ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਐੱਸ. ਐੱਸ. ਪੀ. ਨੇ ਚੋਣ ਅਧਿਕਾਰੀ ਨੂੰ ਭੇਜੀ ਰਿਪੋਰਟ

10/21/2019 2:48:11 PM

ਚੰਡੀਗੜ੍ਹ (ਜੱਸੋਵਾਲ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਕੁਝ ਵੀਡੀਓ ਕਲਿੱਪ ਉਨ੍ਹਾਂ ਕੋਲ ਆਏ ਸਨ, ਜਿਸ ਤੋਂ ਬਾਅਦ ਇਹ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੂੰ ਭੇਜੇ ਗਏ ਅਤੇ ਪੂਰੇ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਗਿਆ। ਨਾਲ ਹੀ ਇਹ ਵੀ ਨਿਰਦੇਸ਼ ਦਿੱਤਾ ਗਿਆ ਕਿ ਜੇਕਰ ਚੋਣ ਜ਼ਾਬਤੇ ਦੀ ਉਲੰਘਣਾ ਕਿਤੇ ਦਿਖਾਈ ਦਿੰਦੀ ਹੈ ਤਾਂ ਉਸ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ।
ਐੱਸ. ਐੱਸ. ਪੀ. ਵਲੋਂ ਮੁੱਖ ਚੋਣ ਅਧਿਕਾਰੀ ਨੂੰ ਇਸ ਮਾਮਲੇ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਅਤੇ ਕਾਰਵਾਈ ਕਰਦੇ ਹੋਏ ਨੋਟਿਸ ਵੀ ਜਾਰੀ ਕੀਤੇ ਗਏ ਹਨ। ਇਸ ਤੋਂ ਬਾਅਦ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜਾਰੀ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਸਖਤ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਹੈ ਕਿ ਵੋਟ ਪ੍ਰਕਿਰਿਆ 'ਚ ਜਿੱਥੇ ਵੀ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਵੇਗਾ, ਇਸੇ ਤਰ੍ਹਾਂ ਨਾਲ ਸਖਤ ਕਾਰਵਾਈ ਕੀਤੀ ਜਾਵੇਗੀ।


Babita

Content Editor

Related News