ਡਾ. ਮੀਨਾਕਸ਼ੀ ਢੀਂਗਰਾ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ
Thursday, Apr 16, 2026 - 05:27 PM (IST)
ਫ਼ਿਰੋਜ਼ਪੁਰ (ਸੋਨੂੰ ਚੋਪੜਾ) : ਡਾ. ਮੀਨਾਕਸ਼ੀ ਢੀਂਗਰਾ ਵੱਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲ ਲਿਆ ਗਿਆ। ਇਸ ਮੌਕੇ ਦਫ਼ਤਰ ਸਿਵਲ ਸਰਜਨ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸਟਾਫ਼ ਵੱਲੋਂ ਡਾ. ਮੀਨਾਕਸ਼ੀ ਢੀਂਗਰਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ। ਡਾ. ਮੀਨਾਕਸ਼ੀ ਢੀਂਗਰਾ ਇਸ ਤੋਂ ਪਹਿਲਾਂ ਫ਼ਿਰੋਜ਼ਪੁਰ ਵਿਖੇ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਚੁੱਕੇ ਹਨ। ਉਹ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੇ ਅਹੁਦੇ ’ਤੇ ਤਾਇਨਾਤ ਰਹੇ। ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਡਾ. ਮੀਨਾਕਸ਼ੀ ਢੀਂਗਰਾ ਨੇ ਕਿਹਾ ਕਿ ਲੋਕ ਹਿੱਤ ’ਚ ਸਾਰੀਆਂ ਸਰਕਾਰੀ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਅਤੇ ਸਰਕਾਰੀ ਹਸਪਤਾਲਾਂ ’ਚ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਉਨ੍ਹਾਂ ਦਾ ਮੁੱਖ ਮਕਸਦ ਹੈ।
ਉਨ੍ਹਾਂ ਸਖ਼ਤ ਸ਼ਬਦਾਂ ’ਚ ਮਿਲਾਵਟਖ਼ੋਰਾਂ ਨੂੰ ਚਿਤਾਵਨੀ ਦਿੱਤੀ ਕਿ ਖਾਧ ਪਦਾਰਥਾਂ ’ਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਖਾਣ-ਪੀਣ ਵਾਲੀਆਂ ਵਸਤੂਆਂ ਸ਼ੁੱਧ ਅਤੇ ਸਾਫ਼ ਮਿਲਣ, ਇਸ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਇਲਾਜ ਕਰਵਾਉਣ ਆਏ ਮਰੀਜ਼ਾਂ ਨੂੰ ਆਪਣੇ ਪੱਲਿਓਂ ਪੈਸੇ ਖ਼ਰਚ ਨਾ ਕਰਨੇ ਪੈਣ, ਇਸ ਲਈ ਉਚੇਚੇ ਪ੍ਰਬੰਧ ਕੀਤੇ ਜਾਣਗੇ।
