ਡਰੋਨ ਅੱਤਵਾਦ ਦੇ ਖਤਰੇ ਨੂੰ 550 ਸਾਲਾ ਪ੍ਰਕਾਸ਼ ਪੁਰਬ ਨਾਲ ਨਾ ਜੋੜਿਆ ਜਾਵੇ : ਕੈਪਟਨ
Thursday, Oct 03, 2019 - 08:05 PM (IST)
ਚੰਡੀਗੜ੍ਹ,(ਅਸ਼ਵਨੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਾਕਿਸਤਾਨ ਤੋਂ ਅੱਤਵਾਦ ਦੀ ਕਿਸੇ ਵੀ ਚੁਣੌਤੀ ਦਾ ਮੂੰਹ-ਤੋੜਵਾਂ ਜਵਾਬ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਇਸ ਮੁੱਦੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪਵਿੱਤਰ ਮੌਕੇ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਆਪਸ 'ਚ ਨਹੀਂ ਜੋੜਿਆ ਜਾ ਸਕਦਾ। ਹਾਲ ਹੀ 'ਚ ਬਰਾਮਦ ਹੋਏ 2 ਡਰੋਨ, ਜਿਨ੍ਹਾਂ ਰਾਹੀਂ ਪਾਕਿਸਤਾਨ ਤੋਂ ਪੰਜਾਬ 'ਚ ਹਥਿਆਰਾਂ ਦੀ ਖੇਪ ਭੇਜਣ ਦੀਆਂ ਰਿਪੋਰਟਾਂ ਦੀ ਰੌਸ਼ਨੀ 'ਚ ਸਰਹੱਦ 'ਤੇ ਤਣਾਅਪੂਰਨ ਮਾਹੌਲ ਬਾਰੇ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਕੋਈ ਸਬੰਧ ਨਹੀਂ।
ਇਹ ਪੁੱਛੇ ਜਾਣ 'ਤੇ ਕਿ ਪ੍ਰਧਾਨ ਮੰਤਰੀ ਨਾਲ ਮੀਟਿੰਗ ਦੌਰਾਨ ਇਸ ਮਸਲੇ ਬਾਰੇ ਵਿਚਾਰ-ਵਟਾਂਦਰਾ ਹੋਇਆ ਤਾਂ ਮੁੱਖ ਮੰਤਰੀ ਨੇ ਆਖਿਆ ਕਿ ਉਹ ਪ੍ਰਧਾਨ ਮੰਤਰੀ ਨੂੰ ਸਿਰਫ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਸੱਦਾ ਦੇਣ ਲਈ ਮਿਲੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਸਲੇ ਨਾਲ ਨਿਪਟ ਰਹੀ ਹੈ ਅਤੇ ਕਿਸੇ ਵੀ ਕੀਮਤ 'ਤੇ ਪੰਜਾਬ 'ਚ ਅਮਨ-ਸ਼ਾਂਤੀ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੀ ਅਮਨ-ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵਾਂਗੇ। ਕੈ. ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਨਾ ਸਿਰਫ਼ ਡਰੋਨ ਰਾਹੀਂ ਸਗੋਂ ਘੁਸਪੈਠ ਤੇ ਨਸ਼ੇ ਰਾਹੀਂ ਵੀ ਪੰਜਾਬ 'ਚ ਗੜਬੜ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਅਜਿਹਾ ਕਿਸੇ ਵੀ ਸੂਰਤ 'ਚ ਨਹੀਂ ਹੋਣ ਦੇਵਾਂਗੇ ਅਤੇ ਸਾਨੂੰ ਇਸ 'ਚ ਕੋਈ ਸ਼ੱਕ ਨਹੀਂ ਕਿ ਅਸੀਂ ਅਜਿਹੀ ਸਥਿਤੀ ਦਾ ਟਾਕਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ। ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਡਰੋਨ ਦੀ ਘੁਸਪੈਠ ਦਾ ਪਤਾ ਲੱਗਣ ਦੇ ਮੱਦੇਨਜ਼ਰ ਉਨ੍ਹਾਂ ਨੇ ਭਾਰਤੀ ਹਵਾਈ ਫੌਜ ਅਤੇ ਬੀ. ਐੱਸ. ਐੱਫ. ਨੂੰ ਸਰਹੱਦ 'ਤੇ ਚੌਕਸੀ ਵਧਾਉਣ ਲਈ ਕਿਹਾ ਹੈ।