ਨਸ਼ਿਆਂ ਖ਼ਿਲਾਫ਼ ਜੰਗ : ਇੱਕ ਹਫ਼ਤੇ ''ਚ 5 ਕਿੱਲੋ ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਣੇ 241 ਨਸ਼ਾ ਤਸਕਰ ਕਾਬੂ

Monday, Jan 23, 2023 - 04:25 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਫ਼ੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ 173 ਐੱਫ. ਆਈ. ਆਰਜ਼. ਦਰਜ ਕੀਤੀਆਂ ਹਨ। ਇਨ੍ਹਾਂ 'ਚ 18 ਵਪਾਰਕ ਮਾਮਲੇ ਹਨ ਅਤੇ 241 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੰਸਪੈਕਟਰ ਜਨਰਲ ਆਫ਼ ਪੁਲਸ (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਸ ਨੇ ਦੋਸ਼ੀਆਂ ਕੋਲੋਂ 5 ਕਿੱਲੋ ਹੈਰੋਇਨ, 4.90 ਕਿੱਲੋ ਅਫ਼ੀਮ, 5.92 ਕੁਇੰਟਲ ਭੁੱਕੀ ਅਤੇ 1.95 ਲੱਖ ਫਾਰਮਾ ਓਪੀਓਡਜ਼ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 7.89 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਪਿਛਲੇ ਹਫ਼ਤੇ ਦੌਰਾਨ ਐੱਨ. ਡੀ. ਪੀ. ਐੱਸ ਕੇਸਾਂ 'ਚ 13 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 636 ਹੋ ਗਈ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ 'ਮਾਈਨਿੰਗ' ਦੇ ਸਾਰੇ ਟੈਂਡਰ ਕੀਤੇ ਰੱਦ, ਘੱਟਣਗੇ ਰੇਤ-ਬੱਜਰੀ ਦੇ ਭਾਅ

ਆਈ. ਜੀ. ਪੀ. ਨੇ ਦੱਸਿਆ ਕਿ ਪੰਜਾਬ ਪੁਲਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ ਅਤੇ 234 ਐੱਫ. ਆਈ. ਆਰਜ਼. ਦਰਜ ਕਰਕੇ ਚਾਈਨਾ ਡੋਰ ਦੇ 11364 ਬੰਡਲ ਬਰਾਮਦ ਕੀਤੇ ਹਨ ਅਤੇ ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 255 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਸ ਚਾਈਨਾ ਡੋਰ ਨੂੰ ਖ਼ਰੀਦਣ/ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀ. ਪੀਜ਼./ਐੱਸ. ਐੱਸ. ਪੀਜ਼. ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ 'ਚ ਖ਼ਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਿਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਗਣਤੰਤਰ ਦਿਹਾੜੇ 'ਤੇ ਪੰਜਾਬ ਪੁਲਸ ਦੇ 11 ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਸਨਮਾਨਿਤ, ਪੜ੍ਹੋ ਪੂਰੀ ਸੂਚੀ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀ. ਜੀ. ਪੀ. ਨੇ ਸਾਰੇ ਸੀ. ਪੀਜ਼./ਐੱਸ. ਐੱਸ. ਪੀਜ਼. ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਨ੍ਹਾਂ ਸਾਰੇ ਹਾਟ ਸਪਾਟਸ ਦੀ ਸ਼ਨਾਖਤ ਕੀਤੀ ਜਾਵੇ, ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਨ੍ਹਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਿਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਨ੍ਹਾਂ ਪੁਲਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜ੍ਹੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਨਾਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News