ਨਸ਼ੇ ਦੇ ਸੌਦਾਗਰਾਂ ਤੇ ਅਮਨ ਕਾਨੂੰਨ ਭੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਡਾ. ਭਾਰਗਵ

Saturday, Jun 19, 2021 - 07:52 PM (IST)

ਮਾਨਸਾ(ਸੰਦੀਪ ਮਿੱਤਲ)- ਨਸ਼ੇ ਦੇ ਸੌਦਾਗਰਾਂ ਅਤੇ ਅਮਨ ਕਾਨੂੰਨ ਭੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਬਖਸ਼ਿਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਡਾ. ਨਰਿੰਦਰ ਭਾਰਗਵ ਨੇ ਅੱਜ ਇੱਥੇ ਤੀਜੀ ਵਾਰ ਜ਼ਿਲ੍ਹਾ ਪੁਲਸ ਮੁਖੀ ਵਜੋਂ ਅਹੁਦਾ ਸੰਭਾਲਣ ਸਮੇਂ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਕਿਸੇ ਵੀ ਸਰਾਰਤੀ ਅਨਸਰ ਨੂੰ ਜ਼ਿਲ੍ਹੇ ਦਾ ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਨੁਸਾਰ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ ਅਤੇ ਗੈਰਕਾਨੂੰਨੀ ਕੰਮ ਕਰਨ ਵਾਲੇ ਅਨਸਰਾਂ ਨੂੰ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜ ਵਿਚ ਫੈਲੀਆਂ ਬੁਰਾਈਆਂ ਅਤੇ ਨਸ਼ੇ ਵਰਗੇ ਵਧਦੇ ਰੁਝਾਨਾਂ ਨੂੰ ਰੋਕਣ ਲਈ ਪੁਲਸ ਦੀ ਵਿਸ਼ੇਸ਼ ਮੁਹਿੰਮ ਹਰ ਦਿਨ ਨਵੇਂ ਕਾਰਜਾਂ ਨੂੰ ਆਰੰਭ ਕਰਕੇ ਇਸ ਦਾ ਮੁਕੰਮਲ ਖਾਤਮਾ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਦੇ ਨਾਲ ਨੌਜਵਾਨਾਂ ਨੂੰ ਨਸ਼ਾ ਤਿਆਗ ਕੇ ਸਮਾਜਿਕ ਕਲਿਆਣ ਭੂਮਿਕਾ ਵਿਚ ਬਣਦਾ ਯੋਗਦਾਨ ਪਾਉੁਣ ਲਈ ਪ੍ਰੇਰਿਤ ਪ੍ਰੋਗਰਾਮ ਉਲੀਕੇ ਜਾਣੇ ਵੀ ਜ਼ਿਲ੍ਹਾ ਮਾਨਸਾ ਦੀ ਪੁਲਸ ਦੇ ਅਗਲੇ ਪ੍ਰੋਗਰਾਮਾਂ ਦੀ ਰੂਪ ਰੇਖਾ ਹੋਵੇਗੀ।
ਉਨ੍ਹਾਂ ਅੱਗੇ ਗੱਲਬਾਤ ਦੌਰਾਨ ਕਿਹਾ ਕਿ ਅਮਨ ਸ਼ਾਂਤੀ ਨੂੰ ਹਰ ਹਾਲਤ ਵਿਚ ਕਾਇਮ ਰੱਖਿਆ ਜਾਵੇਗਾ। ਜੇਕਰ ਕੋਈ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਸਮਾਜ ਵਿਰੋਧੀ ਅਨਸਰਾਂ, ਨਸ਼ੇੜੀਆਂ ਅਤੇ ਚੋਰੀਆਂ ਡਾਕੇ ਮਾਰਨ ਵਾਲਿਆਂ ਉੁੱਪਰ ਵਿਸ਼ੇਸ਼ ਪੁਲਸ ਸ਼ਿਕੰਜਾ ਕਸਿਆ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਮਾਨਸਾ ਵਿਖੇ ਬਤੌਰ ਐਸ.ਐਸ.ਪੀ. ਡਿਊਟੀ ਕਰ ਚੁੱਕੇ ਹਨ ਅਤੇ ਜ਼ਿਲ੍ਹਾ ਵਾਸੀਆਂ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਹਮੇਸ਼ਾ ਸਹਿਯੋਗ ਕੀਤਾ ਜਾਂਦਾ ਰਿਹਾ ਹੈ। ਉਹਨਾਂ ਨੇ ਮਾਨਸਾ ਨਿਵਾਸੀਆਂ ਵੱਲੋਂ ਸਮੇਂ ਸਮੇਂ 'ਤੇ ਦਿੱਤੇ ਜਾਂਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਲੋਕਾਂ ਦੇ ਸਹਿਯੋਗ ਸਦਕਾ ਹੀ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਵੀ ਨਿਵਾਸੀਆਂ ਨੇ ਪਿੰਡਾਂ ਵਿੱਚ ਸੈਲਫ ਲਾਕਡਾਊਨ ਲਗਾ ਕੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾ ਵੈਕਸੀਨ ਜਰੂਰ ਲਗਵਾਉਣ ਅਤੇ ਆਪਣੇ ਨੇੜਲਿਆਂ ਨੂੰ ਵੀ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਨਾਲ ਹੀ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਮਾਸਕ ਅਤੇ ਹੋਰ ਸਿਹਤ ਸਾਵਧਾਨੀਆਂ ਦੀ ਵਰਤੋਂ ਜ਼ਰੂਰ ਕਰਨ। ਇਸ ਮੌਕੇ ਐਸ.ਪੀ. ਰਾਕੇਸ ਕੁਮਾਰ, ਐਸ.ਪੀ. ਸਤਨਾਮ ਸਿੰਘ ਸਿੱਧੂ , ਐਸ.ਪੀ. ਦਿਗਵਿਜੇ ਕਪਿਲ , ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਮੋਫਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ, ਐਡਵੋਕੇਟ ਗੁਰਲਾਭ ਸਿੰਘ ਮਾਹਲ ਵੀ ਹਾਜ਼ਰ ਸਨ।


Bharat Thapa

Content Editor

Related News