ਲੁਧਿਆਣਾ ''ਚ 32 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ! ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ
Tuesday, Oct 06, 2026 - 02:08 PM (IST)
ਲੁਧਿਆਣਾ (ਰਾਜ): ਮਹਾਨਗਰ ਦੇ ਥਾਣਾ ਮੇਹਰਬਾਨ ਖੇਤਰ ਅਧੀਨ ਆਉਂਦੀ ਜਸਪਾਲ ਕਾਲੋਨੀ ਵਿਚ ਉਸ ਸਮੇਂ ਭਾਰੀ ਤਣਾਅ ਅਤੇ ਸਨਸਨੀ ਫੈਲ ਗਈ, ਜਦੋਂ ਇਕ ਖਾਲੀ ਪਲਾਟ ਵਿੱਚੋਂ 32 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤ ਵਿਚ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਕਾਕੋਵਾਲ ਰੋਡ ਸਥਿਤ ਇੰਦਰ ਵਿਹਾਰ ਕਾਲੋਨੀ ਨਿਵਾਸੀ ਹਰਦੀਪ ਕੁਮਾਰ ਵਜੋਂ ਹੋਈ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਲਾਸ਼ ਮਿਲਣ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਨਿਵਾਸੀਆਂ ਦਾ ਗੁੱਸਾ ਫੁੱਟ ਪਿਆ ਅਤੇ ਉਨ੍ਹਾਂ ਨੇ ਇਲਾਕੇ ਵਿਚ ਖੁੱਲ੍ਹੇਆਮ ਵਿਕ ਰਹੇ ਨਸ਼ੇ ਤੇ ਪੁਲਸ ਦੀ ਕਾਰਗੁਜ਼ਾਰੀ ਖ਼ਿਲਾਫ਼ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕਰਦਿਆਂ ਧਰਨਾ ਲਗਾ ਦਿੱਤਾ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਜਸਪਾਲ ਕਾਲੋਨੀ ਸਥਿਤ ਇਕ ਸੁਨਸਾਨ ਖਾਲੀ ਪਲਾਟ ਵਿਚ ਸਥਾਨਕ ਲੋਕਾਂ ਨੇ ਇਕ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿਚ ਪਏ ਦੇਖਿਆ। ਨੇੜੇ ਜਾ ਕੇ ਦੇਖਣ 'ਤੇ ਪਤਾ ਲੱਗਾ ਕਿ ਉਸ ਦੇ ਸਾਹ ਰੁਕ ਚੁੱਕੇ ਸਨ। ਘਟਨਾ ਦੀ ਖ਼ਬਰ ਫੈਲਦਿਆਂ ਹੀ ਮੌਕੇ 'ਤੇ ਸੈਂਕੜੇ ਲੋਕਾਂ ਦੀ ਭੀੜ ਜਮ੍ਹਾਂ ਹੋ ਗਈ। ਸੂਚਨਾ ਮਿਲਦਿਆਂ ਹੀ ਥਾਣਾ ਮੇਹਰਬਾਨ ਦੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਮੁਆਇਨਾ ਕਰਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲਿਆ। ਜਾਂਚ ਦੌਰਾਨ ਮ੍ਰਿਤਕ ਦੀ ਸ਼ਨਾਖਤ ਕਾਕੋਵਾਲ ਰੋਡ ਦੀ ਇੰਦਰ ਵਿਹਾਰ ਕਾਲੋਨੀ ਦੇ 32 ਸਾਲਾ ਹਰਦੀਪ ਕੁਮਾਰ ਵਜੋਂ ਕੀਤੀ ਗਈ। ਪੁਲਸ ਨੇ ਤੁਰੰਤ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਅਤੇ ਕਾਨੂੰਨੀ ਪ੍ਰਕਿਰਿਆ ਪੂਰੀ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਲਾਸ਼ ਮਿਲਣ ਤੋਂ ਬਾਅਦ ਜਸਪਾਲ ਕਾਲੋਨੀ ਅਤੇ ਆਸ-ਪਾਸ ਦੇ ਨਿਵਾਸੀਆਂ ਵਿਚ ਪੁਲਸ ਪ੍ਰਸ਼ਾਸਨ ਖ਼ਿਲਾਫ਼ ਡੂੰਘਾ ਰੋਸ ਫੈਲ ਗਿਆ। ਸੈਂਕੜਿਆਂ ਦੀ ਗਿਣਤੀ ਵਿਚ ਔਰਤਾਂ ਅਤੇ ਮਰਦਾਂ ਨੇ ਘਟਨਾ ਸਥਾਨ ਦੇ ਨੇੜੇ ਇਕੱਠੇ ਹੋ ਕੇ ਧਰਨਾ-ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਇਲਾਕੇ ਵਿਚ ਨਸ਼ਾ ਤਸਕਰਾਂ ਦਾ ਜਾਲ ਪੂਰੀ ਤਰ੍ਹਾਂ ਫੈਲਿਆ ਹੋਇਆ ਹੈ। ਪਿਛਲੇ ਮਹਿਜ਼ ਦੋ ਮਹੀਨਿਆਂ ਦੇ ਅੰਦਰ ਖੇਤਰ ਦੇ ਇਕ ਦਰਜਨ ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ ਵਿਚ ਆ ਕੇ ਆਪਣੀ ਜਾਨ ਗੁਆ ਚੁੱਕੇ ਹਨ। ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਉਹ ਕਈ ਵਾਰ ਥਾਣਾ ਮੇਹਰਬਾਨ ਪੁਲਸ ਅਤੇ ਉੱਚ ਅਧਿਕਾਰੀਆਂ ਨੂੰ ਇਲਾਕੇ ਵਿਚ ਸ਼ਰੇਆਮ ਵਿਕ ਰਹੇ ਨਸ਼ੇ ਬਾਰੇ ਨਾਮਜ਼ਦ ਸ਼ਿਕਾਇਤਾਂ ਦੇ ਚੁੱਕੇ ਹਨ, ਪਰ ਪੁਲਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਇਸ ਦਾ ਖਾਮਿਆਜ਼ਾ ਆਏ ਦਿਨ ਨੌਜਵਾਨਾਂ ਨੂੰ ਆਪਣੀ ਜਾਨ ਦੇ ਕੇ ਭੁਗਤਣਾ ਪੈ ਰਿਹਾ ਹੈ।
ਧਰਨੇ 'ਤੇ ਬੈਠੇ ਲੋਕਾਂ ਨੇ ਇਹ ਵੀ ਸਨਸਨੀਖੇਜ਼ ਦਾਅਵਾ ਕੀਤਾ ਕਿ ਜਿਸ ਖਾਲੀ ਪਲਾਟ ਤੋਂ ਹਰਦੀਪ ਦੀ ਲਾਸ਼ ਬਰਾਮਦ ਹੋਈ ਹੈ, ਉਸ ਦੇ ਬਿਲਕੁਲ ਨੇੜੇ ਹੀ ਇਲਾਕੇ ਦੇ ਇਕ ਕਥਿਤ ਵੱਡੇ ਨਸ਼ਾ ਤਸਕਰ ਦਾ ਠਿਕਾਣਾ ਹੈ। ਹੰਗਾਮੇ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੇ ਕਾਂਗਰਸੀ ਆਗੂਆਂ ਨੇ ਭੜਕੇ ਲੋਕਾਂ ਨੂੰ ਸਮਝਾ-ਬੁਝਾ ਕੇ ਸ਼ਾਂਤ ਕਰਵਾਇਆ। ਰਾਜਨੀਤਿਕ ਅਤੇ ਸਮਾਜਿਕ ਨੁਮਾਇੰਦਿਆਂ ਨੇ ਮੰਗ ਚੁੱਕੀ ਕਿ ਮ੍ਰਿਤਕ ਦਾ ਪੋਸਟਮਾਰਟਮ ਡਾਕਟਰਾਂ ਦੇ ਵਿਸ਼ੇਸ਼ ਬੋਰਡ ਤੋਂ ਕਰਵਾਇਆ ਜਾਵੇ ਅਤੇ ਉਸ ਦੇ ਵਿਸਰਾ ਤੇ ਸਰੀਰ ਵਿਚ ਨਸ਼ੀਲੇ ਪਦਾਰਥਾਂ ਦੀ ਮੌਜੂਦਗੀ ਦੀ ਫੋਰੈਂਸਿਕ ਜਾਂਚ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਜੇਕਰ ਜਾਂਚ ਵਿਚ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦੀ ਪੁਸ਼ਟੀ ਹੁੰਦੀ ਹੈ, ਤਾਂ ਸਬੰਧਤ ਨਸ਼ਾ ਤਸਕਰ ਖ਼ਿਲਾਫ਼ ਗੈਰ-ਇਰਾਦਤਨ ਕਤਲ ਜਾਂ ਸਿੱਧੇ ਕਤਲ ਦੀਆਂ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕੀਤੀ ਜਾਣੀ ਚਾਹੀਦੀ ਹੈ।
ਪੋਸਟਮਾਰਟਮ ਰਿਪੋਰਟ ਤੋਂ ਸਾਫ਼ ਹੋਵੇਗਾ ਸੱਚ: ਐੱਸ.ਐੱਚ.ਓ. ਜਗਦੀਪ ਗਿੱਲ
ਮਾਮਲੇ ਦੇ ਸਬੰਧ ਵਿਚ ਥਾਣਾ ਮੇਹਰਬਾਨ ਦੇ ਇੰਚਾਰਜ ਇੰਸਪੈਕਟਰ ਜਗਦੀਪ ਗਿੱਲ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 174 ਦੀ ਮੁੱਢਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.ਐੱਚ.ਓ. ਨੇ ਕਿਹਾ ਕਿ ਮੌਤ ਦੀ ਅਸਲ ਵਜ੍ਹਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਵਿਗਿਆਨਕ ਤੌਰ 'ਤੇ ਸਪੱਸ਼ਟ ਹੋ ਸਕੇਗੀ। ਪੁਲਸ 'ਤੇ ਢਿੱਲਮੱਠ ਦੇ ਦੋਸ਼ਾਂ ਨੂੰ ਨਕਾਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਪੁਲਸ ਕਮਿਸ਼ਨਰੇਟ ਦੇ ਨਿਰਦੇਸ਼ਾਂ 'ਤੇ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਇਲਾਕੇ ਵਿਚ ਕਿਸੇ ਵੀ ਸੂਰਤ ਵਿਚ ਨਸ਼ਾ ਤਸਕਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਇਸ ਮਾਮਲੇ ਵਿਚ ਕਿਸੇ ਤਸਕਰ ਦੀ ਸ਼ਮੂਲੀਅਤ ਪਾਈ ਜਾਂਦੀ ਹੈ, ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
