ਪਟਿਆਲਾ ਜ਼ਿਲ੍ਹੇ ਨੂੰ 24 ਘੰਟੇ ਮਿਲੇਗਾ ਪੀਣ ਵਾਲਾ ਪਾਣੀ, ਅਧਿਕਾਰੀਆਂ ਨੂੰ ਦਿੱਤੇ ਗਏ ਖ਼ਾਸ ਨਿਰਦੇਸ਼
Friday, Aug 19, 2022 - 04:23 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸ਼ਹਿਰੀ ਖੇਤਰਾਂ 'ਚ ਰਹਿੰਦੀ ਆਬਾਦੀ ਨੂੰ ਬਿਹਤਰੀਨ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਦਿਸ਼ਾ 'ਚ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਪਟਿਆਲਾ ਸ਼ਹਿਰ ਲਈ 342 ਕਰੋੜ ਰੁਪਏ ਦੀ ਲਾਗਤ ਵਾਲੀ 24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਇਸ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਉਪਰੰਤ ਵਿਭਾਗੀ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਇਕ ਸਾਲ ਦੇ ਅੰਦਰ-ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਪਟਿਆਲਾ ਸ਼ਹਿਰ ਵਾਸੀਆਂ ਨੂੰ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਮਿਲੇਗੀ। ਇਹ ਪਾਣੀ ਜ਼ਰੂਰੀ ਖਣਿਜ ਪਦਾਰਥਾਂ ਨਾਲ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਸ਼ਹਿਰ 'ਚ ਪਾਣੀ ਦੀ ਸਪਲਾਈ ਦੇ ਪ੍ਰੈਸ਼ਰ 'ਚ ਵੀ ਸੁਧਾਰ ਆਵੇਗਾ, ਜਿਸ ਕਾਰਨ ਲੋਕਾਂ ਨੂੰ ਸਬਮਰਸੀਬਲ ਪੰਪਾਂ ਅਤੇ ਆਰ. ੳ. 'ਤੇ ਖ਼ਰਚਾ ਕਰਨ ਦੀ ਲੋੜ ਨਹੀਂ ਪਵੇਗੀ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਪਾਣੀ ਦੀ ਸਪਲਾਈ ਲਈ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਵੇਗੀ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ।
ਇਹ ਵੀ ਪੜ੍ਹੋ : CM ਮਾਨ ਵੱਲੋਂ PAU ਦੇ ਨਵੇਂ ਵਾਈਸ ਚਾਂਸਲਰ ਦਾ ਐਲਾਨ, ਟਵੀਟ ਕਰਕੇ ਦਿੱਤੀਆਂ ਸ਼ੁਭਕਾਮਨਾਵਾਂ
ਇਹ ਧਰਤੀ ਹੇਠਲੇ ਪਾਣੀ ਨੂੰ ਹੋਰ ਡੂੰਘਾ ਜਾਣ ਤੋਂ ਰੋਕਣ 'ਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਰਵਿਘਨ ਪਾਣੀ ਦੀ ਸਪਲਾਈ ਹੋਣ ਕਾਰਨ ਘਰ 'ਚ ਸਟੋਰੇਜ ਟੈਂਕੀਆਂ ਬਣਾਉਣ ਦੀ ਲੋੜ ਨਹੀਂ ਹੋਵੇਗੀ ਤੇ ਗੰਦੇ ਪਾਣੀ ਦੀ ਮਿਕਸਿੰਗ ਦੀ ਸਮੱਸਿਆ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਪਟਿਆਲਾ ਸ਼ਹਿਰ 'ਚ ਇਕ ਲੱਖ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਪਟਿਆਲਾ ਸ਼ਹਿਰ ਦੇ 5 ਲੱਖ ਲੋਕਾਂ ਨੂੰ ਲਾਭ ਮਿਲੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ