ਲੁਧਿਆਣਾ ''ਚ 8 ਨਸ਼ਾ ਤਸਕਰ ਗ੍ਰਿਫ਼ਤਾਰ, ਹੈਰੋਇਨ, ਗਾਂਜਾ ਤੇ ਨਸ਼ੀਲੀਆਂ ਗੋਲੀਆਂ ਬਰਾਮਦ

Wednesday, Apr 08, 2026 - 06:54 PM (IST)

ਲੁਧਿਆਣਾ ''ਚ 8 ਨਸ਼ਾ ਤਸਕਰ ਗ੍ਰਿਫ਼ਤਾਰ, ਹੈਰੋਇਨ, ਗਾਂਜਾ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਲੁਧਿਆਣਾ (ਗੌਤਮ): ਪੁਲਸ ਕਮਿਸ਼ਨਰੇਟ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਨਾਕਾਬੰਦੀ ਕਰਕੇ ਵੱਖ-ਵੱਖ ਇਲਾਕਿਆਂ ਵਿਚੋਂ 8 ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 109 ਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਗਾਂਜਾ ਅਤੇ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਥਾਣਾ ਮਾਡਲ ਟਾਊਨ ਦੀ ਪੁਲਸ ਨੇ ਇਲਾਕੇ ਵਿਚ ਗਸ਼ਤ ਦੌਰਾਨ ਹੈਰੋਇਨ ਸਪਲਾਈ ਕਰਨ ਜਾ ਰਹੇ ਇਕ ਤਸਕਰ ਨੂੰ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਤੋਂ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।  ਮੁਲਜ਼ਮ ਦੀ ਪਛਾਣ ਬਸਤੀ ਜੋਧੇਵਾਲ ਪੰਚਸ਼ੀਲ ਕਾਲੋਨੀ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਵਜੋਂ ਕੀਤੀ ਹੈ। ਇਸੇ ਥਾਣੇ ਦੀ ਪੁਲਸ ਨੇ ਇਕ ਹੋਰ ਤਸਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 20 ਗ੍ਰਾਮ ਹੈਰੋਇਨ, ਪਲਾਸਟਿਕ ਦੇ ਲਿਫਾਫੇ ਅਤੇ 5300 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਮਨਮੋਹਨ ਨਗਰ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਵਜੋਂ ਕੀਤੀ ਹੈ। ਇਸੇ ਥਾਣੇ ਦੀ ਪੁਲਸ ਨੇ ਇਕ ਤਸਕਰ ਨੂੰ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਦੇ ਦੋਸ਼ ਵਿਚ ਦਬੋਚਿਆ ਹੈ। ਪੁਲਸ ਨੇ ਮੁਲਜ਼ਮ ਤੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। 

ਇਸੇ ਤਰ੍ਹਾਂ ਥਾਣਾ ਦਰੇਸੀ ਦੀ ਪੁਲਸ ਨੇ ਹੈਰੋਇਨ ਦੀ ਸਪਲਾਈ ਕਰਨ ਜਾ ਰਹੇ ਨੌਜਵਾਨ ਨੂੰ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਤੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਨਿਊ ਜੈ ਸ਼ਕਤੀ ਨਗਰ ਟਿੱਬਾ ਰੋਡ ਦੇ ਰਹਿਣ ਵਾਲੇ ਸਤੀਸ਼ ਕੁਮਾਰ ਵਜੋਂ ਕੀਤੀ ਹੈ। ਥਾਣਾ ਸਦਰ ਦੀ ਪੁਲਸ ਨੇ ਧਾਂਧਰਾ ਰੋਡ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਕਾਰਵਾਈ ਕਰਦੇ ਹੋਏ ਹੈਰੋਇਨ ਸਪਲਾਈ ਕਰਨ ਜਾ ਰਹੇ ਨੌਜਵਾਨ ਨੂੰ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਤੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਦੁਗਰੀ ਦੀ ਪੁਲਸ ਨੇ 200 ਫੁੱਟਾ ਰੋਡ 'ਤੇ ਫਲਾਈ ਓਵਰ ਪੁਲ ਦੇ ਕੋਲ ਨਾਕਾਬੰਦੀ ਦੌਰਾਨ ਚੈਕਿੰਗ ਕਰਦੇ ਹੋਏ ਇਕ ਨਸ਼ਾ ਤਸਕਰ ਨੂੰ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਤੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਸ ਨੇ ਸ਼ੇਰਪੁਰ ਚੌਕ ਦੇ ਕੋਲ ਜੀ.ਟੀ. ਰੋਡ 'ਤੇ ਮਿਲਟਰੀ ਕੈਂਪ ਦੇ ਨੇੜੇ ਨਾਕਾਬੰਦੀ ਦੌਰਾਨ ਪੈਦਲ ਜਾ ਰਹੇ ਨੌਜਵਾਨ ਨੂੰ ਹੈਰੋਇਨ ਤਸਕਰੀ ਕਰਨ ਦੇ ਦੋਸ਼ ਵਿਚ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਤੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। 

ਇਸੇ ਦੌਰਾਨ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਇਲਾਕੇ ਵਿਚ ਧੱਕਾ ਕਾਲੋਨੀ ਦੇ ਕੋਲ ਕੀਤੀ ਗਈ ਨਾਕਾਬੰਦੀ ਦੌਰਾਨ ਚੈਕਿੰਗ ਕਰਦੇ ਹੋਏ ਨਸ਼ਾ ਤਸਕਰ ਨੂੰ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਤੋਂ 2 ਕਿਲੋਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਪਿੰਡ ਢੰਡਾਰੀ ਕਲਾਂ ਦੇ ਰਹਿਣ ਵਾਲੇ ਸਤਪਾਲ ਮੰਡਲ ਵਜੋਂ ਕੀਤੀ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਦੇ ਹੋਰ ਸੰਪਰਕਾਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਨਸ਼ਾ ਕਿੱਥੋਂ ਲੈ ਕੇ ਆਉਂਦੇ ਸਨ ਅਤੇ ਕਿੱਥੇ ਸਪਲਾਈ ਕਰਦੇ ਸਨ।


author

Anmol Tagra

Content Editor

Related News