75 ਲੱਖ ਰੁਪਏ ਦੀ ਭੁੱਕੀ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ

Thursday, May 21, 2026 - 05:27 PM (IST)

75 ਲੱਖ ਰੁਪਏ ਦੀ ਭੁੱਕੀ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ

ਬਰਨਾਲਾ (ਪੁਨੀਤ): ਬਰਨਾਲਾ ਪੁਲਸ ਨੇ ਇਕ ਵੱਡੀ ਕਾਰਵਾਈ ਕਰਦਿਆਂ 15 ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਗਈ ਨਸ਼ੀਲੇ ਪਦਾਰਥ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 75 ਲੱਖ ਰੁਪਏ ਦੱਸੀ ਜਾ ਰਹੀ ਹੈ।

ਸੀਨੀਅਰ ਕਪਤਾਨ ਪੁਲਸ ਬਰਨਾਲਾ ਮੁਹੰਮਦ ਸਰਫਰਾਜ ਆਲਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਰਾਹੀਂ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਬਾਹਰਲੇ ਸੂਬਿਆਂ ਤੋਂ ਟਰੱਕ ਵਿਚ ਭਾਰੀ ਮਾਤਰਾ ਵਿਚ ਭੁੱਕੀ ਚੂਰਾ ਪੋਸਤ ਲਿਆ ਕੇ ਪੰਜਾਬ ਵਿਚ ਵੇਚਣ ਦਾ ਧੰਦਾ ਕਰਦੇ ਹਨ। ਇਸ ਸੂਚਨਾ ਦੇ ਆਧਾਰ 'ਤੇ ਸੀ.ਆਈ.ਏ ਸਟਾਫ ਬਰਨਾਲਾ ਵੱਲੋਂ ਹੰਡਿਆਇਆ ਚੌਂਕ ਨੇੜੇ ਨਾਕਾਬੰਦੀ ਕੀਤੀ ਗਈ।

ਤਲਾਸ਼ੀ ਦੌਰਾਨ ਇਕ 14 ਟਾਇਰੀ ਟਰੱਕ (ਨੰਬਰ PB-46-M-9409) ਨੂੰ ਰੋਕਿਆ ਗਿਆ, ਜਿਸ ਵਿਚੋਂ 60 ਬੋਰੀਆਂ ਭੁੱਕੀ ਚੂਰਾ ਪੋਸਤ (ਕੁੱਲ 15 ਕੁਇੰਟਲ) ਬਰਾਮਦ ਹੋਈ। ਪੁਲਸ ਨੇ ਮੌਕੇ 'ਤੇ ਹੀ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਬਲਜਿੰਦਰ ਸਿੰਘ ਉਰਫ ਜਿੰਦਾ ਪੁੱਤਰ ਹਰਵਿੰਦਰ ਸਿੰਘ ਵਾਸੀ ਧਰਮਕੋਟ (ਜ਼ਿਲ੍ਹਾ ਮੋਗਾ) ਅਤੇ ਸੁਖਦੇਵ ਸਿੰਘ ਉਰਫ ਸੁਖਚੈਨ ਸਿੰਘ ਪੁੱਤਰ ਮਲਕੀਤ ਸਿੰਘ, ਵਾਸੀ ਕੁੱਸੇ (ਜ਼ਿਲ੍ਹਾ ਲੁਧਿਆਣਾ) ਵਜੋਂ ਹੋਈ ਹੈ। 

ਪੁਲਸ ਰਿਕਾਰਡ ਅਨੁਸਾਰ, ਮੁਲਜ਼ਮ ਬਲਜਿੰਦਰ ਸਿੰਘ ਉਰਫ ਜਿੰਦਾ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਅਤੇ ਕਤਲ ਵਰਗੇ ਗੰਭੀਰ ਮਾਮਲੇ ਦਰਜ ਹਨ। ਉਸ 'ਤੇ ਸਾਲ 2011ਅਤੇ 2015 ਵਿਚ NDPS ਐਕਟ ਅਤੇ 2014 ਵਿਚ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਹੋਏ ਸਨ। ਜਦਕਿ ਦੂਜੇ ਮੁਲਜ਼ਮ ਸੁਖਦੇਵ ਸਿੰਘ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ ਹੈ। ਥਾਣਾ ਸਿਟੀ ਬਰਨਾਲਾ ਵਿਖੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 244, ਮਿਤੀ 20-05-2026 ਨੂੰ NDPS ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
 


author

Anmol Tagra

Content Editor

Related News