ਰਾਹੁਲ ਗਾਂਧੀ ਨੂੰ ਮਿਲੇ ਲੋਕ ਸਭਾ ਮੈਂਬਰ ਅਮਰ ਸਿੰਘ, ਕੀਤੀ ਇਹ ਅਪੀਲ
Monday, Jun 03, 2019 - 05:05 PM (IST)
ਬੱਸੀ ਪਠਾਣਾ (ਰਾਜਕਮਲ)— ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਐੱਮ. ਪੀ. ਡਾ. ਅਮਰ ਸਿੰਘ ਨੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਪ੍ਰਧਾਨ ਦੇ ਅਹੁਦੇ 'ਤੇ ਬਣੇ ਰਹਿਣ ਦੀ ਅਪੀਲ ਕੀਤੀ, ਉਥੇ ਹੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਸੁਨੀਲ ਜਾਖੜ ਦਾ ਅਸਤੀਫਾ ਵੀ ਰੱਦ ਕੀਤੇ ਜਾਣ ਦੀ ਵੀ ਇੱਛਾ ਪ੍ਰਗਟਾਈ। ਡਾ. ਅਮਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਕਾਂਗਰਸ ਪਾਰਟੀ ਨੂੰ ਰਾਹੁਲ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਗਵਾਈ ਦੀ ਲੋੜ ਹੈ ਅਤੇ ਰਾਹੁਲ ਗਾਂਧੀ ਦੀ ਸੋਚ ਦੇ ਚਲਦਿਆਂ ਹੀ ਪਾਰਟੀ ਅੱਗੇ ਵਧ ਸਕਦੀ ਹੈ। ਡਾ. ਅਮਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਭਾਰੀ ਵੋਟਾਂ ਨਾਲ ਜਿੱਤ ਲਈ ਜਿੱਥੇ ਉਨ੍ਹਾਂ ਦੀ ਪਿੱਠ ਥਾਪੜੀ ਗਈ, ਉਥੇ ਉਨ੍ਹਾਂ ਵੱਲੋਂ ਲੋਕ ਸਭਾ ਹਲਕੇ ਅਧੀਨ ਆਉਂਦੇ ਸਮੁੱਚੇ ਵਿਧਾਇਕਾਂ ਵੱਲੋਂ ਉਨ੍ਹਾਂ ਦੀ ਜਿੱਤ ਲਈ ਕੀਤੀ ਗਈ ਸਖਤ ਮਿਹਨਤ ਅਤੇ ਉਨ੍ਹਾਂ ਨੂੰ ਜਿੱਤ ਦਿਵਾਉਣ 'ਚ ਨਿਭਾਈ ਗਈ ਕਾਰਗੁਜ਼ਾਰੀ ਦੀ ਵੀ ਜਾਣਕਾਰੀ ਦਿੱਤੀ ਗਈ। ਡਾ. ਅਮਰ ਸਿੰਘ ਨੇ ਕਿਹਾ ਕਿ ਉਹ ਸ਼ਹੀਦਾਂ ਦੀ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਦਾ ਵਿਕਾਸ ਕਰਨ ਲਈ ਵਚਨਬੱਧ ਹਨ ਅਤੇ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਹਲਕੇ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਗਏ ਹਨ, ਉਨ੍ਹਾਂ ਵਾਅਦਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨਗੇ।