ਗੁਰੂਹਰਸਹਾਏ ਦੀ ਪੁਲਸ ਨੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ
Tuesday, Jun 24, 2025 - 04:14 PM (IST)

ਗੁਰੂਹਰਸਹਾਏ (ਕਾਲੜਾ) : ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਤੇਜ਼ ਕਰਦਿਆਂ ਥਾਣਾ ਗੁਰੂਹਰਸਹਾਏ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਇਕ ਨਸ਼ਾ ਤਸਕਰ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇੰਸਪੈਕਟਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਪਾਰਟੀ ਇਲਾਕੇ ਵਿਚ ਗਸ਼ਤ ਅਤੇ ਚੈਕਿੰਗ ਦੌਰਾਨ ਸਰਗਰਮ ਸੀ। ਇਸੇ ਦੌਰਾਨ ਇਕ ਖ਼ਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਅਜੇ ਪੁੱਤਰ ਮੰਗਤ ਰਾਮ ਵਾਸੀ ਝਾਵਲਾ ਜੋ ਨਸ਼ਿਆਂ ਦੀ ਤਸਕਰੀ ਦਾ ਆਦੀ ਹੈ, ਹੈਰੋਇਨ ਵੇਚਣ ਦੀ ਨੀਅਤ ਨਾਲ ਕਬਰਿਸਤਾਨ ਗੁਰੂਹਰਸਹਾਏ ਦੇ ਨੇੜੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ।
ਇਸ ਸੂਚਨਾ ’ਤੇ ਤੁਰੰਤ ਐਕਸ਼ਨ ਲੈਂਦਿਆਂ ਪੁਲਸ ਨੇ ਛਾਪੇਮਾਰੀ ਕਰ ਕੇ ਦੋਸ਼ੀ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਦੋਸ਼ੀ ਦੀ ਜੇਬ ਵਿੱਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਲਿਆ। ਇੰਸਪੈਕਟਰ ਨੇ ਅੱਗੇ ਦੱਸਿਆ ਕਿ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਸ ਨੂੰ ਸ਼ੱਕ ਹੈ ਕਿ ਦੋਸ਼ੀ ਦੇ ਸੰਪਰਕ ਵਿਚ ਹੋਰ ਵੀ ਵਿਅਕਤੀ ਹੋ ਸਕਦੇ ਹਨ, ਜਿਨ੍ਹਾਂ ਦੀ ਪਛਾਣ ਲਈ ਤਫ਼ਤੀਸ਼ ਨੂੰ ਹੋਰ ਡੂੰਘਾ ਕੀਤਾ ਜਾ ਰਿਹਾ ਹੈ।