ਮਾਨ ਸਰਕਾਰ ਦਾ ਸੁਪਨਾ, ਨਸ਼ਾ ਮੁਕਤ ਹੋਵੇ ਪੰਜਾਬ
Tuesday, Jan 14, 2025 - 01:47 PM (IST)

ਜਲੰਧਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਦ੍ਰਿੜ੍ਹਤਾ ਨਾਲ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਸੇ ਮੰਤਵ ਲਈ ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ (97791-00200) ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਹੈਲਪਲਾਈਨ ਆਮ ਨਾਗਰਿਕਾਂ ਅਤੇ ਨਸ਼ਾ ਪੀੜਤਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਪ੍ਰਦਾਨ ਕਰਦੀ ਹੈ ਅਤੇ ਨਸ਼ਾ ਛੱਡਣ ਦੇ ਇਰਾਦੇ ਵਾਲੇ ਪੀੜਤਾਂ ਲਈ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਮੀਦ ਹੈ ਕਿ ਇਸ ਨਾਲ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦੀ ਤਸਕਰੀ ਰੋਕਣ ਅਤੇ ਇਸ ਘਿਨਾਉਣੇ ਅਪਰਾਧ ਵਿਚ ਸ਼ਾਮਲ ਵੱਡੀਆਂ ਮੱਛੀਆਂ ਦੀ ਪਛਾਣ ਕਰਨ ਵਿਚ ਮਦਦ ਮਿਲੇਗੀ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਮੌਜੂਦਾ ਵਿਸ਼ੇਸ਼ ਟਾਸਕ ਫੋਰਸ ਦੀ ਬਜਾਏ ‘ਅਪੈਕਸ ਸਟੇਟ ਲੈਵਲ ਡਰੱਗ ਲਾਅ ਇਨਫੋਰਸਮੈਂਟ ਯੂਨਿਟ’ ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐਫ.) ਵਜੋਂ ਨਵਾਂ ਰੂਪ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਸੈੱਲ ਪੁਲਸ ਸਟੇਸ਼ਨ ਸੋਹਾਣਾ, ਸੈਕਟਰ-79 ਐੱਸ.ਏ.ਐੱਸ.ਨਗਰ ਦੀ ਦੂਜੀ ਮੰਜ਼ਿਲ ‘ਤੇ ਕੰਮ ਕਰ ਰਿਹਾ ਹੈ, ਜਿਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਚੇਚੇ ਤੌਰ ਤੇ ਕੀਤਾ ਗਿਆ ਸੀ। ਇਸ ਇਮਾਰਤ ਦਾ ਨਵੀਨੀਕਰਨ 90 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ।
ਸਰਕਾਰ ਵੱਲੋਂ ਕਿ ANTF ਦੀ ਮੌਜੂਦਾ ਮੁਲਾਜ਼ਮਾਂ ਦੀ ਗਿਣਤੀ ਨੂੰ 400 ਤੋਂ ਦੁੱਗਣਾ ਕਰ ਕੇ 861 ਕੀਤਾ ਗਿਆ ਹੈ ਅਤੇ ਪੁਲਸ ਵਿਭਾਗ ਲਈ ਆਉਣ ਵਾਲੀਆਂ 10 ਹਜ਼ਾਰ ਨਵੀਆਂ ਅਸਾਮੀਆਂ ਦੇ ਹਿੱਸੇ ਵਜੋਂ ANTF ਲਈ ਇਹ ਨਵੀਆਂ ਅਸਾਮੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2024-25 ਵਿੱਚ ਏ.ਐਨ.ਟੀ.ਐਫ. ਦੀ ਨਵੀਂ ਸਥਾਪਿਤ ਇੰਟੈਲੀਜੈਂਸ ਅਤੇ ਤਕਨੀਕੀ ਇਕਾਈ ਨੂੰ ਅਤਿ-ਆਧੁਨਿਕ ਏਜੰਸੀ ਵਜੋਂ ਵਿਕਸਤ ਕਰਨ ਲਈ ਹਾਈ-ਟੈੱਕ ਸਾਫਟਵੇਅਰ, ਹਾਰਡਵੇਅਰ ਦੀ ਖ਼ਰੀਦ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ 12 ਕਰੋੜ ਰੁਪਏ ਮੁਹੱਈਆ ਕਰਵਾਏ ਹਨ।