ਡੀ. ਸੀ. ਨੇ ਨਸ਼ੇ ਤੋਂ ਪ੍ਰਭਾਵਤ ਲੋਕਾਂ ਦੀ ਮਦਦ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ, 24 ਘੰਟੇ ਰਹੇਗਾ ਚਾਲੂ

Wednesday, Jun 26, 2024 - 05:58 PM (IST)

ਡੀ. ਸੀ. ਨੇ ਨਸ਼ੇ ਤੋਂ ਪ੍ਰਭਾਵਤ ਲੋਕਾਂ ਦੀ ਮਦਦ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ, 24 ਘੰਟੇ ਰਹੇਗਾ ਚਾਲੂ

ਲੁਧਿਆਣਾ (ਵਿੱਕੀ) : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਬੁੱਧਵਾਰ ਨੂੰ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐੱਨ.ਸੀ.ਆਰ.ਡੀ) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੁਧਿਆਣਾ ਨੂੰ ਨਸ਼ਾ ਮੁਕਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ। ਇਸ ਮੀਟਿੰਗ ਦੌਰਾਨ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਨਾਲ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਛੱਡਣ ਵਾਲੇ ਵਿਅਕਤੀਆਂ ਲਈ ਸਹਿਯੋਗੀ 24x7 ਹੈਲਪਲਾਈਨ (0161-4257457) ਚਲਾਈ ਜਾ ਰਹੀ ਹੈ, ਜਿੱਥੇ ਉਹ ਕਾਲ ਕਰਕੇ ਨਸ਼ਾ ਛੱਡਣ ਲਈ ਇਲਾਜ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਹੈਲਪਲਾਈਨ ਨੇੜਲੇ ਨਸ਼ਾ ਛੁਡਾਊ/ਓ.ਓ.ਏ.ਟੀ ਕੇਂਦਰਾਂ ਵਿਚ ਇਲਾਜ ਯਕੀਨੀ ਬਣਾ ਕੇ ਉਨ੍ਹਾਂ ਨੂੰ ਹਰ ਸਹਾਇਤਾ ਪ੍ਰਦਾਨ ਕਰੇਗੀ। ਉਨ੍ਹਾਂ ਨੇ ਐੱਸ.ਡੀ.ਐੱਮਜ਼ ਅਤੇ ਸਿਹਤ ਅਧਿਕਾਰੀਆਂ ਨੂੰ ਹੌਟਸਪਾਟ ਖੇਤਰਾਂ ਦੀ ਸੂਚੀ ਬਣਾਉਣ ਲਈ ਵੀ ਕਿਹਾ ਜਿੱਥੇ ਵੱਡੀ ਗਿਣਤੀ ਵਿਚ ਨਸ਼ੇ 'ਤੇ ਨਿਰਭਰ ਹਨ।  ਉਨ੍ਹਾਂ ਨੇ ਇਨ੍ਹਾਂ ਸਥਾਨਾਂ ਦੇ ਖੇਤਰਾਂ ਵਿਚ ਨੌਜਵਾਨਾਂ ਦੇ ਮਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕਾਂ, ਸਕਿੱਟਾਂ ਜਾਂ ਹੋਰ ਖੇਡ ਗਤੀਵਿਧੀਆਂ ਦੀ ਲੋੜ 'ਤੇ ਜ਼ੋਰ ਦਿੱਤਾ।

ਡਿਪਟੀ ਕਮਿਸ਼ਨਰ ਸਾਹਨੀ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਉਹ ਜ਼ਿਲ੍ਹੇ ਨੂੰ ਨਸ਼ਾ ਮੁਕਤ ਜ਼ੋਨ ਬਣਾਉਣ ਲਈ ਆਪਣੇ ਅਦਾਰਿਆਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ। ਉਨ੍ਹਾਂ ਨੂੰ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸੰਸਥਾਵਾਂ ਖੁੱਲ੍ਹਣ 'ਤੇ ਨੌਜਵਾਨਾਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਗਤੀਵਿਧੀਆਂ ਦਾ ਕੈਲੰਡਰ ਦੇਣ ਲਈ ਵੀ ਕਿਹਾ। ਉਨ੍ਹਾਂ ਨੂੰ ਆਪਣੇ ਅਦਾਰਿਆਂ ਵਿਚ ਬੱਡੀ ਗਰੁੱਪਾਂ ਨੂੰ ਮੁੜ ਸਰਗਰਮ ਕਰਨ ਲਈ ਵੀ ਕਿਹਾ ਗਿਆ। ਉਨ੍ਹਾਂ ਸਿਹਤ ਵਿਭਾਗ ਨੂੰ ਲੁਧਿਆਣਾ ਦੇ ਵੱਖ-ਵੱਖ ਹਿੱਸਿਆਂ ਵਿਚ ਮੈਡੀਕਲ ਕੈਂਪ ਲਗਾਉਣ ਅਤੇ ਨਸ਼ਿਆਂ ਦੇ ਨੁਕਸਾਨਦੇਹ ਪ੍ਰਭਾਵਾਂ, ਓ.ਓ.ਏ.ਟੀ ਅਤੇ ਮੁੜ ਵਸੇਬਾ ਕੇਂਦਰਾਂ ਬਾਰੇ ਜਾਣਕਾਰੀ ਦੇਣ ਦੇ ਆਦੇਸ਼ ਦਿੱਤੇ। ਉਨ੍ਹਾਂ ਸੁਝਾਅ ਦਿੱਤਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਨਸ਼ਾ ਮੁਕਤ ਜ਼ਿਲ੍ਹੇ ਵਿਚ ਸਹਾਈ ਸਿੱਧ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲਕਦਮੀ ਕੀਤੀ ਜਾਵੇਗੀ। ਉਨ੍ਹਾਂ ਨੇ ਸੁਧਾਰ ਅਤੇ ਨਸ਼ੇ 'ਤੇ ਨਿਰਭਰ ਲੋਕਾਂ ਲਈ ਹੁਨਰ ਵਿਕਾਸ ਕੋਰਸਾਂ ਬਾਰੇ ਵੀ ਚਰਚਾ ਕੀਤੀ। 

ਡਿਪਟੀ ਕਮਿਸ਼ਨਰ ਨੇ ਐੱਸ.ਡੀ.ਐਮਜ਼ ਨੂੰ ਵੀ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿਚ ਜ਼ੋਰਦਾਰ ਜਾਗਰੂਕਤਾ ਮੁਹਿੰਮਾਂ ਚਲਾਉਣ ਨੂੰ ਯਕੀਨੀ ਬਣਾਉਣ ਜਿੱਥੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਚੁਣਨ ਲਈ ਪ੍ਰੇਰਿਤ ਵੀ ਕਰਨ। ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਵੀ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਕਾਰਵਾਈ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਕਿਹਾ ਕਿ ਇਸ ਵਿਚ ਸ਼ਾਮਲ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਪੂਰੀ ਤਰ੍ਹਾਂ ਬੰਦ ਹੋ ਚੁੱਕੀ ਹੈ।  ਬਾਅਦ ਵਿਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਵੀ ਹਾਜ਼ਰੀਨ ਨੂੰ ਸਹੁੰ ਚੁਕਾਈ।


author

Gurminder Singh

Content Editor

Related News