ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ

Monday, Mar 02, 2026 - 11:54 AM (IST)

ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ

ਲੁਧਿਆਣਾ (ਰਾਜ): ਟਿੱਬਾ ਇਲਾਕੇ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇਕ ਖਾਲੀ ਪਲਾਟ ਵਿਚ ਇਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿਚ ਪਈ ਮਿਲੀ। ਮ੍ਰਿਤਕ ਦੀ ਪਛਾਣ ਰਾਜੂ ਵਜੋਂ ਹੋਈ ਹੈ, ਜੋ ਪਹਿਲਾਂ ਇਕ ਪੈਟਰੋਲ ਪੰਪ 'ਤੇ ਕੰਮ ਕਰਦਾ ਸੀ। ਰਾਜੂ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਘਰ ਦਾ ਸਹਾਰਾ ਸੀ। ਲੋਕਾਂ ਨੇ ਜਦੋਂ ਪਲਾਟ ਵਿਚ ਬੇਜਾਨ ਹਾਲਤ ਵਿਚ ਨੌਜਵਾਨ ਨੂੰ ਪਿਆ ਦੇਖਿਆ ਤਾਂ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਟਿੱਬਾ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।

ਸ਼ੁਰੂਆਤੀ ਜਾਂਚ ਅਤੇ ਆਸ-ਪਾਸ ਦੇ ਹਾਲਾਤ ਨੂੰ ਦੇਖਦੇ ਹੋਏ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ, ਹਾਲਾਂਕਿ ਪੁਲਸ ਅਜੇ ਇਸ ਮਾਮਲੇ ਵਿਚ ਕੁਝ ਵੀ ਸਪੱਸ਼ਟ ਕਹਿਣ ਤੋਂ ਬਚ ਰਹੀ ਹੈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ। ਥਾਣਾ ਪੁਲਸ ਦਾ ਕਹਿਣਾ ਹੈ ਕਿ ਮੌਤ ਦੇ ਅਸਲੀ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਪਾਵੇਗਾ। ਉੱਥੇ ਹੀ, ਇਕਲੌਤੇ ਭਰਾ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਭੈਣਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਸ ਹੁਣ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਨੌਜਵਾਨ ਉਸ ਖਾਲੀ ਪਲਾਟ ਤੱਕ ਕਿਵੇਂ ਪਹੁੰਚਿਆ ਅਤੇ ਉਸ ਦੇ ਨਾਲ ਉਸ ਵੇਲੇ ਕੌਣ-ਕੌਣ ਮੌਜੂਦ ਸੀ।


author

Anmol Tagra

Content Editor

Related News