ਮੁੱਖ ਮੰਤਰੀ ਨੇ ਸਹੌਲੀ ਪਿੰਡ ''ਚ ਪੀਣ ਦੇ ਸਾਫ ਪਾਣੀ ਦੀ ਸਪਲਾਈ ਦੇਣ ਦੇ ਨਿਰਦੇਸ਼ ਦਿੱਤੇ

Friday, Jul 28, 2017 - 06:52 AM (IST)

ਮੁੱਖ ਮੰਤਰੀ ਨੇ ਸਹੌਲੀ ਪਿੰਡ ''ਚ ਪੀਣ ਦੇ ਸਾਫ ਪਾਣੀ ਦੀ ਸਪਲਾਈ ਦੇਣ ਦੇ ਨਿਰਦੇਸ਼ ਦਿੱਤੇ

ਜਲੰਧਰ  (ਧਵਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਜ਼ਿਲੇ ਦੇ ਸੁਧਾਰ ਬਲਾਕ ਵਿਚ ਪੈਂਦੇ ਪਿੰਡ ਸਹੌਲੀ ਵਿਚ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦੀਆਂ ਮਿਲ ਰਹੀਆਂ ਖਬਰਾਂ ਨੂੰ ਵੇਖਦਿਆਂ ਇਸ ਵਿਚ ਦਖਲ ਦਿੰਦਿਆਂ ਅੱਜ ਸੰਬੰਧਤ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਪ੍ਰਭਾਵਿਤ ਇਲਾਕਿਆਂ ਵਿਚ ਸਾਫ ਪੀਣ ਦੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਵੇ। ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਆਖਿਰ ਅਧਿਕਾਰੀਆਂ ਨੇ ਦੂਸ਼ਿਤ ਪਾਣੀ ਦੀ ਸਪਲਾਈ ਦਾ ਖੁਦ ਨੋਟਿਸ ਕਿਉਂ ਨਹੀਂ ਲਿਆ। ਮੁੱਖ ਮੰਤਰੀ ਨੇ ਜਦੋਂ ਕੁਝ ਅਖਬਾਰਾਂ ਵਿਚ ਛਪੀਆਂ ਰਿਪੋਰਟਾਂ ਦੇਖੀਆਂ ਤਾਂ ਉਨ੍ਹਾਂ ਖੁਦ ਹੀ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਤੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਸੈਕਰੇਟਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਇਸਨੂੰ ਪਹਿਲ ਦੇ ਆਧਾਰ 'ਤੇ ਲੈਂਦਿਆਂ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਪ੍ਰਬੰਧ ਕਰਨ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਦੂਸ਼ਿਤ ਪਾਣੀ ਦੀ ਸਪਲਾਈ ਨੂੰ ਵੇਖਦਿਆਂ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਉਨ੍ਹਾਂ ਦੀ ਸਿਹਤ 'ਤੇ ਕੋਈ ਮਾੜਾ ਅਸਰ ਨਾ ਪਵੇ।
ਲੁਧਿਆਣਾ ਦੇ ਮਿਊਂਸੀਪਲ ਕਮਿਸ਼ਨਰ ਨੂੰ ਵੀ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਹਨ ਕਿ ਉਹ ਸਥਿਤੀ 'ਤੇ ਪੂਰੀ ਨਜ਼ਰ ਰੱਖਣ ਤੇ ਸਾਫ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ। ਜਦੋਂ ਤੱਕ ਅਧਿਕਾਰੀ ਦੂਸ਼ਿਤ ਪਾਣੀ ਦੀ ਸਪਲਾਈ ਨੂੰ ਠੀਕ ਨਹੀਂ ਕਰ ਲੈਂਦੇ, ਤਦ ਤੱਕ ਲੁਧਿਆਣਾ ਕਮਿਸ਼ਨਰ ਵਲੋਂ ਸਾਫ ਪਾਣੀ ਲੋਕਾਂ ਨੂੰ ਪੀਣ ਲਈ ਮੁਹੱਈਆ ਕਰਵਾਇਆ ਜਾਵੇ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਮਾਨਸੂਨ ਦੇ ਦਿਨਾਂ ਵਿਚ ਖਾਸ ਤੌਰ 'ਤੇ ਚੌਕਸ ਰਹਿਣ ਲਈ ਕਿਹਾ ਹੈ ਕਿਉਂਕਿ ਮੀਂਹ ਦੇ ਦਿਨਾਂ ਵਿਚ ਸੀਵਰੇਜ ਦੀਆਂ ਪਾਈਪਾਂ ਵਿਚ ਕਈ ਵਾਰ ਦੂਸ਼ਿਤ ਪਾਣੀ ਮਿਲ ਜਾਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਘੇਰ ਲੈਂਦੀਆਂ ਹਨ।


Related News