ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ ''ਤੇ ਕੀ ਬੋਲੇ ਡਾ. ਦਲਜੀਤ ਸਿੰਘ ਚੀਮਾ

Friday, Aug 30, 2024 - 06:56 PM (IST)

ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ ''ਤੇ ਕੀ ਬੋਲੇ ਡਾ. ਦਲਜੀਤ ਸਿੰਘ ਚੀਮਾ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਵੀ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤਾ ਗਿਆ ਹੈ, ਸ਼੍ਰੋਮਣੀ ਅਕਾਲੀ ਦਲ ਉਸ ਹੁਕਮ ਨੂੰ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ।

ਉਨ੍ਹਾਂ ਕਿਹਾ ਕਿ ਜਿਸ ਦਿਨ ਸੁਖਬੀਰ ਸਿੰਘ ਬਾਦਲ ਬਤੌਰ ਪ੍ਰਧਾਨ ਵਜੋਂ ਸਪਸ਼ਟੀਕਰਨ ਦੇ ਕੇ ਆਏ ਸਨ ਤਾਂ ਉਨ੍ਹਾਂ ਨੇ ਉਸ ਦਿਨ ਵੀ ਬਿਲਕੁਲ ਸਪੱਸ਼ਟ ਕੀਤਾ ਸੀ ਕਿ ਜੋ ਹੁਕਮ ਸ਼੍ਰੋਮਣੀ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਵੇਗਾ, ਉਸ ਹੁਕਮ ਨੂੰ ਅਸੀਂ ਪ੍ਰਵਾਨ ਕਰਾਂਗੇ। ਉਨ੍ਹਾਂ ਕਿਹਾ ਕਿ ਇਸ ਕਰਕੇ ਅੱਜ ਜਿਹੜਾ ਹੁਕਮ ਸੁਖਬੀਰ ਸਿੰਘ ਬਾਦਲ ਅਤੇ ਉਸ ਸਮੇਂ ਦੇ ਕੈਬਨਿਟ ਮੰਤਰੀਆਂ ਵਾਸਤੇ ਆਇਆ ਹੈ, ਅਸੀਂ ਉਸ ਨੂੰ ਸਿਰ ਨਿਵਾਂ ਕੇ ਪ੍ਰਵਾਨ ਕਰਦੇ ਹਾਂ। ਜਿਸ ਤਰੀਕੇ ਸਾਨੂੰ ਹੁਕਮ ਹੋਏ ਹਨ, ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋ ਕੇ ਆਪਣਾ ਸਪੱਸ਼ਟੀਕਰਨ ਦੇਵਾਂਗਾ ਅਤੇ ਜੋ ਸੁਖਬੀਰ ਸਿੰਘ ਬਾਦਲ ਸਾਬ੍ਹ ਨੂੰ ਹੁਕਮ ਹੋਏ ਹਨ, ਉਹ ਵੀ ਉਸ ਹੁਕਮ ਨੂੰ ਪੂਰਾ ਕਰਨਗੇ। ਗੁਰੂ ਬਹੁਤ ਵੱਡਾ ਹੈ ਅਤੇ ਭਾਵੇਂ ਕੋਈ ਗੁਨਾਹ ਹੋਵੇ ਜਾਂ ਪਾਪ ਜੇਕਰ ਗੁਰੂ ਬਖ਼ਸ਼ਣ 'ਤੇ ਆ ਜਾਵੇ ਤਾਂ ਉਹ ਬਖ਼ਸ਼ ਦਿੰਦਾ ਹੈ। ਗੁਰੂ 'ਤੇ ਸਾਨੂੰ ਭਰੋਸਾ ਹੈ ਅਤੇ ਵੱਡੇ ਤੋਂ ਵੱਡੇ ਪਾਪ ਵੀ ਉਥੇ ਬਖ਼ਸ਼ੇ ਜਾਂਦੇ ਹਨ। ਸਾਡੀ ਕੋਸ਼ਿਸ਼ ਹੋਵੇਗੀ ਕਿ ਜਲਦੀ ਤੋਂ ਜਲਦੀ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇ ਸਕੀਏ।

ਇਹ ਵੀ ਪੜ੍ਹੋ- ਜਾਣੋ ਕੌਣ ਹਨ ਅਕਾਲੀ ਦਲ ਦੇ ਨਵੇਂ ਬਣੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ

ਉਨ੍ਹਾਂ ਕਿਹਾ ਕਿ ਪਾਰਟੀ ਵਿਚ ਲਗਾਤਾਰ ਸੰਘਰਸ਼ ਚੱਲਦਾ ਰਹਿੰਦਾ ਹੈ। ਇਹ ਗੱਲ ਸਹੀ ਹੈ ਕਿ ਪਾਰਟੀ ਦੀ ਮਜ਼ਬੂਤੀ ਵਿਚ ਕੁਝ ਕਮੀ ਆਈ ਹੈ, ਇਸ ਕਰਕੇ ਹੀ ਸਾਨੂੰ ਵਿਧਾਨ ਸਭਾ, ਲੋਕ ਸਭਾ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਹ ਇਕ ਸੱਚਾਈ ਹੈ, ਜਿਸ ਨੂੰ ਪਾਰਟੀ ਪ੍ਰਵਾਨ ਕਰਦੀ ਹੈ। ਪਾਰਟੀ ਦੀਆਂ ਕਮੀਆਂ ਨੂੰ ਕਿਵੇਂ ਦੂਰ ਕਰਨਾ ਹੈ, ਉਸ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।   

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਦੌਰਾਨ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ 'ਤੇ ਪੰਜ ਸਿੰਘ ਸਾਹਿਬਾਨਾਂ ਵਲੋਂ ਲਿਆ ਗਿਆ ਫ਼ੈਸਲਾ ਸੁਣਾਉਂਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਉਪ ਮੁੱਖ ਮੰਤਰੀ ਹੁੰਦਿਆਂ ਕੁਝ ਅਜਿਹੇ ਫੈਸਲੇ ਲਏ ਜਿਨ੍ਹਾਂ ਨਾਲ ਸਿੱਖ ਪੰਥ ਅਤੇ ਸਿੱਖ ਸੰਗਤ ਨੂੰ ਭਾਰੀ ਢਾਹ ਲੱਗੀ। ਇਸ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਵੀ ਪਤਲੀ ਹੋਈ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਮਚਿਆ ਚੀਕ-ਚਿਹਾੜਾ

ਇਸ ਦੇ ਨਾਲ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ 2007 ਤੋਂ 2017 ਤਕ ਅਕਾਲੀ ਸਰਕਾਰ ਵਿਚ ਮੌਜੂਦ ਰਹੇ ਭਾਈਵਾਲ ਅਤੇ ਸਿੱਖ ਕੈਬਨਿਟ ਮੰਤਰੀ ਇਸ ਸਬੰਧੀ ਆਪਣਾ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਨਿੱਜੀ ਰੂਪ ਵਿਚ ਪੇਸ਼ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਦੇਣ। ਉਨ੍ਹਾਂ ਕਿਹਾ ਕਿ ਜਦੋਂ ਤਕ ਸੁਖਬੀਰ ਸਿੰਘ ਬਾਦਲ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ, ਗੁਰੂ ਸਾਹਿਬ ਦੀ ਹਜ਼ੂਰੀ ਵਿਚ ਸਿੱਖ ਸੰਗਤ ਅਤੇ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗਦਾ ਉਦੋਂ ਤਕ ਉਸ ਨੂੰ ਤਨਖ਼ਾਹੀਆ ਐਲਾਨਿਆ ਜਾਂਦਾ ਹੈ। 
 

ਇਹ ਵੀ ਪੜ੍ਹੋ- ਪੰਜਾਬ ਕੈਬਨਿਟ 'ਚ ਲਏ ਗਏ ਅਹਿਮ ਫ਼ੈਸਲੇ, ਸੂਬੇ 'ਚ ਵਧਾਈਆਂ ਗਈਆਂ PCS ਦੀਆਂ ਪੋਸਟਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News