ਸਰਕਾਰ ਨੇ 1728.12 ਕਰੋੜ ਦੀ ਅਦਾਇਗੀ ਕਰ ਕੇ ਕਿਸਾਨਾਂ ਦਾ ਮਨ ਮੋਹਿਆ : ਡਾ. ਹਰਜੋਤ ਕਮਲ

Friday, Nov 10, 2017 - 04:50 PM (IST)


ਮੋਗਾ (ਗਰੋਵਰ, ਗੋਪੀ) - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ 10 ਸਾਲਾਂ ਬਾਅਦ ਝੋਨੇ ਦੇ ਪਹਿਲੇ ਸੀਜ਼ਨ ਦੌਰਾਨ ਜ਼ਿਲੇ ਦੇ ਕਿਸਾਨਾਂ ਨੂੰ 1728.12 ਕਰੋੜ ਰੁਪਏ (94.60 ਫੀਸਦੀ) ਦੀ ਅਦਾਇਗੀ ਕਰ ਕੇ ਉਨ੍ਹਾਂ ਦਾ ਮਨ ਜਿੱਤ ਲਿਆ ਹੈ। 
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਮੋਗਾ ਡਾ. ਹਰਜੋਤ ਕਮਲ ਨੇ ਦੱਸਿਆ ਕਿ ਸਰਕਾਰ ਵੱਲੋਂ ਮੰਡੀਆਂ 'ਚੋਂ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੀ ਖਰੀਦ ਪ੍ਰਕਿਰਿਆ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ਉਪਰੰਤ ਅਦਾਇਗੀ 48 ਘੰਟਿਆਂ 'ਚ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲੇ ਦੀਆਂ ਮੰਡੀਆਂ 'ਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ। 
ਇਸ ਸੀਜ਼ਨ ਦੌਰਾਨ ਬੀਤੀ ਸ਼ਾਮ ਤੱਕ ਪੁੱਜੇ ਕੁਲ 12,09,792 ਮੀਟ੍ਰਿਕ ਟਨ ਝੋਨੇ 'ਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 12,03,025 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦ ਕੀਤੇ ਗਏ ਝੋਨੇ 'ਚੋਂ 10,47,938 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕਰਵਾਈ ਗਈ ਹੈ। ਇਸ ਮੌਕੇ ਜ਼ਿਲਾ ਮੰਡੀ ਅਫਸਰ ਜਸਵੀਰ ਸਿੰਘ ਨੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਸਬੰਧੀ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 4,23,333 ਮੀਟ੍ਰਿਕ ਟਨ, ਮਾਰਕਫੈੱਡ 2,82,092 ਮੀਟ੍ਰਿਕ ਟਨ, ਪਨਸਪ 2,42,774 ਮੀਟ੍ਰਿਕ ਟਨ, ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1,42,226 ਮੀਟ੍ਰਿਕ ਟਨ, ਪੰਜਾਬ ਐਗਰੋ 1,01,843 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 10,757 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।


Related News