100 ਦਿਨਾਂ ’ਚ ਜ਼ਿਲ੍ਹਾ ਫਾਜ਼ਿਲਕਾ ’ਚ 432 ਨਸ਼ਾ ਤਸਕਰ ਗ੍ਰਿਫ਼ਤਾਰ

Tuesday, Jun 10, 2025 - 10:47 AM (IST)

100 ਦਿਨਾਂ ’ਚ ਜ਼ਿਲ੍ਹਾ ਫਾਜ਼ਿਲਕਾ ’ਚ 432 ਨਸ਼ਾ ਤਸਕਰ ਗ੍ਰਿਫ਼ਤਾਰ

ਫਾਜ਼ਿਲਕਾ/ਜਲਾਲਾਬਾਦ (ਜ. ਬ., ਬਜਾਜ) : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਫਾਜ਼ਿਲਕਾ ਪੁਲਸ ਵੱਲੋਂ 100 ਦਿਨਾਂ ਦੀ ਇਸ ਮੁਹਿੰਮ ਦੌਰਾਨ ਹੁਣ ਤੱਕ 432 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਐੱਸ. ਐੱਸ. ਪੀ. ਗੁਰਮੀਤ ਸਿੰਘ ਨੇ ਮੀਡੀਆ ਨਾਲ ਸਾਂਝੀ ਕੀਤੀ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ 1 ਮਾਰਚ ਤੋਂ ਲੈ ਕੇ 8 ਜੂਨ ਤੱਕ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਜ਼ਿਲ੍ਹੇ ’ਚ 322 ਮੁਕੱਦਮੇ ਦਰਜ ਕੀਤੇ ਗਏ ਹਨ।

ਪੰਜਾਬ ਸਰਕਾਰ ਵੱਲੋਂ ਨਸ਼ੇ ਰੋਕਣ ਲਈ ਵਿੱਢੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਪੁਲਸ ਵੱਲੋਂ ਵਿਆਪਕ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ ਪਿੱਛਲੇ 100 ਦਿਨਾਂ ’ਚ ਭਾਵ ਇਸ ਮੁਹਿੰਮ ਦੇ ਸ਼ੁਰੂ ਹੋਣ ਦੇ ਦਿਨ ਤੋਂ ਲੈ ਕੇ ਹੁਣ ਤੱਕ 13 ਕਿਲੋਗ੍ਰਾਮ 656 ਗ੍ਰਾਮ ਹੈਰੋਇਨ, 3 ਕਿੱਲੋ 180 ਗ੍ਰਾਮ ਅਫ਼ੀਮ, 514 ਕਿੱਲੋ 811 ਗਰਾਮ ਪੋਸਤ, 1,06,536 ਨਸ਼ੇ ਵਾਲੀਆਂ ਗੋਲੀਆਂ ਅਤੇ 2,45,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਸ ਤੋਂ ਇਲਾਵਾ ਐੱਨ. ਡੀ. ਪੀ. ਐੱਸ. ਐਕਟ ਅਤੇ ਬੀ. ਐੱਨ. ਐੱਸ. ਤਹਿਤ ਕੁੱਲ ਮਿਲਾ ਕੇ 8,11,377 ਪ੍ਰੈਗਾਬਾਲਿਨ ਕੈਪਸੂਲ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ’ਚ ਜਾਗਰੂਕਤਾ ਕੈਂਪ ਲਾ ਕੇ ਨਸ਼ੇ ਤੋਂ ਪੀੜਤਾਂ ਨੂੰ ਇਲਾਜ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਐੱਸ. ਐੱਸ. ਪੀ. ਗੁਰਮੀਤ ਸਿੰਘ ਨੇ ਸਖਤ ਸ਼ਬਦਾਂ ’ਚ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਲਈ ਇਕੋ ਥਾਂ ਜੇਲ ਹੈ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਇਸ ਕਾਲੇ ਕਾਰੋਬਾਰ ’ਚ ਲੱਗਿਆ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।


author

Babita

Content Editor

Related News