ਜਗਰਾਓਂ ''ਚ ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ

Saturday, Mar 28, 2026 - 12:18 PM (IST)

ਜਗਰਾਓਂ ''ਚ ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ

ਜਗਰਾਓਂ (ਮਾਲਵਾ)- ਸਥਾਨਕ ਮੁਹੱਲਾ ਮਾਈ ਜੀਨਾ ਵਿਖੇ ਇਕ 26 ਸਾਲਾ ਨੌਜਵਾਨ ਦੀ ਭੇਤਭਰੇ ਹਾਲਾਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇਕਬਾਲ ਸਿੰਘ ਉਰਫ਼ ਰਿੰਕੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਸ ਮੌਤ ਦੇ ਪਿੱਛੇ ਨਸ਼ੇ ਦੀ ਵਰਤੋਂ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਮ੍ਰਿਤਕ ਦੇ ਪਿਤਾ ਬਲਦੇਵ ਸਿੰਘ ਅਤੇ ਚਾਚਾ ਹਰੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਕੁਝ ਸਮੇਂ ਤੋਂ ਬੀਮਾਰ ਚੱਲ ਰਿਹਾ ਸੀ ਅਤੇ ਨਸ਼ੇ ਦਾ ਆਦੀ ਸੀ। ਬਾਅਦ ਦੁਪਹਿਰ 2.30 ਵਜੇ ਮੁਹੱਲੇ ਦੇ ਹੀ 2 ਨੌਜਵਾਨ ਇਕਬਾਲ ਨੂੰ ਉਨ੍ਹਾਂ ਦੇ ਘਰ ਛੱਡ ਕੇ ਗਏ ਸਨ। ਇਸ ਘਟਨਾ ਦੇ ਥੋੜ੍ਹੀ ਦੇਰ ਬਾਅਦ ਹੀ ਇਕਬਾਲ ਦੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਹੱਲਾ ਨਿਵਾਸੀਆਂ ਨੇ ਪ੍ਰਸ਼ਾਸਨ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਇਲਾਕੇ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਪਰ ਪੁਲਸ ਵੱਲੋਂ ਇਸ ਨੂੰ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਦੋਸ਼ ਲਾਇਆ ਕਿ ਜੇਕਰ ਪੁਲਸ ਵਲੋਂ ਇਕਾ-ਦੁੱਕਾ ਨਸ਼ਾ ਸਮੱਗਲਰਾਂ ਨੂੰ ਕਾਬੂ ਕੀਤਾ ਵੀ ਜਾਂਦਾ ਹੈ ਤਾਂ ਉਹ ਜਲਦੀ ਹੀ ਛੁੱਟ ਕੇ ਮੁੜ ਆਪਣੇ ਇਸੇ ਕਾਲੇ ਕਾਰੋਬਾਰ ਵਿਚ ਲੱਗ ਜਾਂਦੇ ਹਨ।

ਮੁਹੱਲਾ ਵਾਸੀਆਂ ਨੇ ਦਾਅਵਾ ਕੀਤਾ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਬਲਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਮੁਹੱਲੇ ਦੇ 4-5 ਨੌਜਵਾਨ ਨਸ਼ੇ ਦੀ ਭੇਟ ਚੜ੍ਹ ਕੇ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਮੁਖੀ ਇੰਸ. ਪਰਮਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਉਨ੍ਹਾਂ ਨੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਹੈ।

ਇੰਸ. ਪਰਮਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ ਅਤੇ ਰਿਪੋਰਟ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।


author

Anmol Tagra

Content Editor

Related News