂੰਨੀ ਰਾਏ ਹਾਸਲ ਕਰਨ ਤੋਂ ਬਾਅਦ ਪੀੜਤਾ ਦੇ ਪਤੀ ਗੁਰਸੇਵਕ ਸਿੰਘ, ਸਹੁਰਾ ਬਾਵਾ ਸਿੰਘ, ਸੱਸ ਗੁਰਮੀਤ ਕੌਰ ਨਿਵਾਸੀ ਪਿੰਡ ਚੰਨੂੰਵਾਲਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਸਹਾਇਕ ਥਾਣੇਦਾਰ ਜਗਸੀਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਦੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ।


Related News