ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ
Thursday, Dec 06, 2018 - 02:39 PM (IST)

ਫਰੀਦਕੋਟ (ਜਗਤਾਰ) - ਫਰੀਦਕੋਟ 'ਚ ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (24) ਸਾਲ ਵਾਸੀ ਫਰੀਦਕੋਟ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਨਸ਼ੇ ਕਰਨ ਦਾ ਆਦੀ ਸੀ ਅਤੇ ਬੀਤੀ ਦੇਰ ਰਾਤ ਵੀ ਉਹ ਬਹੁਤ ਜ਼ਿਆਦਾ ਨਸ਼ਾ ਕਰਕੇ ਘਰ ਆਇਆ ਸੀ।
ਰਾਤ ਦੇ ਸਮੇਂ ਵਧ ਮਾਤਰਾ 'ਚ ਨਸ਼ਾ ਲੈਣ ਕਾਰਨ ਉਸ ਦੀ ਹਾਲਤ ਖਰਾਬ ਹੋ ਗਈ ਸੀ, ਜਿਸ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਰੀਦਕੋਟ ਦਾਖਲ ਕਰਵਾ ਦਿੱਤਾ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਫਰੀਦਕੋਟ ਸਿਟੀ ਦੇ ਐੱਸ. ਐੱਚ. ਓ. ਇਕਬਾਲ ਸਿੰਘ ਨੇ ਕਿਹਾ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।