ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ
Monday, Jul 27, 2026 - 06:53 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਨੇ ਗੈਰ-ਕਾਨੂੰਨੀ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 230 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਏਐਸਆਈ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਇਲਾਕੇ ਵਿਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਮੰਗੇ ਦਾ ਪੰਪ, ਗੋਨੇਆਣਾ ਚੌਂਕ ਅਤੇ ਅਬੋਹਰ ਚੌਂਕ ਵੱਲ ਜਾ ਰਹੀ ਸੀ। ਜਦੋਂ ਪੁਲਸ ਟੀਮ ਮੇਲਾ ਗਰਾਊਂਡ ਮਲੋਟ ਰੋਡ ਕੋਲ ਪੁੱਜੀ ਤਾਂ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੰਦੀਪ ਕੁਮਾਰ ਉਰਫ਼ ਦੀਪਾ ਪੁੱਤਰ ਧਰਮਪਾਲ, ਵਾਸੀ ਸ੍ਰੀ ਮੁਕਤਸਰ ਸਾਹਿਬ ਬਿਨਾਂ ਕਿਸੇ ਲਾਇਸੰਸ ਜਾਂ ਪਰਮਿਟ ਦੇ ਪਾਬੰਦੀਸ਼ੁਦਾ ਕੈਪਸੂਲ ਲਿਆ ਕੇ ਅੱਗੇ ਵੇਚਣ ਦਾ ਧੰਦਾ ਕਰਦਾ ਹੈ।
ਮੁਖਬਰ ਨੇ ਦੱਸਿਆ ਕਿ ਉਕਤ ਮੁਲਜ਼ਮ ਮਲੋਟ ਰੋਡ 'ਤੇ ਗਊਸ਼ਾਲਾ ਕੋਲ ਕੈਪਸੂਲ ਲੈ ਕੇ ਕਿਸੇ ਦੀ ਉਡੀਕ ਕਰ ਰਿਹਾ ਹੈ। ਪੁਲਸ ਨੇ ਪੱਕੀ ਇਤਲਾਹ ਦੇ ਆਧਾਰ 'ਤੇ ਤੁਰੰਤ ਛਾਪੇਮਾਰੀ ਕਰਕੇ ਮੁਲਜ਼ਮ ਨੂੰ 230 ਕੈਪਸੂਲਾਂ ਸਮੇਤ ਹਿਰਾਸਤ ਵਿੱਚ ਲੈ ਲਿਆ। ਇਸ ਸਬੰਧ ਵਿਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
