ਡਾ.ਓਬਰਾਏ ਦੀ ਨਿਰਸਵਾਰਥ ਸੇਵਾ ਨੇ ਪੂਰੀ ਦੁਨੀਆਂ ਅੰਦਰ ਸਿੱਖ ਧਰਮ ਦਾ  ਮਾਣ ਵਧਾਇਆ : ਸੰਤ ਭੂਰੀਵਾਲੇ

Saturday, Sep 19, 2020 - 05:11 PM (IST)

ਡਾ.ਓਬਰਾਏ ਦੀ ਨਿਰਸਵਾਰਥ ਸੇਵਾ ਨੇ ਪੂਰੀ ਦੁਨੀਆਂ ਅੰਦਰ ਸਿੱਖ ਧਰਮ ਦਾ  ਮਾਣ ਵਧਾਇਆ : ਸੰਤ ਭੂਰੀਵਾਲੇ

ਅੰਮ੍ਰਿਤਸਰ (ਸੁਮਿਤ ਖੰਨਾ) -  ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰ ਰਹੇ ਹਨ। ਉਹ ਬਿਨਾਂ ਕਿਸੇ ਸਵਾਰਥ ਦੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ 'ਚ ਜੁਟੇ ਹਨ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਵਿੱਢੀ ਗਈ ਮੁਹਿੰਮ ਤਹਿਤ ਸਥਾਨਕ ਸ਼ਹਿਰ ਨੇੜਲੇ ਗੁਰਦੁਆਰਾ ਪਲਾਹ ਸਾਹਿਬ ਵਿਖੇ ਇਲਾਕੇ ਦੇ ਰੁਜ਼ਗਾਰ ਹੀਣ ਹੋਏ ਗ੍ਰੰਥੀ ਸਿੰਘਾਂ ਤੇ ਹੋਰਨਾਂ ਸੇਵਾਦਾਰਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਮੁਹੱਈਆ ਕਰਵਾ ਰਹੇ ਹਨ।

ਇਸ ਦੌਰਾਨ ਉਚੇਚੇ ਤੌਰ 'ਤੇ ਪਹੁੰਚੇ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹੁਣ ਤੱਕ ਕaਰੋਨਾ ਮਹਾਮਾਰੀ ਕਾਰਨ ਪ੍ਰਭਾਵਿਤ ਹੋਏ 2 ਲੱਖ ਤੋਂ ਵਧੇਰੇ ਲੋੜਵੰਦ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਟਰੱਸਟ ਵੱਲੋਂ ਅੰਗਹੀਣ ਵਿਅਕਤੀਆਂ ਤੋਂ ਇਲਾਵਾ ਵੱਖ-ਵੱਖ ਗੁਰੂ ਘਰਾਂ ਅੰਦਰ ਚੱਲਣ ਵਾਲੀਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਤੇ ਹੋਰ ਧਾਰਮਿਕ ਸਮਾਗਮ ਆਦਿ ਬੰਦ ਹੋਣ ਕਾਰਨ ਰੋਜ਼ੀ-ਰੋਟੀ ਤੋਂ ਆਤੁਰ ਹੋਏ ਲੋੜਵੰਦ ਪਾਠੀ ਰਾਗੀ,ਢਾਡੀ ਸਿੰਘਾਂ, ਕਵੀਸ਼ਰਾਂ ਅਤੇ ਕਥਾ ਵਾਚਕਾਂ ਦੇ 15 ਹਜ਼ਾਰ ਦੇ ਲਗਭਗ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਗਹੀਣਾਂ ਅਤੇ ਸਿੱਖ ਪ੍ਰਚਾਰਕਾਂ ਨੂੰ ਦਿੱਤੀ ਜਾਣ ਵਾਲੀ ਰਾਸ਼ਨ ਦੀ ਸਹੂਲਤ ਦਸੰਬਰ ਮਹੀਨੇ ਤੱਕ ਜਾਰੀ ਰਹੇਗੀ।


author

Harinder Kaur

Content Editor

Related News