ਡੀ. ਸੀ. ਵੱਲੋਂ ਨਸ਼ਾ ਛੁਡਾਉੂ ਕੇਂਦਰ ਤੇ ਸਿਵਲ ਹਸਪਤਾਲ ਦਾ ਦੌਰਾ

Thursday, Jul 05, 2018 - 12:41 AM (IST)

 ਗੁਰਦਾਸਪੁਰ,   (ਜਗ ਬਾਣੀ ਟੀਮ)-  ਅੱਜ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਨੇ ਸਿਵਲ ਹਸਪਤਾਲ ਬੱਬਰੀ ਗੁਰਦਾਸਪੁਰ ਨੇਡ਼ੇ ਚਲਾਏ ਜਾ ਰਹੇ ਨਸ਼ਾ ਛੁਡਾਊ ਅਤੇ ਮੁਡ਼ ਵਸੇਬਾ ਕੇਂਦਰ ਦਾ ਅਚਨਚੇਤ ਦੌਰਾ ਕਰ ਕੇ ਨਸ਼ਾ ਛੱਡਣ ਆਏ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਕੱਤਰ ਸਿੰਘ ਬੱਲ ਐੱਸ. ਡੀ. ਐੱਮ., ਡਾ. ਕਿਸ਼ਨ ਚੰਦ ਸਿਵਲ ਸਰਜਨ, ਡਾ. ਵਿਜੇ ਕੁਮਾਰ ਐੱਸ. ਐੱਮ. ਓ. ਅਤੇ ਡਾ. ਵਰਿੰਦਰ ਮੋਹਨ ਵੀ ਮੌਜੂਦ ਸਨ। 
ਡਿਪਟੀ ਕਮਿਸ਼ਨਰ  ਨੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਉਹ ਦ੍ਰਿਡ਼ ਇਰਾਦਾ ਬਣਾ ਕੇ ਨਸ਼ੇ ਛੱਡਣ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪਰਿਵਾਰ ਖਤਮ ਹੋ ਰਹੇ ਹਨ ਅਤੇ ਸਮਾਜਿਕ ਤਾਣਾ-ਬਾਣਾ ਵੀ ਉਲਝ ਗਿਆ ਹੈ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨਾਲ ਆਏ ਮਾਪਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਇਸ ਬੀਮਾਰੀ ਤੋਂ ਮੁਕਤ ਕਰਨ ਲਈ ਪੂਰਾ ਸਹਿਯੋਗ ਦੇਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਸਖਤ ਰੁਖ ਅਪਣਾਇਆ ਜਾ ਰਿਹਾ ਹੈ ਅਤੇ ਜੋ ਲੋਕ ਨਸ਼ਿਆਂ ਦਾ ਵਪਾਰ ਕਰਦੇ ਹਨ ਉਨਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਓਟ ਸੈਂਟਰ ਅਤੇ ਸਿਵਲ ਹਸਪਤਾਲ ਦਾ ਵੀ ਦੌਰਾ ਕੀਤਾ ਅਤੇ ਇਥੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। 


Related News