ਗਾਹਕਾਂ ਨੂੰ ਹੈਰੋਇਨ ਵੇਚ ਰਿਹਾ ਨਸ਼ਾ ਤਸਕਰ ਗ੍ਰਿਫ਼ਤਾਰ, ਖ਼ੁਦ ਵੀ ਨਸ਼ਾ ਕਰਨ ਦਾ ਹੈ ਆਦੀ

02/14/2024 11:52:34 AM

ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ਼  ਛੇੜੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਇਕ ਨਸ਼ਾ ਤਸਕਰ ਨੂੰ ਹੈਰੋਇਨ ਦੀ ਖ਼ੇਪ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਮੁਹੱਲਾ ਅਜੀਤ ਨਗਰ ਕੋਲ ਇਕ ਖਾਲੀ ਪਲਾਟ ’ਚ ਇਕ ਵਿਅਕਤੀ ਗਾਹਕਾਂ ਨੂੰ ਹੈਰੋਇਨ ਵੇਚ ਰਿਹਾ ਹੈ, ਜਿਸ ’ਤੇ ਥਾਣਾ ਮੁਖੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਥਾਣੇਦਾਰ ਰਾਜ ਕੁਮਾਰ ਦੀ ਟੀਮ ਨੂੰ ਮੌਕੇ ’ਤੇ ਭੇਜਿਆ। ਜਦੋਂ ਪੁਲਸ ਮੌਕੇ ’ਤੇ ਪੁੱਜੀ ਤਾਂ ਉੱਥੇ ਖੜ੍ਹਾ ਵਿਅਕਤੀ ਪੁਲਸ ਨੂੰ ਦੇਖ ਕੇ ਪਿੱਛੇ ਮੁੜ ਕੇ ਭੱਜਣ ਲੱਗਾ ਪਰ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਤੁਰੰਤ ਕਾਬੂ ਕਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਸ ਨੇ ਤੁਰੰਤ ਉਸ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਸੋਹਣ ਸਿੰਘ ਨਿਵਾਸੀ ਪਿੰਡ ਤਲਵੰਡੀ ਕਲਾਂ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਸਲੇਮ ਟਾਬਰੀ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁਲਜ਼ਮ ’ਤੇ ਪਹਿਲਾਂ ਵੀ ਕਈ ਮਾਮਲੇ ਦਰਜ
ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਬਲਵਿੰਦਰ ਪਿਛਲੇ ਕਈ ਸਾਲਾਂ ਤੋਂ ਨਸ਼ਾ ਵੇਚਣ ਦਾ ਕੰਮ ਕਰ ਰਿਹਾ ਹੈ, ਜਿਸ ’ਤੇ ਪਹਿਲਾਂ ਵੀ ਥਾਣਾ ਸਲੇਮ ਟਾਬਰੀ ’ਚ 2 ਅਤੇ ਡਵੀਜ਼ਨ-3 ’ਚ ਇਕ ਕੇਸ ਦਰਜ ਹੈ। ਮੁਲਜ਼ਮ ਖ਼ੁਦ ਵੀ ਨਸ਼ਾ ਕਰਨ ਦਾ ਆਦੀ ਹੈ। ਮੁਲਜ਼ਮ ਦਾ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਕਿ ਉਸ ਦੇ ਸਾਥੀਆਂ ਬਾਰੇ ਪੁੱਛਗਿੱਛ ਕੀਤੀ ਜਾ ਸਕੇ।


Babita

Content Editor

Related News