ਡਾ. ਵੇਰਕਾ ਵੱਲੋਂ ਘੁਮਾਣ ਵਿਖੇ ਭਗਤ ਨਾਮਦੇਵ ਭਵਨ ਦੀ ਉਸਾਰੀ ਲਈ 5 ਕਰੋੜ ਰੁਪਏ ਗ੍ਰਾਂਟ ਦੇਣ ਦਾ ਐਲਾਨ

Sunday, Nov 14, 2021 - 07:01 PM (IST)

ਡਾ. ਵੇਰਕਾ ਵੱਲੋਂ ਘੁਮਾਣ ਵਿਖੇ ਭਗਤ ਨਾਮਦੇਵ ਭਵਨ ਦੀ ਉਸਾਰੀ ਲਈ 5 ਕਰੋੜ ਰੁਪਏ ਗ੍ਰਾਂਟ ਦੇਣ ਦਾ ਐਲਾਨ

ਚੰਡੀਗੜ੍ਹ/ਬਟਾਲਾ (ਬਿਊਰੋ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਭਗਤ ਸ੍ਰੀ ਨਾਮਦੇਵ ਜੀ ਦੇ 751ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ’ਚ ਡਾ. ਰਾਜ ਕੁਮਾਰ ਵੇਰਕਾ, ਸਮਾਜਿਕ ਨਿਆਂ, ਘੱਟ ਗਿਣਤੀ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਸਰਕਾਰ ਨੇ ਸੰਗਤਾਂ ’ਚ ਹਾਜ਼ਰੀ ਭਰੀ। ਇਸ ਮੌਕੇ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ, ਵਿਧਾਇਕ ਕਾਦੀਆਂ ਫ਼ਤਹਿਜੰਗ ਸਿੰਘ ਬਾਜਵਾ, ਵਿਧਾਇਕ ਬਾਬਾ ਬਕਾਲਾ ਸਾਹਿਬ ਸੰਤੋਖ ਸਿੰਘ ਭਲਾਈਪੁਰ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਰਾਜ ਪੱਧਰੀ ਸਮਾਗਮ ਦੌਰਾਨ ਵਿਸ਼ਾਲ ਕੀਰਤਨ ਸਮਾਗਮ ਦੌਰਾਨ ਰਾਗੀ ਸਿੰਘਾਂ ਨੇ ਭਗਤ ਨਾਮਦੇਵ ਜੀ ਦੀ ਬਾਣੀ ਦਾ ਗਾਇਨ ਕੀਤਾ। ਸ਼੍ਰੋਮਣੀ ਭਗਤ ਸ੍ਰੀ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸ਼੍ਰੋਮਣੀ ਭਗਤ ਨਾਮਦੇਵ ਜੀ ਭਗਤੀ ਲਹਿਰ ਦੇ ਉੱਘੇ ਸੰਤ ਹੋਏ ਹਨ ਅਤੇ ਆਪ ਜੀ ਨੇ ਆਪਣੀ ਬਾਣੀ ’ਚ ਊਚ-ਨੀਚ ਦੇ ਪਾੜੇ ਨੂੰ ਖ਼ਤਮ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦੀ ਬਾਣੀ ਦੇ 61 ਸ਼ਬਦ 18 ਰਾਗਾਂ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਦਰਜ ਹਨ, ਜੋ ਕੁਲ ਮਾਨਵਤਾ ਲਈ ਚਾਨਣ ਮੁਨਾਰਾ ਹਨ। ਡਾ. ਵੇਰਕਾ ਨੇ ਕਿਹਾ ਕਿ ਭਗਤ ਨਾਮਦੇਵ ਜੀ ਦਾ ਸਮੁੱਚਾ ਜੀਵਨ ਅਤੇ ਉਨ੍ਹਾਂ ਦੀ ਬਾਣੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ ਅਤੇ ਹਰ ਪ੍ਰਾਣੀ ਮਾਤਰ ਨੂੰ ਇਸ ਤੋਂ ਸੇਧ ਲੈਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਨਵਜੋਤ ਕੌਰ ਸਿੱਧੂ ਦਾ ਕੈਪਟਨ ’ਤੇ ਸ਼ਬਦੀ ਹਮਲਾ, ਕਿਹਾ-ਮੇਰੇ ਪਤੀ ਕਦੀ ਵੀ ਪਿੱਠ ਦਿਖਾ ਕੇ ਪਾਰਟੀ ਨਹੀਂ ਛੱਡਦੇ (ਵੀਡੀਓ)
 
ਇਸ ਮੌਕੇ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਕਹਿ ਕੇ ਭੇਜਿਆ ਹੈ ਕਿ ਘੁਮਾਣ ਦੀ ਸੰਗਤ ਵੱਲੋਂ ਜੋ ਵੀ ਮੰਗ ਕੀਤੀ ਜਾਵੇਠ ਉਸ ਨੂੰ ਪੂਰਾ ਕੀਤਾ ਜਾਵੇ ਅਤੇ ਸੰਗਤਾਂ ਦੀ ਮੰਗ ’ਤੇ ਮੁੱਖ ਮੰਤਰੀ ਵੱਲੋਂ ਉਹ ਐਲਾਨ ਕਰਦੇ ਹਨ ਕਿ ਪੰਜਾਬ ਸਰਕਾਰ ਵੱਲੋਂ 5 ਕਰੋੜ ਰੁਪਏ ਦੀ ਲਾਗਤ ਨਾਲ ਘੁਮਾਣ ’ਚ ਭਗਤ ਨਾਮਦੇਵ ਭਵਨ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਗ੍ਰਾਂਟ ਬਹੁਤ ਜਲਦ ਜਾਰੀ ਕਰ ਦਿੱਤੀ ਜਾਵੇਗੀ। ਡਾ. ਵੇਰਕਾ ਨੇ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਲਈ ਜੋ ਵੀ ਫੰਡ ਲੋੜੀਂਦੇ ਹਨ, ਉਨ੍ਹਾਂ ਸਬੰਧੀ ਐਸਟੀਮੇਟ ਬਣਾ ਕੇ ਸਰਕਾਰ ਨੂੰ ਭੇਜਿਆ ਜਾਵੇ, ਉਹ ਵੀ ਪੂਰਾ ਕਰ ਦਿੱਤਾ ਜਾਵੇਗਾ। ਡਾ. ਵੇਰਕਾ ਨੇ ਪ੍ਰਕਾਸ਼ ਪੁਰਬ ਸਬੰਧੀ ਰਾਜ ਪੱਧਰੀ ਸਮਾਗਮ ਦੀ ਸਫ਼ਲਤਾ ਦੀ ਖੁਸ਼ੀ ’ਚ   15 ਨਵੰਬਰ ਨੂੰ ਬਟਾਲਾ ਤਹਿਸੀਲ ’ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ। ਇਸ ਮੌਕੇ ਡਾ. ਵੇਰਕਾ ਨੇ ਸ੍ਰੀ ਨਾਮਦੇਵ ਦਰਬਾਰ, ਗੁਰਦੁਆਰਾ ਸ੍ਰੀ ਤਪਿਆਣਾ ਸਾਹਿਬ ਅਤੇ ਭੱਟੀਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਵੀ ਮੱਥਾ ਟੇਕਿਆ। ਇਸ ਤੋਂ ਪਹਿਲਾਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਵੀ ਸੰਗਤਾਂ ਨੂੰ ਭਗਤ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਹਲਕੇ ਅਤੇ ਖਾਸ ਕਰਕੇ ਨਾਮਦੇਵ ਨਗਰ ਘੁਮਾਣ ’ਚ ਕਰਵਾਏ ਵਿਕਾਸ ਕਾਰਜਾਂ ਦੀ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ। ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਅਤੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਵੀ ਸੰਗਤਾਂ ਨੂੰ ਪਾਵਨ ਪੁਰਬ ਦੀਆਂ ਵਧਾਈਆਂ ਦਿੱਤੀਆਂ। ਸ੍ਰੀ ਨਾਮਦੇਵ ਦਰਬਾਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਵਿਧਾਇਕ ਬਲਵਿੰਦਰ ਸਿੰਘ ਲਾਡੀ, ਵਿਧਾਇਕ ਫ਼ਤਹਿ ਜੰਗ ਸਿੰਘ ਬਾਜਵਾ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਦਾ ਸਨਮਾਨ ਕੀਤਾ ਗਿਆ।  ਇਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਲਰਾਜ ਸਿੰਘ, ਐੱਸ. ਡੀ. ਐੱਮ. ਬਟਾਲਾ ਰਾਮ ਸਿੰਘ, ਐੱਸ. ਪੀ. ਗੁਰਪ੍ਰੀਤ ਸਿੰਘ, ਡੀ. ਡੀ. ਪੀ. ਓ. ਹਰਜਿੰਦਰ ਸਿੰਘ ਸੰਧੂ, ਐਕਸੀਨ ਹਰਜੋਤ ਸਿੰਘ, ਸ੍ਰੀ ਨਾਮਦੇਵ ਦਰਬਾਰ (ਰਜਿ:) ਦੇ ਪ੍ਰਧਾਨ ਤਰਸੇਮ ਸਿੰਘ ਬਾਵਾ, ਸਰਪੰਚ ਘੁਮਾਣ ਨਰਿੰਦਰ ਸਿੰਘ ਨਿੰਦੀ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕੇ ਦੀ ਸੰਗਤ ਹਾਜ਼ਰ ਸੀ।

ਇਹ ਵੀ ਪੜ੍ਹੋ : ਧੋਖਾ ਹੈ 13 ਨੁਕਾਤੀ ਏਜੰਡਾ, ਸਿਰਫ਼ ਬੇਅਦਬੀ ਦੇ ਇਨਸਾਫ਼ ਬਾਰੇ ਹੀ ਦੱਸ ਦੇਣ ਕਾਂਗਰਸੀ : ਹਰਪਾਲ ਚੀਮਾ


author

Manoj

Content Editor

Related News