ਦੇਸ਼ ''ਚ ਲੋਕਤੰਤਰ ਦੇ ਘਾਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਜਾਖੜ

12/06/2018 4:19:43 PM

ਚੰਡੀਗੜ੍ਹ : ਸ਼ਹਿਰ 'ਚ ਪੰਜਾਬ ਭਵਨ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 'ਮਹਾਂਪਰੀਨਿਰਵਾਣ ਦਿਵਸ' ਮਨਾਇਆ ਗਿਆ। ਇਸ ਮੌਕੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਉਨ੍ਹਾਂ ਵਲੋਂ ਰਾਸ਼ਟਰ ਦੇ ਨਿਰਮਾਣ 'ਚ ਦਿੱਤੇ ਯੋਗਦਾਨ ਨੂੰ ਯਾਦ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਨੀਲ ਜਾਖੜ ਪੁੱਜੇ, ਉਨ੍ਹਾਂ ਦੇ ਨਾਲ ਕਈ ਹੋਰ ਸਿਆਸੀ ਆਗੂਆਂ ਨੇ ਵੀ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਬਾਬਾ ਸਾਹਿਬ ਨੇ ਰਾਸ਼ਟਰ ਦੇ ਨਿਰਮਾਣ 'ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਪਰ ਵਰਤਮਾਨ 'ਚ ਦੇਸ਼ ਦੀਆਂ ਸੰਵਿਧਾਨਿਕ ਸੰਸਥਾਵਾਂ ਅਤੇ ਲੋਕਤੰਤਰ ਦਾ ਘਾਣ ਹੋ ਰਿਹਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਮੌਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ।
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਅੰਮ੍ਰਿਤਸਰ 'ਚ ਦੁਸਹਿਰੇ ਵਾਲੇ ਦਿਨ ਹੋਏ ਹਾਦਸੇ 'ਚ ਕਲੀਨ ਚਿੱਟ ਮਿਲਣ 'ਤੇ ਜਾਖੜ ਨੇ ਕਿਹਾ ਕਿ ਇਹ ਜਾਂਚ 'ਚ ਸਾਬਿਤ ਹੋ ਗਿਆ ਹੈ ਕਿ ਦੋਵੇਂ ਬੇਕਸੂਰ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਿਸੇ ਨੇ ਸਿੱਧੂ ਜੋੜੇ ਨੂੰ ਕਸੂਰਵਾਰ ਨਹੀਂ ਮੰਨਿਆ ਸੀ ਅਤੇ ਇਹ ਸਭ  ਕੁਝ ਸਿਆਸਤ ਤੋਂ ਪ੍ਰੇਰਿਤ ਸੀ। ਸੁਨੀਲ ਜਾਖੜ ਨੇ ਕਿਹਾ ਕਿ ਜਿਹੜੇ ਵੀ ਵਿਅਕਤੀ ਇਸ ਰਿਪੋਰਟ 'ਚ ਦੋਸ਼ੀ ਪਾਏ ਗਏ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। 


Babita

Content Editor

Related News