ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਾ ਸਮੱਗਲਰਾਂ ’ਤੇ ਸ਼ਿਕੰਜਾ ਕੱਸਦਿਆਂ ਦਰਜ ਕੀਤੀਆਂ 806 FIR : ਡੀ. ਸੀ.

07/24/2020 8:33:59 AM

ਜਲੰਧਰ, (ਚੋਪੜਾ)–ਜ਼ਿਲ੍ਹਾ ਪ੍ਰਸ਼ਾਸਨ ਨੇ ਨਾਜਾਇਜ਼ ਸ਼ਰਾਬ ਸਮੱਗਲਿੰਗ ਵਿਚ ਸ਼ਾਮਲ 806 ਲੋਕਾਂ ਖਿਲਾਫ ਐੱਫ. ਆਈ. ਆਰਜ਼ ਦਰਜ ਕਰਦਿਆਂ 781 ਦੋਸ਼ੀਆਂ ਕੋਲੋਂ 63994 ਸ਼ਰਾਬ ਦੀਆਂ ਬੋਤਲਾਂ ਜ਼ਬਤ ਕਰ ਕੇ ਉਨ੍ਹਾਂ ਨੂੰ ਸੀਖਾਂ ਪਿੱਛੇ ਕੀਤਾ ਹੈ। 

ਉਕਤ ਜਾਣਕਾਰੀ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਚ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਉਨ੍ਹਾਂ ਵਿੱਤ ਕਮਿਸ਼ਨਰ (ਐਕਸਾਈਜ਼ ਐਂਡ ਟੈਕਸੇਸ਼ਨ, ਟੈਕਸੇਸ਼ਨ ਕਮਿਸ਼ਨਰ ਅਤੇ ਐਕਸਾਈਜ਼ ਕਮਿਸ਼ਨਰ) ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਵੀ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਬਕਾਰੀ ਅਤੇ ਪੁਲਸ ਵਿਭਾਗ ਦੀਆਂ ਟੀਮਾਂ ਵਲੋਂ ਜ਼ਿਲ੍ਹੇ ਵਿਚ ਸ਼ਰਾਬ ਦੀ ਸਮੱਗਲਿੰਗ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰਦਿਆਂ 1103 ਗੋਦਾਮਾਂ, ਮੈਰਿਜ ਪੈਲੇਸਾਂ, ਰਾਈਸ ਮਿੱਲਾਂ ਅਤੇ ਸ਼ੈਲਰਾਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨੇ ਪਹਿਲਾਂ ਹੀ ਜ਼ਿਲ੍ਹੇ ਵਿਚ ਸ਼ਰਾਬ ਦੀ ਸਮੱਗਲਿੰਗ ਅਤੇ ਨਸ਼ਿਆਂ ਸਬੰਧੀ ਸੂਚਨਾ ਦੇਣ ਲਈ ਹੈਲਪਲਾਈਨ ਨੰਬਰ 85569-18229 ਜਾਰੀ ਕੀਤਾ ਹੋਇਆ ਹੈ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੁਲਸ ਪ੍ਰਸ਼ਾਸਨ ਵਲੋਂ ਆਬਕਾਰੀ ਵਿਭਾਗ ਨਾਲ ਮਿਲ ਕੇ ਤਹਿਸੀਲ ਅਤੇ ਸਬ-ਡਵੀਜ਼ਨ ਪੱਧਰ ’ਤੇ ਸਾਂਝੇ ਤੌਰ ’ਤੇ ਸੰਜੀਦਾ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ।


Lalita Mam

Content Editor

Related News