ਪਾਕਿਸਤਾਨ ਤੋਂ ਡਰੋਨ ਰਾਹੀ ਨਸ਼ਾ ਮੰਗਵਾਉਣ ਵਾਲੇ ਮੁਲਜ਼ਮ ਚੜ੍ਹੇ ਪੁਲਸ ਅੜਿੱਕੇ
Sunday, Apr 05, 2026 - 07:41 PM (IST)
ਅੰਮ੍ਰਿਤਸਰ (ਗੁਰਿੰਦਰ ਸਾਗਰ): ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੂੰ ਇਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਸ ਨੇ ਕਾਰਵਾਈ ਕਰਦੇ ਹੋਏ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਤੋਂ 4.13 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਦੇ ਮੁਤਾਬਕ ਦੋਵੇਂ ਦੋਸ਼ੀ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ੇ ਦੀ ਖੇਪ ਮੰਗਵਾਉਂਦੇ ਸਨ ਅਤੇ ਉਸ ਨੂੰ ਮਾਝਾ ਅਤੇ ਦੁਆਬਾ ਖੇਤਰਾਂ ਵਿਚ ਸਪਲਾਈ ਕਰਦੇ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀਆਂ ਦੇ ਸੰਪਰਕ ਯੂਰਪ ਵਿਚ ਬੈਠੇ ਨਸ਼ਾ ਤਸਕਰਾਂ ਅਤੇ ਜੇਲ੍ਹ ਵਿਚ ਬੰਦ ਕੁਝ ਕਾਰਕੁਨਾਂ ਨਾਲ ਸਨ। ਇਹ ਗਿਰੋਹ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ੇ ਦੀ ਖੇਪ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਫੈਲਾਉਣ ਦਾ ਕੰਮ ਕਰਦਾ ਸੀ। ਪੁਲਸ ਵੱਲੋਂ ਕੀਤੀ ਗਈ ਕਾਰਵਾਈ ਨਾਲ ਇਸ ਨਸ਼ਾ ਤਸਕਰੀ ਦੇ ਜਾਲ ਨੂੰ ਵੱਡਾ ਝਟਕਾ ਲੱਗਿਆ ਹੈ।
ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਆਤਿਸ਼ ਸੁਮਨ ਅਤੇ ਸੁਖਵਿੰਦਰ ਉਰਫ਼ ਸੁੰਦਰੀ ਵਜੋਂ ਹੋਈ ਹੈ। ਆਤਿਸ਼ ਸੁਮਨ ਫਗਵਾੜਾ ਦੇ ਨੇੜਲੇ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਸ ਨੇ ਡੀਜ਼ਲ ਮਕੈਨਿਕ ਦਾ ਡਿਪਲੋਮਾ ਕੀਤਾ ਹੋਇਆ ਹੈ ਅਤੇ ਮਹਿੰਦਰਾ ਕੰਪਨੀ ਵਿਚ ਮਕੈਨਿਕ ਵਜੋਂ ਕੰਮ ਕਰਦਾ ਸੀ। ਉਸ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ ਅਤੇ ਪੁਲਸ ਮੁਤਾਬਕ ਉਸ ਦੇ ਯੂਰਪ ਵਿਚ ਬੈਠੇ ਨਸ਼ਾ ਤਸਕਰਾਂ ਨਾਲ ਸਿੱਧੇ ਸੰਪਰਕ ਸਨ। ਉਸ ਦੇ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਪਿਛਲੇ ਕੁਝ ਸਮੇਂ ਤੋਂ ਉਹ ਨਸ਼ਾ ਤਸਕਰੀ ਦੇ ਕੰਮ ਵਿਚ ਕਾਫੀ ਸਰਗਰਮ ਸੀ। ਦੂਜਾ ਮੁਲਜ਼ਮ ਸੁਖਵਿੰਦਰ ਉਰਫ਼ ਸੁੰਦਰੀ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਬੋਪਾਰਾਏ ਕਲਾ ਦਾਂ ਰਹਿਣ ਵਾਲਾ ਹੈ। ਉਸ ਦੀ ਉਮਰ 28 ਸਾਲ ਹੈ ਅਤੇ ਉਹ ਦਸਵੀਂ ਪਾਸ ਹੈ। ਉਹ ਡਰਾਈਵਰੀ ਦਾ ਕੰਮ ਕਰਦਾ ਸੀ। ਪੁਲਸ ਮੁਤਾਬਕ ਉਸ ਦੇ ਖਿਲਾਫ ਵੀ ਪਹਿਲਾਂ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਵੀ ਨਸ਼ਾ ਤਸਕਰੀ ਦੇ ਇਸ ਗਿਰੋਹ ਨਾਲ ਜੁੜਿਆ ਹੋਇਆ ਸੀ।
ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਾਲ 2026 ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਹੁਣ ਤੱਕ ਐੱਨਡੀਪੀਐਸ ਐਕਟ ਹੇਠ 488 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਅਤੇ 840 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਸ ਵੱਲੋਂ 31 ਕਿਲੋਗ੍ਰਾਮ ਤੋਂ ਵੱਧ ਹੀਰੋਇਨ ਅਤੇ 18 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਜਾ ਚੁੱਕੀ ਹੈ। ਇਸ ਮਾਮਲੇ ਵਿਚ ਹੋਰ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਤੱਕ ਵੀ ਪਹੁੰਚ ਕੀਤੀ ਜਾ ਸਕੇ।
