ਸਰਹੱਦ ਪਾਰੋਂ ਡਰੋਨ ਗਤੀਵਿਧੀਆਂ ਵੱਡੀ ਚੁਣੌਤੀ, ਪੂਰੀ ਤਰ੍ਹਾਂ ਕਾਬੂ ਪਾਉਣਾ ਅਜੇ ਬਾਕੀ : ਰਾਜਪਾਲ
Thursday, Feb 12, 2026 - 03:06 PM (IST)
ਫਾਜ਼ਿਲਕਾ (ਸੁਨੀਲ ਨਾਗਪਾਲ) : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਅਬੋਹਰ ਵਿਖੇ ਨਸ਼ਿਆਂ ਦੇ ਕੋਹੜ ਖ਼ਿਲਾਫ਼ ਇੱਕ ਵਿਸ਼ਾਲ ਪੈਦਲ ਮਾਰਚ ਦੀ ਅਗਵਾਈ ਕੀਤੀ। ਇਸ ਮੁਹਿੰਮ ਦੀ ਸ਼ੁਰੂਆਤ ਅਬੋਹਰ ਦੇ ਰੇਲਵੇ ਸਟੇਸ਼ਨ ਤੋਂ ਕੀਤੀ ਗਈ, ਜੋ ਕਿ ਅਬੋਹਰ-ਹਨੂੰਮਾਨਗੜ੍ਹ ਰੋਡ 'ਤੇ ਸਥਿਤ ਡੀ. ਏ. ਵੀ. ਕਾਲਜ ਤੱਕ ਪਹੁੰਚੀ। ਰਾਜਪਾਲ ਨੇ ਸ਼ਾਂਤੀ ਦੇ ਪ੍ਰਤੀਕ ਰੰਗ-ਬਿਰੰਗੇ ਗੁਬਾਰੇ ਛੱਡ ਕੇ ਇਸ ਜਾਗਰੂਕਤਾ ਯਾਤਰਾ ਦਾ ਆਗਾਜ਼ ਕੀਤਾ, ਜਿਨ੍ਹਾਂ ਨਾਲ ਨਸ਼ਾ ਵਿਰੋਧੀ ਸਲੋਗਨ ਲਿਖੀਆਂ ਤਖਤੀਆਂ ਬੰਨ੍ਹੀਆਂ ਹੋਈਆਂ ਸਨ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਸਾਡੇ ਗੁਆਂਢੀ ਮੁਲਕ ਵੱਲੋਂ ਸਾਡੀ ਨੌਜਵਾਨ ਪੀੜ੍ਹੀ ਨੂੰ ਕਮਜ਼ੋਰ ਕਰਨ ਦੀ ਇੱਕ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ।
ਉਨ੍ਹਾਂ ਨਸ਼ੇ ਨੂੰ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਕਮਜ਼ੋਰੀ ਦੱਸਦਿਆਂ ਕਿਹਾ ਕਿ ਗੁਆਂਢੀ ਦੇਸ਼ਾਂ ਨੇ ਇਸ ਨੂੰ ਦੇਸ਼ ਨੂੰ ਅੰਦਰੋਂ ਖੋਖਲਾ ਕਰਨ ਲਈ ਇੱਕ ਹਥਿਆਰ ਵਜੋਂ ਵਰਤਿਆ ਹੈ। ਰਾਜਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਜਦੋਂ ਤੱਕ ਸਮਾਜ ਦਾ ਹਰ ਵਿਅਕਤੀ ਇਸ ਮੁਹਿੰਮ 'ਚ ਸ਼ਾਮਲ ਨਹੀਂ ਹੁੰਦਾ, ਉਦੋਂ ਤੱਕ ਨਸ਼ਾ ਮੁਕਤ ਪੰਜਾਬ ਅਤੇ ਨਸ਼ਾ ਮੁਕਤ ਦੇਸ਼ ਦਾ ਸੁਫ਼ਨਾ ਪੂਰਾ ਕਰਨਾ ਆਸਾਨ ਨਹੀਂ ਹੈ। ਸਰਹੱਦੀ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਗੁਆਂਢੀ ਮੁਲਕ ਤੋਂ ਹੋ ਰਹੀਆਂ ਡਰੋਨ ਗਤੀਵਿਧੀਆਂ ਇੱਕ ਵੱਡੀ ਚੁਣੌਤੀ ਬਣੀਆਂ ਹੋਈਆਂ ਹਨ।
ਇਹ ਵੀ ਪੜ੍ਹੋ : ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਰੱਦ ਕੀਤੇ ਲਾਇਸੈਂਸ, ਹਥਿਆਰ ਰੱਖਣ ਦੇ ਸ਼ੌਕੀਨਾਂ 'ਚ ਮਚੀ ਤੜਥੱਲੀ
ਹਾਲਾਂਕਿ ਕਈ ਡਰੋਨ ਸੁੱਟੇ ਗਏ ਹਨ ਅਤੇ ਕਈ ਕਬਜ਼ੇ 'ਚ ਲਏ ਗਏ ਹਨ, ਪਰ ਅਜੇ ਤੱਕ ਡਰੋਨਾਂ 'ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ। ਉਨ੍ਹਾਂ ਇਸ ਗੱਲ 'ਤੇ ਖੁਸ਼ੀ ਜ਼ਾਹਰ ਕੀਤੀ ਕਿ ਨੌਜਵਾਨ ਇਸ ਮੁਹਿੰਮ 'ਚ ਵੱਧ-ਚੜ੍ਹ ਕੇ ਸਾਥ ਦੇ ਰਹੇ ਹਨ। ਇਸ ਪੈਦਲ ਮਾਰਚ ਦੌਰਾਨ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਅਤੇ ਹੋਰ ਇਲਾਕਾ ਨਿਵਾਸੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਇਸ ਮੌਕੇ ਸੱਤਾਧਾਰੀ ਸਰਕਾਰ ਦੇ ਨੇਤਾਵਾਂ ਦੀ ਗੈਰ-ਹਾਜ਼ਰੀ ਵੀ ਦੇਖਣ ਨੂੰ ਮਿਲੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
