ਗੁਰੂ ਗੋਬਿੰਦ ਸਿੰਘ ਪਾਰਕ ਨੇੜੇ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ''ਚ 3 ਨੌਜਵਾਨ ਕਾਬੂ
Monday, Jul 27, 2026 - 02:41 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ , ਖੁਰਾਣਾ): ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਗਸ਼ਤ ਅਤੇ ਚੈਕਿੰਗ ਦੌਰਾਨ ਤਿੰਨ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਪੁਲਸ ਨੇ ਤਿੰਨਾਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਪਾਰਟੀ ਏ.ਐੱਸ.ਆਈ. ਚਰਨਜੀਤ ਸਿੰਘ ਦੀ ਅਗਵਾਈ ਵਿਚ ਜਦੋਂ ਕੋਟਕਪੂਰਾ ਚੌਂਕ ਤੋਂ ਕੋਟਕਪੂਰਾ ਬਾਈਪਾਸ ਵੱਲ ਗਸ਼ਤ ਕਰ ਰਹੀ ਸੀ ਤਾਂ ਗੁਰੂ ਗੋਬਿੰਦ ਸਿੰਘ ਪਾਰਕ ਦੇ ਗੇਟ ਸਾਹਮਣੇ ਤਿੰਨ ਨੌਜਵਾਨ ਸ਼ੱਕੀ ਹਾਲਤ ਵਿੱਚ ਖੜ੍ਹੇ ਦਿਖਾਈ ਦਿੱਤੇ। ਪੁਲਸ ਨੂੰ ਉਨ੍ਹਾਂ ਦੇ ਚਿਹਰੇ ਦੇ ਹਾਵ-ਭਾਵ ਤੋਂ ਕਿਸੇ ਨਸ਼ੀਲੇ ਪਦਾਰਥ ਦਾ ਸੇਵਨ ਕੀਤੇ ਹੋਣ ਦਾ ਸ਼ੱਕ ਹੋਇਆ।
ਪੁਲਸ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਤੁਰੰਤ ਤਿੰਨਾਂ ਨੂੰ ਕਾਬੂ ਕਰਕੇ ਜਦੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਗਿਆਨੀ ਪੁੱਤਰ ਬਲਦੇਵ ਸਿੰਘ, ਅੰਮ੍ਰਿਤਪਾਲ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਪ੍ਰਦੀਪ ਸਿੰਘ ਪੁੱਤਰ ਸੁਰਜੀਤ ਸਿੰਘ (ਤਿੰਨੋਂ ਵਾਸੀ ਸ੍ਰੀ ਮੁਕਤਸਰ ਸਾਹਿਬ) ਵਜੋਂ ਹੋਈ। ਇਸ ਤੋਂ ਬਾਅਦ ਪੁਲਸ ਵੱਲੋਂ ਉਕਤ ਨੌਜਵਾਨਾਂ ਦਾ ਸਿਵਲ ਹਸਪਤਾਲ ਵਿਖੇ ਡੋਪ ਟੈਸਟ ਕਰਵਾਇਆ ਗਿਆ। ਡੋਪ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਪੁਲਸ ਨੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਨੰਬਰ 217, ਧਾਰਾ 27/61/85 ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
